Total views : 5505192
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮਿ੍ਤਸਰ /ਗੁਰਨਾਮ ਸਿੰਘ ਲਾਲੀ
ਖੇਤੀਬਾੜੀ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸਰਹੱਦ ਉਤੇ ਸਥਿਤ ਰਾਣੀਆਂ ਪਿੰਡ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਖਰੀਦ ਕੀਤੀ ਗਈ 700 ਏਕੜ ਜਮੀਨ ਦਾ ਦੌਰਾ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਸੰਨ 2008 ਵਿੱਚ 32 ਕਰੋੜ ਰੁਪਏ ਨਾਲ ਬੀਜ ਫਾਰਮ ਲਈ ਸਰਕਾਰ ਵੱਲੋਂ ਖਰੀਦੀ ਗਈ ਇਸ ਜਮੀਨ ਦੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ ਪ੍ਕਾਸ਼ ਸਿੰਘ ਬਾਦਲ ਦੀ ਸਰਕਾਰ ਜਦੋਂ ਸ ਸੁੱਚਾ ਸਿੰਘ ਲੰਗਾਹ ਖੇਤੀਬਾੜੀ ਮੰਤਰੀ ਅਤੇ ਕਾਹਨ ਸਿੰਘ ਪੰਨੂ ਅੰਮਿ੍ਤਸਰ ਦੇ ਡਿਪਟੀ ਕਮਿਸ਼ਨਰ ਸਨ, ਵੇਲੇ ਇਹ ਜਮੀਨ ਬਹੁਤ ਮਹਿੰਗੇ ਮੁੱਲ ਖਰੀਦੀ ਗਈ।
ਰਾਣੀਆਂ ਪਿੰਡ ਵਿੱਚ ਬੀਜ ਫਾਰਮ ਦੇ ਨਾਮ ਉਤੇ ਬਾਦਲ ਸਰਕਾਰ ਵੇਲੇ ਖਰੀਦੀ ਜਮੀਨ ਦੀ ਹੋਵੇਗੀ ਜਾਂਚ – ਧਾਲੀਵਾਲ
ਉਨ੍ਹਾਂ ਕਿਹਾ ਕਿ ਇਹ ਜਮੀਨ ਰਾਵੀ ਦਰਿਆ ਅਤੇ ਸਰਹੱਦ ਉੱਤੇ ਲੱਗੀ ਕੰਡਿਆਲੀ ਤਾਰ ਤੋਂ ਵੀ ਪਾਰ ਹੈ ਅਤੇ ਸਰਕਾਰ ਨੇ ਸੰਨ 2008 ਵਿਚ ਸਾਢੇ ਚਾਰ ਲੱਖ ਰੁਪਏ ਪ੍ਤੀ ਏਕੜ ਦੇ ਹਿਸਾਬ ਇਹ ਜਮੀਨ ਖਰੀਦੀ। ਬੀ ਐਸ ਐਫ ਦੀ ਆਗਿਆ ਤੋਂ ਬਿਨਾ ਤੁਸੀਂ ਜਮੀਨ ਵਿੱਚ ਦਾਖਲ ਤੱਕ ਨਹੀਂ ਹੋ ਸਕਦੇ ਅਤੇ ਉਸ ਵੇਲੇ ਕਿਸ ‘ਸਕੀਮ’ ਤਹਿਤ ਇਹ ਜਮੀਨ ਖਰੀਦੀ ਗਈ, ਦੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਲਈ ਸਰਕਾਰ ਨੂੰ ਰਜਿਸਟਰੀ ਕਰਵਾਉਣ ਵਾਲੇ ਕਿਸਾਨ ਅਤੇ ਉਸ ਤੋਂ ਪਹਿਲਾਂ ਦੇ ਮਾਲਕ ਪਰਿਵਾਰਾਂ ਨੂੰ ਲੱਭਿਆ ਜਾਵੇਗਾ, ਤਾਂ ਜੋ ਸਾਰੀ ਸਚਾਈ ਸਾਹਮਣੇ ਆ ਸਕੇ।
ਅੱਜ ਉਕਤ ਜਮੀਨ ਜਿਸ ਨੂੰ ਕੇਵਲ ਤਿੰਨ ਚਾਰ ਸੀਜ਼ਨ ਹੀ ਵਾਹਿਆ ਜਾ ਸਕਿਆ ਵਿੱਚ ਪੈਦਾ ਹੋ ਚੁੱਕੇ ਆਦਮ ਕੱਦ ਕਾਨੇ ਅਤੇ ਸਰਕੰਡੇ, ਵੇਖ ਕੇ ਦੁੱਖੀ ਹੁੰਦੇ ਸ ਧਾਲੀਵਾਲ ਨੇ ਕਿਹਾ ਕਿ ਸਮਝ ਨਹੀਂ ਆਉਂਦਾ ਕਿ ਤਿੰਨੇ ਸੌਦਾ ਕਰਨ ਵਾਲੇ ਕਿਸਾਨ ਪਰਿਵਾਰ ਵਿੱਚੋਂ ਹੋਣ ਤੇ ਅਜਿਹੀ ਜਮੀਨ ਮਹਿੰਗੇ ਭਾਅ ਖਰੀਦ ਲੈਣ?
ਉਨ੍ਹਾਂ ਕਿਹਾ ਕਿ ਇਸ ਜਮੀਨ ਵਿੱਚ ਪਾਣੀ ਲਈ 30 ਸਬਮਰਸੀਬਲ ਟਿਊਬਵੈੱਲ, ਬਿਜਲੀ ਅਤੇ ਖੇਤੀ ਸੰਦ ਜਿਸ ਵਿੱਚ ਟਰੈਕਟਰ, ਜਨਰੇਟਰ ਅਤੇ ਹੋਰ ਮਸ਼ੀਨਰੀ ਸ਼ਾਮਿਲ ਹੈ, ਦੀ ਖਰੀਦ ਉਤੇ ਵੀ 8 ਕਰੋੜ ਰੁਪਏ ਦੇ ਕਰੀਬ ਖਰਚਾ ਹੋਇਆ। ਉਨ੍ਹਾਂ ਕਿਹਾ ਕਿ ਅੱਜ ਮੈਂ ਇਸ ਫਾਰਮ ਨੂੰ ਵੇਖਿਆ ਹੈ ਅਤੇ ਮਨ ਦੁੱਖੀ ਹੋਇਆ ਹੈ ਕਿ ਕਿਸ ਤਰ੍ਹਾਂ ਸਰਕਾਰੀ ਪੈਸੇ ਦੀ ਦੁਰਵਰਤੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਵੀ ਫਾਰਮ ਉਤੇ ਖਰੀਦੀ ਗਈ ਮਸ਼ੀਨਰੀ ਖਰਾਬ ਹੋ ਰਹੀ ਹੈ ਅਤੇ ਜਮੀਨ ਬੰਜਰ ਹੋ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਹੁਣ ਦੁਬਾਰਾ ਇਸ ਜਮੀਨ ਦੀ ਵਰਤੋਂ ਕਰਨ ਬਾਰੇ ਵਿਚਾਰ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਸ ਭਗਵੰਤ ਮਾਨ ਦੇ ਨੋਟਿਸ ਵਿੱਚ ਲਿਆ ਕੇ ਕੇਂਦਰ ਸਰਕਾਰ ਨਾਲ ਤਾਲਮੇਲ ਕਰਕੇ, ਕਿਉਂਕਿ ਇਸ ਦਾ ਰਸਤਾ ਹੀ ਬੀ ਐਸ ਐਫ ਅਧੀਨ ਹੈ, ਇਸ ਦੀ ਢੁਕਵੀਂ ਵਰਤੋਂ ਕੀਤੀ ਜਾਵੇਗੀ। ਇਸ ਮੌਕੇ ਚੇਅਰਮੈਨ ਬਲਦੇਵ ਸਿੰਘ ਸਿੰਘ ਮਿਆਦੀਆਂ, ਜਿਲਾ ਖੇਤੀ ਅਫਸਰ ਡਾਜਤਿੰਦਰ ਸਿੰਘ ਗਿੱਲ, ਐੱਸ.ਡੀ .ਐੱਮ ਰਾਜੇਸ਼ ਕੁਮਾਰ ਸ਼ਰਮਾ, ਓ. ਐੱਸ. ਡੀ ਚਰਨਜੀਤ ਸਿੰਘ ਸਿੱਧੂ, ਦਫਤਰ ਸਕੱਤਰ ਗੁਰਜੰਟ ਸਿੰਘ ਸੋਹੀ, ਨਾਇਬ ਤਹਿਸੀਲਦਾਰ ਜਗਸੀਰ ਸਿੰਘ, ਡਿਪਟੀ ਕਮਾਂਡੈਂਟ ਪਰਵਿੰਦਰ ਸਿੰਘ ਬਾਜਵਾ, ਐੱਸ.ਐਚ.ਓ ਲੋਪੋਕੇ ਹਰਪਾਲ ਸਿੰਘ ਸੋਹੀ, ਖੇਤੀ ਅਫਸਰ ਕੁਲਵੰਤ ਸਿੰਘ, ਅਸ਼ਵਨੀ ਕੁਮਾਰ ਆਦਿ ਹਾਜ਼ਰ ਸਨ।