ਪਾਵਰਕਾਮ ਦਾ ਸਹਾਇਕ ਲਾਈਨਮੈਨ 15,000 ਰੁਪਏ ਤੇ ਮਾਲ ਪਟਵਾਰੀ 500 ਰੁਪਏ ਰਿਸ਼ਵਤ ਲੈਦੇ ਵਿਜੀਲੈਂਸ ਵੱਲੋਂ ਰੰਗੇ ਹੱਥੀ ਕਾਬੂ

4526664
Total views : 5288977

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
52 ਲੱਖ ਦਾ ਅੰਕੜਾ ਕੀਤਾ ਪਾਰ


ਸੁਖਮਿੰਦਰ ਸਿੰਘ ‘ਗੰਡੀ ਵਿੰਡ’
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਬਲਬੇੜਾ, ਜ਼ਿਲ੍ਹਾ ਪਟਿਆਲਾ ਵਿਖੇ ਤਕਨੀਕੀ ਸਹਾਇਕ ਲਾਈਨ ਮੈਨ (ਏਐਲਐਮ) ਵਜੋਂ ਤਾਇਨਾਤ ਚਰਨਜੀਤ ਸਿੰਘ, ਜੋ ਬਤੌਰ ਖ਼ਪਤਕਾਰ ਕਲਰਕ ਵਜੋਂ ਕੰਮ ਕਰ ਰਿਹਾ ਹੈ,  ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਉਕਤ ਮੁਲਜ਼ਮ ਬਿਲਾਸਪੁਰ ਡੇਰੇ, ਬਾਜ਼ੀਗਰ ਬਸਤੀ, ਪਟਿਆਲਾ ਵਿਖੇ ਰਹਿ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਹਰਿੰਦਰ ਸਿੰਘ ਵਾਸੀ ਪਿੰਡ ਦੁਲਬਾ, ਜ਼ਿਲ੍ਹਾ ਪਟਿਆਲਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਦੇ ਦਾਦੇ ਦੀ ਮਲਕੀਅਤ ਵਾਲਾ ਟਿਊਬਵੈੱਲ ਬਿਜਲੀ ਕੁਨੈਕਸ਼ਨ ਉਸਦੇ ਨਾਮ ‘ਤੇ ਤਬਦੀਲ ਕਰਨ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕਿ ਉਕਤ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਮਾਲ ਰਿਕਾਰਡ ਵਿੱਚ ਸੋਧ ਕਰਨ ਬਦਲੇ ਮੁਲਜ਼ਮ ਪਹਿਲਾਂ ਵੀ ਲੈ ਚੁੱਕਾ ਹੈ 1000 ਰੁਪਏ
ਮਾਲ ਹਲਕਾ ਪਿੰਡ ਬੁਰਜ ਰਾਠੀ, ਜ਼ਿਲ੍ਹਾ ਮਾਨਸਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਧਨੀ ਚੰਦ ਨੂੰ ਰਿਸ਼ਵਤ ਦੀ ਮੰਗ ਕਰਨ ਅਤੇ 500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਮੁਲਾਜ਼ਮ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਭਾਈ ਦੇਸਾ ਦੇ ਵਸਨੀਕ ਨਿਸ਼ਾਨ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਉਸ ਦੀ ਜ਼ਮੀਨ ਦੇ ਮਾਲ ਰਿਕਾਰਡ ਵਿੱਚ ਸੋਧ ਕਰਨ ਬਦਲੇ ਰਿਸ਼ਵਤ ਵਜੋਂ 1500 ਰੁਪਏ ਦੀ ਮੰਗ ਕੀਤੀ ਸੀ ਅਤੇ ਮੌਕੇ ‘ਤੇ ਹੀ 1000 ਰੁਪਏ ਲੈ ਲਏ ਸਨ ਅਤੇ ਹੁਣ ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਮੰਗ ਰਿਹਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 500 ਰੁਪਏ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-  
Share this News