





Total views : 5973481







Total views : 5973481ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਬਾਰਡਰ ਨਿਊਜ ਸਰਵਿਸ
ਆਮ ਆਦਮੀ ਪਾਰਟੀ ਦੇ ਏਜੰਡੇ ਅਤੇ ਪਿਛਲੀਆਂ ਸਰਕਾਰਾਂ ਦੀ ਰਾਜਨੀਤੀ ਵਿਚਕਾਰ ਸਪੱਸ਼ਟ ਫਰਕ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਸਿਆਸੀ ਵਿਵਾਦਾਂ ਦੀ ਬਜਾਏ ਲੋਕ ਭਲਾਈ, ਵਿਕਾਸ ਅਤੇ ਠੋਸ ਨਤੀਜਿਆਂ ਦੇ ਆਧਾਰ ‘ਤੇ ਲੜੀਆਂ ਜਾਣਗੀਆਂ।
ਪੱਟੀ ਵਿਧਾਨ ਸਭਾ ਹਲਕੇ ਦੇ ਪਿੰਡ ਸਭਰਾ ਵਿਖੇ ਕਰਵਾਈ ‘ਲੋਕ ਮਿਲਣੀ’ ਦੌਰਾਨ ਉਨ੍ਹਾਂ ਨੇ ਖੇਤੀਬਾੜੀ ਵਿੱਚ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ, ਜਿਸ ਵਿੱਚ ਨਹਿਰੀ ਪਾਣੀ ਦੀ ਵਰਤੋਂ ਨੂੰ 22 ਫ਼ੀਸਦ ਤੋਂ ਵਧਾ ਕੇ 88 ਫ਼ੀਸਦ ਕਰਨਾ ਅਤੇ 14,000 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਉਣਾ ਸ਼ਾਮਲ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਆਈਏਐਸ ਅਤੇ ਆਈਪੀਐਸ ਅਧਿਕਾਰੀ ਬਣਨ ਵਿੱਚ ਮਦਦ ਕਰਨ ਲਈ ਮੁਫ਼ਤ ਯੂਪੀਐਸਸੀ ਕੋਚਿੰਗ ਕੇਂਦਰ ਖੋਲ੍ਹਣ ਦਾ ਐਲਾਨ ਵੀ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਤਰਜੀਹ ਪੰਜਾਬ ਦੇ ਅੰਦਰ ਰੁਜ਼ਗਾਰ ਅਤੇ ਸਿੱਖਿਆ ਦੇ ਮੌਕੇ ਪੈਦਾ ਕਰਨਾ ਹੈ ਤਾਂ ਜੋ ਇੱਥੋਂ ਦੇ ਨੌਜਵਾਨਾਂ ਨੂੰ ਵਿਦੇਸ਼ ਜਾਣ ਲਈ ਮਜਬੂਰ ਨਾ ਹੋਣਾ ਪਵੇ। ਉਨ੍ਹਾਂ ਨੇ ‘ਜਾਗਤ ਜੋਤ ਸਤਿਕਾਰ ਸੋਧ ਐਕਟ’ ਰਾਹੀਂ ਧਾਰਮਿਕ ਭਾਵਨਾਵਾਂ ਦੀ ਰਾਖੀ ਕਰਨ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ ਅਤੇ ਭਰੋਸਾ ਪ੍ਰਗਟਾਇਆ ਕਿ ਮਾਝੇ ਦੇ ਲੋਕ 2027 ਵਿੱਚ ‘ਆਪ’ ਨੂੰ ਵੱਡਾ ਜਨਤਕ ਫਤਵਾ ਦੇਣਗੇ।
‘ਲੋਕ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹੁਣ ਸਮਾਂ ਆ ਗਿਆ ਹੈ ਕਿ ਸਿਆਸੀ ਵਿਵਾਦਾਂ ਅਤੇ ਬਿਆਨਬਾਜ਼ੀ ਤੋਂ ਉੱਪਰ ਉੱਠ ਕੇ ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ‘ਤੇ ਧਿਆਨ ਦਿੱਤਾ ਜਾਵੇ। ‘ਲੋਕ ਮਿਲਣੀ’ ਕੋਈ ਸਿਆਸੀ ਰੈਲੀ ਨਹੀਂ, ਸਗੋਂ ਲੋਕਾਂ ਦੇ ਜੀਵਨ, ਉਨ੍ਹਾਂ ਦੀਆਂ ਚਿੰਤਾਵਾਂ ਅਤੇ ਉਮੀਦਾਂ ਬਾਰੇ ਚਰਚਾ ਕਰਨ ਦਾ ਇੱਕ ਜ਼ਰੀਆ ਹੈ। ਮੈਂ ਇੱਥੋਂ ਦੇ ਵਸਨੀਕਾਂ, ਖਾਸ ਕਰਕੇ ਸਾਡੀਆਂ ਮਾਵਾਂ-ਭੈਣਾਂ ਦਾ ਧੰਨਵਾਦੀ ਹਾਂ ਜੋ ਇੰਨੀ ਵੱਡੀ ਗਿਣਤੀ ਵਿੱਚ ਇੱਥੇ ਪਹੁੰਚੀਆਂ ਹਨ। ਉਨ੍ਹਾਂ ਦਾ ਪਿਆਰ ਅਤੇ ਸਮਰਥਨ ਮੈਨੂੰ ਪੰਜਾਬ ਲਈ ਹੋਰ ਸਖ਼ਤ ਮਿਹਨਤ ਕਰਨ ਦੀ ਤਾਕਤ ਦਿੰਦਾ ਹੈ।”
ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਦਾ ਧਿਆਨ ਸਿੱਖਿਆ ਅਤੇ ਅਗਲੀ ਪੀੜ੍ਹੀ ਨੂੰ ਸਮਰੱਥ ਬਣਾਉਣ ‘ਤੇ ਕੇਂਦਰਿਤ ਹੈ। ਸਾਨੂੰ ਹੋਰ ਕਾਲਜਾਂ, ਯੂਨੀਵਰਸਿਟੀਆਂ ਅਤੇ ਬਿਹਤਰ ਵਿਦਿਅਕ ਮੌਕਿਆਂ ਦੀ ਲੋੜ ਹੈ ਤਾਂ ਜੋ ਸਾਡੇ ਬੱਚੇ ਰੌਸ਼ਨ ਭਵਿੱਖ ਬਣਾ ਸਕਣ। ਲੋਕਾਂ ਵੱਲੋਂ ਇੱਕ ਕਾਲਜ ਅਤੇ ਇੱਕ ਮੈਡੀਕਲ ਕਾਲਜ ਦੀ ਕੀਤੀ ਗਈ ਮੰਗ ਨੂੰ ਜਲਦ ਹੀ ਪੂਰਾ ਕੀਤਾ ਜਾਵੇਗਾ। ਅਸੀਂ ਮੁਫ਼ਤ ਯੂਪੀਐਸਸੀ ਕੋਚਿੰਗ ਕੇਂਦਰ ਵੀ ਸਥਾਪਤ ਕਰਾਂਗੇ ਤਾਂ ਜੋ ਆਮ ਪਰਿਵਾਰਾਂ ਦੇ ਬੱਚੇ ਸਿਵਲ ਸੇਵਾਵਾਂ ਦੀਆਂ ਪ੍ਰੀਖਿਆਵਾਂ ਲਈ ਤਿਆਰੀ ਕਰ ਸਕਣ ਅਤੇ ਆਈਏਐਸ ਅਤੇ ਆਈਪੀਐਸ ਅਧਿਕਾਰੀ ਬਣ ਸਕਣ।”
ਆਪਣੀ ਸਰਕਾਰ ਦੀਆਂ ਤਰਜੀਹਾਂ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, “ਰੁਜ਼ਗਾਰ, ਸਿੱਖਿਆ, ਖੇਤੀ ਸੁਧਾਰ ਅਤੇ ਬੁਨਿਆਦੀ ਢਾਂਚੇ ਦਾ ਵਿਕਾਸ ਪੰਜਾਬ ਦੇ ਭਵਿੱਖ ਲਈ ਬੇਹੱਦ ਜ਼ਰੂਰੀ ਹਨ। ਅਸੀਂ ਸੂਬੇ ਦੇ ਅੰਦਰ ਹੀ ਅਜਿਹੇ ਮੌਕੇ ਪੈਦਾ ਕਰਨ ਲਈ ਕੰਮ ਕਰ ਰਹੇ ਹਾਂ ਤਾਂ ਜੋ ਸਾਡੇ ਨੌਜਵਾਨਾਂ ਨੂੰ ਬਿਹਤਰ ਭਵਿੱਖ ਦੀ ਭਾਲ ਵਿੱਚ ਵਿਦੇਸ਼ ਨਾ ਜਾਣਾ ਪਵੇ। ਮੈਂ ਅਦਾਕਾਰੀ ਅਤੇ ਕਾਮੇਡੀ ਦੇ ਖੇਤਰ ਵਿੱਚ ਆਪਣਾ ਸਫਲ ਕਰੀਅਰ ਛੱਡ ਦਿੱਤਾ ਕਿਉਂਕਿ ਮੈਂ ਪੰਜਾਬ ਦੇ ਲੋਕਾਂ ਦੀ ਸੇਵਾ ਕਰਨਾ ਚਾਹੁੰਦਾ ਸੀ। ਜਨਤਕ ਜੀਵਨ ਵਿੱਚ ਮੇਰਾ ਮਕਸਦ ਲੋਕਾਂ ਲਈ ਕੰਮ ਕਰਨਾ ਅਤੇ ਉਨ੍ਹਾਂ ਦੇ ਸੁੱਖ-ਦੁੱਖ ਵਿੱਚ ਸ਼ਾਮਲ ਹੋਣਾ ਹੈ।”
ਮਾਝਾ ਖੇਤਰ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਲੋਕ ਭਲਾਈ, ਖੇਤੀਬਾੜੀ ਨਾਲ ਜੁੜੇ ਬੁਨਿਆਦੀ ਢਾਂਚੇ, ਸਿੱਖਿਆ ਅਤੇ ਰੁਜ਼ਗਾਰ ਨੂੰ ਤਰਜੀਹ ਦੇਣੀ ਜਾਰੀ ਰੱਖਾਂਗੇ। ਪੰਜਾਬ ਦਾ ਭਵਿੱਖ ਇੱਥੋਂ ਦੇ ਲੋਕਾਂ, ਖਾਸ ਕਰਕੇ ਨੌਜਵਾਨਾਂ ‘ਤੇ ਨਿਰਭਰ ਕਰਦਾ ਹੈ। ਸਾਨੂੰ ਇੱਕਜੁੱਟ ਰਹਿਣਾ ਚਾਹੀਦਾ ਹੈ ਅਤੇ ਵਿਕਾਸ ‘ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ ਅਤੇ ਸਾਨੂੰ ਸਿਆਸੀ ਪਾਰਟੀਆਂ ਨੂੰ ਆਪਣੇ ਨਿੱਜੀ ਹਿੱਤਾਂ ਲਈ ਸਾਡੇ ਦਰਮਿਆਨ ਫੁੱਟ ਪਾਉਣਾ ਦਾ ਮੌਕਾ ਨਹੀਂ ਦੇਣਾ ਚਾਹੀਦਾ।”
ਅਖੀਰ ਵਿੱਚ ਉਨ੍ਹਾਂ ਕਿਹਾ, “ਇਸ ‘ਲੋਕ ਮਿਲਣੀ’ ਦੌਰਾਨ ਲਿਖਤੀ ਰੂਪ ਵਿੱਚ ਸੌਂਪੀ ਗਈ ਹਰ ਮੰਗ ਦੇ ਨਿਪਟਾਰੇ ਲਈ ਕਾਰਵਾਈ ਕੀਤੀ ਜਾਵੇਗੀ। ਸਾਡੀ ਸਰਕਾਰ ਦਾ ਲੋਕਾਂ ਨਾਲ ਸਿੱਧਾ ਸੰਪਰਕ ਹੈ ਅਤੇ ਮੈਂ ਹਮੇਸ਼ਾ ਉਨ੍ਹਾਂ ਲਈ ਹਾਜ਼ਰ ਰਹਾਂਗਾ। ਸਾਡੀ ਪਹਿਲ ਲੋਕਾਂ ਦੀਆਂ ਚਿੰਤਾਵਾਂ ਸੁਣਨਾ, ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਉਨ੍ਹਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਾ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੁਰੂ ਕਰੋ-
——–


