Total views : 5504766
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪੰਜਾਬ ਵਿਚ ਗੰਨ ਕਲਚਰ ਨੂੰ ਖਤਮ ਕਰਨ ਲਈ ਪੁਲਿਸ ਨੇ ਸਖ਼ਤੀ ਵਧਾ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਅਸਲਾ ਲਾਇਸੈਂਸਾਂ ਦੀ ਸਮੀਖਿਆ ਕਰਨ ਦੇ ਹੁਕਮਾਂ ਦੇ 9 ਦਿਨਾਂ ਦੇ ਅੰਦਰ ਸੂਬੇ ਵਿਚ ਹੁਣ ਤੱਕ 899 ਲਾਇਸੈਂਸ ਰੱਦ ਕੀਤੇ ਜਾ ਚੁੱਕੇ ਹਨ, ਜਦਕਿ 324 ਲਾਇਸੈਂਸ ਸਸਪੈਂਡ ਕੀਤੇ ਜਾ ਚੁੱਕੇ ਹਨ। ਪੁਲਿਸ ਨੇ ਇਹਨਾਂ ਵਿਅਕਤੀਆਂ ਨੂੰ ਨੋਟਿਸ ਜਾਰੀ ਕਰਕੇ ਜਲਦੀ ਤੋਂ ਜਲਦੀ ਜਵਾਬ ਦੇਣ ਦੇ ਹੁਕਮ ਦਿੱਤੇ ਹਨ।
ਸਮੀਖਿਆ ਮੁਹਿੰਮ ਦੀ ਅਗਵਾਈ ਸਾਰੀਆਂ ਰੇਂਜਾਂ ਦੇ ਆਈਜੀ ਅਤੇ ਜ਼ਿਲ੍ਹਿਆਂ ਦੇ ਐਸਐਸਪੀ ਖੁਦ ਕਰ ਰਹੇ ਹਨ। ਇਸ ਦੇ ਨਾਲ ਹੀ ਇਸ ਸਬੰਧੀ ਰੋਜ਼ਾਨਾ ਰਿਪੋਰਟ ਉੱਚ ਅਧਿਕਾਰੀਆਂ ਨੂੰ ਭੇਜੀ ਜਾ ਰਹੀ ਹੈ। ਲੋਕਾਂ ਨੂੰ ਵੀ ਜਾਂਚ ਵਿਚ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ। ਅੰਮ੍ਰਿਤਸਰ ਵਿਚ ਸੁਧੀਰ ਸੂਰੀ ਅਤੇ ਕੋਟਕਪੂਰਾ ਵਿਚ ਡੇਰਾ ਪ੍ਰੇਮੀ ਦੇ ਕਤਲ ਤੋਂ ਬਾਅਦ ਸਰਕਾਰ ਨੇ 90 ਦਿਨਾਂ ਵਿਚ ਸੂਬੇ ਦੇ ਸਾਰੇ ਅਸਲਾ ਲਾਇਸੈਂਸਾਂ ਦੀ ਸਮੀਖਿਆ ਕਰਨ ਦੇ ਹੁਕਮ ਦਿੱਤੇ ਸਨ।
ਇਸ ਦੇ ਨਾਲ ਹੀ ਫੈਸਲਾ ਕੀਤਾ ਗਿਆ ਕਿ ਹੁਣ ਹਰ ਤਿੰਨ ਮਹੀਨੇ ਬਾਅਦ ਗੰਨ ਹਾਊਸ ਦੀ ਵੀ ਜਾਂਚ ਕੀਤੀ ਜਾਵੇਗੀ। ਇਸ ਦੌਰਾਨ ਹਥਿਆਰਾਂ ਦੇ ਸਟਾਕ ਤੋਂ ਲੈ ਕੇ ਹਰ ਚੀਜ਼ ਦੀ ਜਾਂਚ ਕੀਤੀ ਜਾਵੇਗੀ। ਅਜਿਹੇ ‘ਚ ਪੁਲਿਸ ਹੁਣ ਸਾਰੇ ਜ਼ਿਲਿਆਂ ‘ਚ ਸਖ਼ਤ ਮੁਹਿੰਮ ਚਲਾ ਰਹੀ ਹੈ। ਇਸ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸਰਕਾਰ ਗੰਨ ਕਲਚਰ ਨੂੰ ਰੋਕਣ ਲਈ ਸਖ਼ਤ ਹੈ। ਫਰਜ਼ੀ ਪਤਿਆਂ ‘ਤੇ ਲਾਇਸੈਂਸ ਬਣਾਉਣ ਦੇ ਮਾਮਲੇ ਵੀ ਸਾਹਮਣੇ ਆਏ ਹਨ। ਕਿਸੇ ਨੂੰ ਵੀ ਕਿਸੇ ਵੀ ਕੀਮਤ ‘ਤੇ ਨਿਯਮਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।