Total views : 5506461
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਗੁਰੂਨਗਰੀ ਵਿੱਚ ਚੱਲ ਰਹੀ ਭਾਜਪਾ ਦੀ ਦੋ ਰੋਜ਼ਾ ਸੂਬਾ ਕਾਰਜਕਾਰਨੀ ਦੀ ਮੀਟਿੰਗ ਅੱਜ ਹੋਈ ਸੰਪੰਨ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਮਾਧਵ ਵਿਦਿਆ ਨਿਕੇਤਨ ਸਕੂਲ ਵਿਖੇ ਕਰਵਾਈ ਗਈ ਭਾਜਪਾ ਪੰਜਾਬ ਦੀ ਦੋ ਰੋਜ਼ਾ ਸੂਬਾ ਕਾਰਜਕਾਰਨੀ ਅੱਜ ਸੰਪੰਨ ਹੋ ਗਈ। ਕਾਰਜਕਾਰਨੀ ਸਮਾਗਮ ਦਾ ਉਦਘਾਟਨ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ, ਭਾਜਪਾ ਪੰਜਾਬ ਦੇ ਇੰਚਾਰਜ ਵਿਜੇ ਰੁਪਾਨੀ, ਸਹਿ-ਇੰਚਾਰਜ ਡਾ: ਨਰਿੰਦਰ ਸਿੰਘ ਰੈਨਾ ਅਤੇ ਸੰਗਠਨ ਦੇ ਜਨਰਲ ਸਕੱਤਰ ਸ੍ਰੀਮੰਥਰੀ ਸ੍ਰੀਨਿਵਾਸੂਲੂ ਨੇ ਸ਼ਮਾਂ ਰੋਸ਼ਨ ਕਰਕੇ ਕੀਤਾI ਇਸ ਮੌਕੇ ਮੰਚ ‘ਤੇ ਸੁਨੀਲ ਜਾਖੜ, ਮਨੋਰੰਜਨ ਕਾਲੀਆ, ਤੀਕਸ਼ਨ ਸੂਦ, ਕੇਵਲ ਸਿੰਘ ਢਿੱਲੋਂ, ਬ੍ਰਿਜ ਲਾਲ ਰਿਣਵਾ, ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਆਦਿ ਹਾਜ਼ਰ ਸਨI ਮੰਚ ਦੀ ਕਾਰਵਾਈ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਚਲਾਈ। ਮੀਟਿੰਗ ਦੀ ਸ਼ੁਰੂਆਤ ਵਿੱਚ ਪੰਜਾਬ ਦੀਆਂ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਦੋ ਮਿੰਟ ਦਾ ਮੌਨ ਰੱਖਿਆ ਗਿਆ।
ਸਮੂਹ ਅਹੁਦੇਦਾਰ ਤੇ ਵਰਕਰ ਸਥਾਨਕ ਅਤੇ ਲੋਕ ਸਭਾ ਚੋਣਾਂ ਲਈ ਚੋਣ ਮੈਦਾਨ ‘ਚ ਜੁਟ ਜਾਣ: ਵਿਜੇ ਰੁਪਾਨੀ
ਕਾਰਜਕਾਰਨੀ ਦੀ ਸ਼ੁਰੂਆਤ ਵਿੱਚ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਆਏ ਹੋਏ ਸਾਰੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਜੀ ਆਇਆਂ ਕਿਹਾ। ਇਸ ‘ਤੋਂ ਬਾਅਦ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪ੍ਰਧਾਨਗੀ ਭਾਸ਼ਣ ਦਿੱਤਾ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਜਗਤ ਪ੍ਰਕਾਸ਼ ਨੱਡਾ ਦੇ ਕਾਰਜਕਾਲ ਨੂੰ 2024 ਤੱਕ ਵਧਾਉਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਕੇਂਦਰੀ ਲੀਡਰਸ਼ਿਪ ਦਾ ਧੰਨਵਾਦ ਵੀ ਕੀਤਾ। ਸ਼ਰਮਾ ਨੇ ਭਾਜਪਾ ਦੀ ਕੌਮੀ ਕਾਰਜਕਾਰਨੀ ਵਿੱਚ ਪੰਜਾਬ ਤੋਂ ਕੌਮੀ ਕਾਰਜਕਾਰਨੀ ਮੈਂਬਰਾਂ ਨੂੰ ਸ਼ਾਮਲ ਕਰਨ ਲਈ ਕੌਮੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਵਿਸ਼ਵ ਦੀ ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੇ ਦਹਾਕਿਆਂ ਤੱਕ ਇੰਤਜ਼ਾਰ ਕੀਤਾ ਅਤੇ ਇਹ ਇੱਛਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੂਰੀ ਕੀਤੀ ਅਤੇ ਇਸ ਲਈ ਸਮੁੱਚੀ ਸੰਗਤ ਨੂੰ ਨਰਿੰਦਰ ਭਾਈ ਮੋਦੀ ਦੇ ਪ੍ਰਧਾਨ ਮੰਤਰੀ ਬਣਨ ਤੱਕ ਦਾ ਲੰਮਾ ਇੰਤਜ਼ਾਰ ਕਰਨਾ ਪਿਆ।
ਅਸ਼ਵਨੀ ਸ਼ਰਮਾ ਨੇ ਹਾਜ਼ਰ ਅਹੁਦੇਦਾਰਾਂ ਨੂੰ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਤ ਹੋਰ ਕਿਸੇ ਵੀ ਵਿਰੋਧੀ ਪਾਰਟੀ ਨੇ ਪੰਜਾਬ ਅਤੇ ਪੰਜਾਬ ਦੇ ਲੋਕਾਂ ਨੂੰ ਸਿਵਾਏ ਐਲਾਨਾਂ ਤੋਂ ਕਦੇ ਵੀ ਕੁਝ ਨਹੀਂ ਦਿੱਤਾ ਅਤੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਕਦੇ ਪੂਰਾ ਨਹੀਂ ਕੀਤਾ। ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਦਾ ਸ਼ੋਸ਼ਣ ਕਰਨ ਅਤੇ ਲੋਕਤੰਤਰ ਨੂੰ ਕੁਚਲਣ ਦਾ ਕੰਮ ਕਰ ਰਹੀ ਹੈ। ਭਗਵੰਤ ਮਾਨ ਸਰਕਾਰ ਨੇ ਅੱਜ ਪੰਜਾਬ ਵਿੱਚ ਅਰਾਜਕਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਇਹ ਬਹੁਤ ਹੀ ਅਸੰਵੇਦਨਸ਼ੀਲ ਸਰਕਾਰ ਹੈ, ਜਿਸ ਨੂੰ ਸੂਬੇ ਦੇ ਲੋਕਾਂ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਭਗਵੰਤ ਮਾਨ ਸਰਕਾਰ ਨੇ ਕਿਸਾਨ ਜਥੇਬੰਦੀਆਂ ਤੇ ਹੋਰ ਜਥੇਬੰਦੀਆਂ ਦੀਆਂ ਮੰਗਾਂ ਮੰਨਣ ਦਾ ਐਲਾਨ ਕਰ ਦਿੱਤਾ, ਪਰ ਅਜੇ ਤੱਕ ਉਸ ਸਬੰਧੀ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ, ਜਿਸ ਕਾਰਨ ਕਿਸਾਨ ਜਥੇਬੰਦੀਆਂ ਤੇ ਹੋਰ ਜਥੇਬੰਦੀਆਂ ਸੜਕਾਂ ‘ਤੇ ਬੈਠ ਕੇ ਭਗਵੰਤ ਮਾਨ ਸਰਕਾਰ ਖ਼ਿਲਾਫ਼ ਧਰਨੇ ਪ੍ਰਦਰਸ਼ਨ ਕਰ ਰਹੀਆਂ ਹਨ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਕੁਸ਼ਾਸਨ ਤੋਂ ਤੰਗ ਆ ਚੁੱਕੇ ਪੰਜਾਬ ਦੇ ਲੋਕਾਂ ਨੂੰ ਹੁਣ ਇਹ ਪਤਾ ਲੱਗ ਚੁੱਕਾ ਹੈ ਕਿ ਜੇਕਰ ਸੂਬੇ ਦਾ ਅਤੇ ਉਹਨਾਂ ਦਾ ਕੋਈ ਸਰਬਪੱਖੀ ਵਿਕਾਸ ਕਰ ਸਕਦਾ ਹੈ ਤਾਂ ਉਹ ਸਿਰਫ ਭਾਰਤੀ ਜਨਤਾ ਹੀ ਹੈ। ਸ਼ਰਮਾ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਪੰਜਾਬ ਨੂੰ ਨਸ਼ਾ ਮੁਕਤ, ਭ੍ਰਿਸ਼ਟਾਚਾਰ ਮੁਕਤ ਅਤੇ ਖੁਸ਼ਹਾਲ ਪੰਜਾਬ ਬਣਾਇਆ ਜਾਵੇਗਾI ਭਾਜਪਾ ਦੇਸ਼ ਵਿਰੋਧੀ ਤਾਕਤਾਂ ਨੂੰ ਕਦੇ ਵੀ ਪੰਜਾਬ ਨੂੰ ਤੋੜਨ ਦੇ ਉਹਨਾਂ ਦੇ ਨਾਪਾਕ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦੇਵੇਗੀ। ਸ਼ਰਮਾ ਨੇ ਸਾਰਿਆਂ ਨੂੰ ਜਥੇਬੰਦਕ ਢਾਂਚੇ ਨੂੰ ਜਲਦੀ ਤੋਂ ਜਲਦੀ ਮੁਕੰਮਲ ਕਰਕੇ ਇਸ ਨੂੰ ਹੋਰ ਮਜ਼ਬੂਤ ਕਰਨ ਦਾ ਮੰਤਰ ਦਿੱਤਾ।
ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦਾ ਮੀਟਿੰਗ ਦੇ ਤੀਸਰੇ ਸੈਸ਼ਨ ਵਿੱਚ ਪੁੱਜਣ ‘ਤੇ ਭਾਜਪਾ ਅਹੁਦੇਦਾਰਾਂ ਵਲੋਂ ਸਵਾਗਤ ਕੀਤਾ ਗਿਆI ਇਸ ਮੌਕੇ ਤਰੁਣ ਚੁੱਘ ਨੇ ਭਾਜਪਾ ਦੀ ਕੌਮੀ ਕਾਰਜਕਾਰਨੀ ਬਾਰੇ ਹਜਾਰ ਅਹੁਦੇਦਾਰਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀI
ਡਾ. ਨਰਿੰਦਰ ਰੈਨਾ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਭਾਰਤ ਨੂੰ ਜੀ-20 ਦੀ ਪ੍ਰਧਾਨਗੀ ਮਿਲਣਾ ਭਾਰਤ ਵਾਸੀਆਂ ਲਈ ਬਹੁਤ ਵੱਡੇ ਮਾਨ ਵਾਲੀ ਗੱਲ ਹੈI ਇਸ ਨਾਲ ਜਿਥੇ ਭਾਰਤ ਦੀ ਅਰਥ-ਵਿਵਸਥਾ ਹੋਰ ਮਜਬੂਤ ਹੋਵੇਗੀ ਉਥੇ ਭਾਰਤ ਵਿੱਚ ਰੁਜਗਾਰ ਦੇ ਮੌਕੇ ਵੀ ਬਹੁਤ ਵੱਧਣਗੇI ਸੰਗਠਨ ਮਹਾਮੰਤਰੀ ਸ਼੍ਰੀਮੰਥਰੀ ਸ਼੍ਰੀਨਿਵਾਸੁਲੂ ਨੇ ਸੰਗਠਨ ਦੇ ਆਗਾਮੀ ਪ੍ਰੋਗਰਾਮਾਂ ਬਾਰੇ ਹਾਜਰ ਅਹੁਦੇਦਾਰਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀI ਕਾਰਜਕਾਰਨੀ ਦੇ ਅੰਤ ਵਿੱਚ ਵਿਜੇ ਰੁਪਾਨੀ ਨੇ ਆਪਣੇ ਵਿਸ਼ੇਸ਼ ਸੰਬੋਧਨ ਵਿੱਚ ਸਾਰੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਉਤਸਾਹਿਤ ਕਰਦੇ ਹੋਏ ਸਥਾਨਕ ਅਤੇ ਲੋਕਸਭਾ ਚੋਣਾਂ ਲਈ ਚੋਣ ਮੈਦਾਨ ‘ਚ ਕੁਦ ਜਾਣ ਲਈ ਆਖਿਆI
ਇਸ ਮੌਕੇ ਅਮਨਜੋਤ ਕੌਰ ਰਾਮੂਵਾਲੀਆ, ਰਾਣਾ ਗੁਰਮੀਤ ਸਿੰਘ ਸੋਢੀ, ਰਾਜੇਸ਼ ਬਾਗਾ, ਬਿਕਰਮਜੀਤ ਸਿੰਘ ਚੀਮਾ, ਮੋਨਾ ਜੈਸਵਾਲ, ਗੁਰਪ੍ਰੀਤ ਸਿੰਘ ਕਾਂਗੜ ਆਦਿ ਵੀ ਹਾਜ਼ਰ ਸਨ।