ਪੁਲਿਸ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਦੇਰ ਰਾਤ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ, ਪੁਲਿਸ ਥਾਣਾ ਕੈਂਟ ਅਤੇ ਵੱਖ-ਵੱਖ ਨਾਕਿਆਂ ਦੀ ਅਚਨਚੇਤ ਚੈਕਿੰਗ

4969479
Total views : 5974037

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ 

ਅੰਮ੍ਰਿਤਸਰ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਈ ਰੱਖਣ, ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਅਤੇ ਆਮ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ, ਕਮਿਸ਼ਨਰ ਪੁਲਿਸ ਅੰਮ੍ਰਿਤਸਰ, ਸ੍ਰੀ ਹਰਮਨਬੀਰ ਸਿੰਘ ਗਿੱਲ, IPS ਵੱਲੋਂ ਰਾਤ ਸ਼ਹਿਰ ਦੇ ਸੁਰੱਖਿਆ ਪ੍ਰਬੰਧਾਂ ਦਾ ਖੁਦ ਜਾਇਜ਼ਾ ਲਿਆ ਗਿਆ। ਇਸ ਸਮੇ ਉਨਾਂ ਨਾਲ ਡੀ.ਸੀ.ਪੀ (ਅਪਰੇਸ਼ਨ)ਜੁਗਰਾਜ ਸਿੰਘ ਕਲੇਰ ਅਤੇ ਡੀ.ਸੀ.ਪੀ ਲਾਅ ਐਡ ਆਰਡਰ ਸ: ਰਵਿੰਦਰਪਾਲ ਸਿੰਘ ਵੀ ਹਾਜਰ ਸਨ।

ਨਾਈਟ ਡੋਮੀਨੇਸ਼ਨ ਮੁਹਿੰਮ ਤਹਿਤ ਸਖ਼ਤ ਚੌਕਸੀ ਦੇ ਨਿਰਦੇਸ਼

ਇਸ ਦੌਰਾਨ ਪੁਲਿਸ ਕਮਿਸ਼ਨਰ ਵੱਲੋਂ ਪੁਲਿਸ ਥਾਣਾ ਕੈਂਟ  ਦੀ ਚੈਕਿੰਗ ਕੀਤੀ ਗਈ ਅਤੇ ਥਾਣੇ ਦੇ ਕੰਮਕਾਜ, ਪੁਲਿਸ ਦੀ ਤਾਇਨਾਤੀ, ਡਿਊਟੀ ਪ੍ਰਬੰਧਾਂ ਅਤੇ ਇਲਾਕੇ ਦੀ ਸੁਰੱਖਿਆ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਪੁਲਿਸ, ਲਾਅ ਐਂਡ ਆਰਡਰ ਦੇ ਦਫ਼ਤਰ ਦਾ ਵੀ ਦੌਰਾ ਕੀਤਾ ਗਿਆ ਅਤੇ ਸੁਰੱਖਿਆ ਪ੍ਰਬੰਧਾਂ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।

ਪੁਲਿਸ ਕਮਿਸ਼ਨਰ ਵੱਲੋਂ ਨੋਵੈਲਟੀ ਚੌਕ ਸਮੇਤ ਸ਼ਹਿਰ ਦੇ ਵੱਖ-ਵੱਖ ਮਹੱਤਵਪੂਰਨ ਪੁਲਿਸ ਨਾਕਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਨਾਕਿਆਂ ‘ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਹਾਜ਼ਰੀ, ਚੌਕਸੀ, ਵਾਹਨਾਂ ਦੀ ਜਾਂਚ ਅਤੇ ਸ਼ੱਕੀ ਵਿਅਕਤੀਆਂ ਦੀ ਗਤੀਵਿਧੀਆਂ ‘ਤੇ ਨਜ਼ਰ ਰੱਖਣ ਸਬੰਧੀ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ ਸਪੱਸ਼ਟ ਹਦਾਇਤਾਂ ਦਿੱਤੀਆਂ ਕਿ ਹਰ ਨਾਕੇ ‘ਤੇ ਤਾਇਨਾਤ ਪੁਲਿਸ ਮੁਲਾਜ਼ਮ ਪੂਰੀ ਤਰ੍ਹਾਂ ਚੌਕਸ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ।

ਇਸ ਤੋਂ ਇਲਾਵਾ CRPF ਅਤੇ ਪੰਜਾਬ ਪੁਲਿਸ ਦੇ ਤਾਇਨਾਤ ਜਵਾਨਾਂ ਦੀ ਸਾਂਝੀ ਬ੍ਰੀਫਿੰਗ ਕੀਤੀ ਗਈ। ਇਸ ਦੌਰਾਨ ਜਵਾਨਾਂ ਨੂੰ ਆਪਸੀ ਤਾਲਮੇਲ, ਡਿਊਟੀ ਦੌਰਾਨ ਅਨੁਸ਼ਾਸਨ, ਸੁਰੱਖਿਆ ਪ੍ਰਬੰਧਾਂ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਪੂਰੀ ਤਿਆਰੀ ਰੱਖਣ ਸਬੰਧੀ ਹਦਾਇਤਾਂ ਦਿੱਤੀਆਂ ਗਈਆਂ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੁਲਿਸ ਅਤੇ CRPF ਵਿਚਕਾਰ ਬਿਹਤਰ ਤਾਲਮੇਲ ਸ਼ਹਿਰ ਦੀ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ।

ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਸ਼ਹਿਰ ਵਿੱਚ ਅਮਨ-ਸ਼ਾਂਤੀ ਬਰਕਰਾਰ ਰੱਖਣ ਲਈ ਪੁਲਿਸ ਅਤੇ CRPF ਦੇ ਜਵਾਨਾਂ ਨੂੰ ਦਿੱਤੀ ਵਿਸ਼ੇਸ਼ ਬ੍ਰੀਫਿੰਗ

ਇਸ ਮੌਕੇ ਨਾਈਟ ਡੋਮੀਨੇਸ਼ਨ ਮੁਹਿੰਮ ਤਹਿਤ ਰਾਤ ਸਮੇਂ ਸ਼ਹਿਰ ਦੇ ਸੰਵੇਦਨਸ਼ੀਲ ਇਲਾਕਿਆਂ, ਮੁੱਖ ਸੜਕਾਂ ਅਤੇ ਅਹਿਮ ਚੌਕਾਂ ਵਿੱਚ ਵਿਸ਼ੇਸ਼ ਚੌਕਸੀ ਰੱਖਣ, ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕਰਨ ਅਤੇ ਅਪਰਾਧਿਕ ਤੱਤਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ।

ਪੁਲਿਸ ਕਮਿਸ਼ਨਰ ਨੇ ਸਮੂਹ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ, ਮੁਸਤੈਦੀ ਅਤੇ ਪੇਸ਼ੇਵਰ ਢੰਗ ਨਾਲ ਨਿਭਾਉਣ। ਸ਼ਹਿਰ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਰਾਤ ਸਮੇਂ ਗਸ਼ਤ ਅਤੇ ਨਾਕਾਬੰਦੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇ.ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਸ਼ਹਿਰ ਵਾਸੀਆਂ ਦੀ ਜਾਨ-ਮਾਲ ਦੀ ਸੁਰੱਖਿਆ, ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੁਰੂ ਕਰੋ-

Share this News