ਵਿਜੀਲੈਂਸ ਬਿਊਰੋ ਵੱਲੋਂ ਡਿਪਟੀ ਡੀ.ਏ ਲੀਗਲ ਗੁਰਦਾਸਪੁਰ ਦੇ ਰੀਡਰ ਏ.ਐਸ.ਆਈ ਵਿਰੁੱਧ ਰਿਸ਼ਵਤਖ਼ੋਰੀ ਦਾ ਮਾਮਲਾ ਦਰਜ, ਇਕ ਹੋਰ ਏ.ਐਸ.ਆਈ 10000 ਰੁਪਏ ਦੀ ਰਿਸ਼ਵਤ ਲੈਦਾਂ ਰੰਗੇ ਹੱਥੀ ਕਾਬੂ

4674923
Total views : 5506307

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਸੁਖਮਿੰਦਰ ਸਿੰਘ ‘ਗੰਡੀ ਵਿੰਡ’

ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਵੀਰਵਾਰ ਨੂੰ ਜ਼ਿਲ੍ਹਾ ਡਿਪਟੀ ਅਟਾਰਨੀ (ਕਾਨੂੰਨੀ)ਗੁਰਦਾਸਪੁਰ  ਦੇ ਨਾਲ ਰੀਡਰ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਮੇਸ਼ ਕੁਮਾਰ ਵਿਰੁੱਧ ਦਸ ਹਜ਼ਾਰ ਰੁਪਏ ਰਿਸ਼ਵਤ  ਮੰਗਣ ਅਤੇ ਹਾਸਲ ਕਰਨ ਤੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਸਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਉਕਤ ਮੁਲਜ਼ਮ ਏ.ਐਸ.ਆਈ. ਵਿਰੁੱਧ ਰਿਸ਼ਵਤਖੋਰੀ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਬੁਲਾਰੇ ਨੇ  ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਧਵਲਜੀਤ ਦੱਤਾ ਵਾਸੀ ਮੁਹੱਲਾ ਬੇਰੀਆਂ, ਗੁਰਦਾਸਪੁਰ ਅਤੇ ਸੁਰਿੰਦਰ ਮੋਹਨ ਨੇ ਦੱਸਿਆ ਕਿ ਉਕਤ ਪੁਲਿਸ ਕਰਮਚਾਰੀ ਨੇ ਪੁਲਿਸ ਜਾਂਚ (ਇੰਕੁਆਇਰੀ) ਰਿਪੋਰਟ ਉਪਰ ਕਾਰਵਾਈ ਕਰਨ ਬਦਲੇ 40,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਇਸ ਸਬੰਧੀ ਸੁਰਿੰਦਰ ਮੋਹਨ ਤੋਂ 10,000 ਰੁਪਏ ਲੈ ਵੀ ਲਏ।  ਸ਼ਿਕਾਇਤਕਰਤਾ ਨੇ ਮੁਲਜ਼ਮ ਨੂੰ ਪੈਸੇ ਦੇਣ ਸਮੇਂ ਹੋਈ ਗੱਲਬਾਤ ਰਿਕਾਰਡ ਕਰ ਲਈ ਸੀ।

ਬੁਲਾਰੇ ਨੇ ਅੱਗੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਰਿਸ਼ਵਤ ਦੀ ਰਕਮ ਦੀ ਮੰਗ ਕਰਨ ਅਤੇ ਸਵੀਕਾਰ ਕਰਨ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਕੇਸ ਦਰਜ ਕਰਨ ਬਦਲੇ 10,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ  ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੁਰਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਸਦਰ ਪਠਾਨਕੋਟ ਵਿਖੇ ਤਾਇਨਾਤ ਮੁਲਜ਼ਮ ਏ.ਐਸ.ਆਈ. ਸੁਰਿੰਦਰ ਸਿੰਘ (ਨੰ. 128/ ਪਠਾਨਕੋਟ) ਨੂੰ ਮਹਾਂਬੀਰ ਸਿੰਘ ਵਾਸੀ ਪਿੰਡ ਸਮਰਾਲਾ, ਜ਼ਿਲ੍ਹਾ ਪਠਾਨਕੋਟ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਉਸ ਦੀ ਪਤਨੀ ਤੇ ਪੁੱਤਰ ਦੀਆਂ ਡਾਕਟਰੀ ਰਿਪੋਰਟਾਂ ਦੇ ਅਧਾਰ ਤੇ ਪੁਲਿਸ ਕੇਸ ਦਰਜ ਕਰਨ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਪਹਿਲੀ ਕਿਸ਼ਤ ਵਜੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਉਕਤ ਏ.ਐਸ.ਆਈ. ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Share this News