ਅੰਮ੍ਰਿਤਸਰ ਵਿੱਚ ਸਨਅਤਕਾਰਾਂ ਨਾਲ ਵਿਚਾਰ-ਵਟਾਂਦਰੇ ਦੌਰਾਨ ਸੂਬੇ ਵਿੱਚ ਸੈਰ-ਸਪਾਟਾ ਸਨਅਤ ਨੂੰ ਵੱਡਾ ਹੁਲਾਰਾ ਦੇਣ ਦਾ ਮੁੱਖ ਮੰਤਰੀ ਨੇ ਕੀਤਾ ਐਲਾਨ

4677079
Total views : 5509612

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ

ਪੰਜਾਬ ਦੇ ਮੁੱਖ ਮੰਤਰੀ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਖਿਆ ਕਿ ਮੌਜੂਦਾ ਸਿਆਸੀ ਸਥਿਰਤਾ ਦੇ ਦੌਰ ਅਤੇ ਤੇਜ਼ ਗਤੀ ਨਾਲ ਫੈਸਲੇ ਲੈਣ ਦੇ ਢਾਂਚੇ ਦੇ ਨਾਲ-ਨਾਲ ਲੀਕ ਤੋਂ ਹਟਵੇਂ ਵਿਚਾਰਾਂ ਨਾਲ ਪੰਜਾਬ ਛੇਤੀ ਹੀ ਦੇਸ਼ ਭਰ ਵਿੱਚੋਂ ਮੋਹਰੀ ਸਨਅਤੀ ਸੂਬਾ ਬਣ ਕੇ ਉੱਭਰੇਗਾ।
ਮੁਹਾਲੀ ਵਿਖੇ 23 ਤੇ 24 ਫਰਵਰੀ ਨੂੰ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੀਆਂ ਤਿਆਰੀਆਂ ਦੌਰਾਨ ਅੱਜ ਇੱਥੇ ਸਨਅਤਕਾਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਦਾ ਜਨਮ ਹੀ ਨੰਬਰ ਇਕ ਉਤੇ ਪੁੱਜਣ ਲਈ ਹੋਇਆ ਹੈ ਕਿਉਂਕਿ ਮਿਹਨਤ ਤੇ ਸਮਰਪਣ ਦੀ ਭਾਵਨਾ ਪੰਜਾਬੀਆਂ ਦੇ ਖ਼ੂਨ ਵਿੱਚ ਹੀ ਸਮਾਈ ਹੋਈ ਹੈ। ਉਨ੍ਹਾਂ ਕਿਹਾ ਕਿ ਇਸੇ ਜਜ਼ਬੇ ਨਾਲ ਪੰਜਾਬੀਆਂ ਨੇ ਹਮੇਸ਼ਾ ਹਰੇਕ ਖੇਤਰ ਵਿੱਚ ਮੱਲਾਂ ਮਾਰੀਆਂ ਅਤੇ ਸੂਬੇ ਦੇ ਉੱਦਮੀਆਂ ਨੇ ਦੁਨੀਆ ਭਰ ਵਿੱਚ ਆਪਣੇ ਲਈ ਵੱਖਰਾ ਮੁਕਾਮ ਹਾਸਲ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਸਨਅਤੀ ਤਰੱਕੀ ਦੀ ਤੇਜ਼ ਰਫ਼ਤਾਰ ਦਾ ਪਾਂਧੀ ਬਣੇਗਾ।
ਸੂਬੇ ਭਰ ਵਿੱਚ ਸੈਰ-ਸਪਾਟਾ ਸਨਅਤ ਨੂੰ ਹੁਲਾਰਾ ਦੇਣ ਲਈ ਇਸ ਖੇਤਰ ਵਿਚਲੀਆਂ ਅਥਾਹ ਸੰਭਾਵਨਾਵਾਂ ਦਾ ਪੂਰਾ ਲਾਹਾ ਲੈਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਇਸ ਗੱਲੋਂ ਖ਼ੁਸ਼ਕਿਸਮਤ ਹੈ ਕਿ ਇੱਥੇ ਬਹੁਤ ਸਾਰੇ ਕੁਦਰਤੀ ਸਰੋਤ ਹਨ, ਜਿਨ੍ਹਾਂ ਨੂੰ ਕੌਮਾਂਤਰੀ ਸੈਲਾਨੀਆਂ ਲਈ ਸੈਰਗਾਹਾਂ ਵਜੋਂ ਵਿਕਸਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਰਣਜੀਤ ਸਾਗਰ ਡੈਮ, ਚੋਹਾਲ ਡੈਮ, ਨੂਰਪੁਰ ਬੇਦੀ ਤੇ ਹੋਰ ਥਾਵਾਂ ਨੂੰ ਆਧੁਨਿਕ ਸੈਰਗਾਹਾਂ ਵਜੋਂ ਵਿਕਸਤ ਕਰਨ ਲਈ ਪੁਖ਼ਤਾ ਤਜਵੀਜ਼ ਲਿਆ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸੈਰ-ਸਪਾਟਾ ਕੇਂਦਰਾਂ ਵਿੱਚ ਅਥਾਹ ਸੰਭਾਵਨਾਵਾਂ ਹਨ, ਜਿਹੜੀਆਂ ਸੂਬੇ ਨੂੰ ਕੌਮਾਂਤਰੀ ਸੈਰ-ਸਪਾਟੇ ਦੇ ਨਕਸ਼ੇ ਉਤੇ ਲਿਆ ਸਕਦੀਆਂ ਹਨ।

ਸਿਆਸੀ ਸਥਿਰਤਾ ਤੇ ਤੇਜ਼ੀ ਨਾਲ ਫੈਸਲੇ ਲੈਣ ਦੇ ਢਾਂਚੇ ਨਾਲ ਪੰਜਾਬ ਦੇਸ਼ ਭਰ ਵਿੱਚੋਂ ਮੋਹਰੀ ਸਨਅਤੀ ਸੂਬੇ ਵਜੋਂ ਉੱਭਰ ਰਿਹਾ ਹੈ: ਮੁੱਖ ਮੰਤਰੀ


ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਸੈਰ-ਸਪਾਟੇ ਪੱਖੋਂ ਇਸ ਤਰ੍ਹਾਂ ਵਿਕਸਤ ਕੀਤਾ ਜਾਵੇਗਾ, ਜਿਸ ਤੋਂ ਧਾਰਮਿਕ ਤੇ ਦੇਸ਼ ਭਗਤੀ ਦੇ ਜਜ਼ਬੇ ਦਾ ਝਲਕਾਰਾ ਮਿਲੇ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸੈਰ-ਸਪਾਟਾ ਖੇਤਰ ਦੀ ਤਰੱਕੀ ਲਈ ਹਰ ਹੀਲਾ ਵਰਤਿਆ ਜਾਵੇਗਾ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੁਨੀਆ ਭਰ ਦੇ ਸੈਲਾਨੀਆਂ ਦਾ ਧਿਆਨ ਆਪਣੇ ਵੱਲ ਖਿੱਚੇਗਾ।
ਮੁੱਖ ਮੰਤਰੀ ਨੇ ਸਥਾਨਕ ਕਾਰੋਬਾਰੀਆਂ ਨੂੰ ਭਰੋਸਾ ਦਿੱਤਾ ਕਿ ਸੈਰ-ਸਪਾਟਾ ਖੇਤਰ ਨੂੰ ਉਤਸ਼ਾਹਤ ਕਰਦਿਆਂ ਸਥਾਨਕ ਸਨਅਤ ਦੀਆਂ ਤਰਜੀਹਾਂ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸੈਰਗਾਹਾਂ ਨੂੰ ਵਿਕਸਤ ਕਰਨ ਲਈ ਦੇਸ਼ ਭਰ ਤੋਂ ਜਾਂ ਵਿਦੇਸ਼ਾਂ ਤੋਂ ਵੱਡੀਆਂ ਕੰਪਨੀਆਂ ਨੂੰ ਸੱਦਣ ਦੀ ਥਾਂ ਸਥਾਨਕ ਸਨਅਤਕਾਰਾਂ ਨੂੰ ਤਰਜੀਹ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਸਥਾਨਕ ਸਨਅਤਕਾਰਾਂ ਨੂੰ ਇਸ ਖੇਤਰ ਵਿੱਚ ਆਪਣੀ ਕਾਬਲੀਅਤ ਦਿਖਾਉਣ ਦਾ ਮੌਕਾ ਮਿਲੇਗਾ ਅਤੇ ਪੰਜਾਬ ਸੈਰ-ਸਪਾਟਾ ਸਨਅਤ ਦੇ ਗੜ੍ਹ ਵਜੋਂ ਉੱਭਰੇਗਾ।
ਮੁੱਖ ਮੰਤਰੀ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਇਹ ਸਾਰੀਆਂ ਚੀਜ਼ਾਂ ਉਨ੍ਹਾਂ ਨੂੰ ਸੂਬੇ ਦੀ ਭਲਾਈ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਪਹਿਲਕਦਮੀਆਂ ਕਰਨ ਤੋਂ ਨਹੀਂ ਰੋਕ ਸਕਦੀਆਂ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੇ ਠੋਸ ਉਪਰਾਲਿਆਂ ਸਦਕਾ ਪੰਜਾਬ ਹਰ ਖੇਤਰ ਵਿੱਚ ਸਰਵਪੱਖੀ ਤਰੱਕੀ ਦਾ ਗਵਾਹ ਬਣੇਗਾ। ਭਗਵੰਤ ਮਾਨ ਨੇ ਇਸ ਕਾਰਜ ਲਈ ਲੋਕਾਂ ਤੋਂ ਭਰਪੂਰ ਸਹਿਯੋਗ ਦੀ ਮੰਗ ਵੀ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਇੰਦਰਬੀਰ ਸਿੰਘ ਨਿੱਝਰ, ਅਨਮੋਲ ਗਗਨ ਮਾਨ, ਹਰਭਜਨ ਸਿੰਘ ਈਟੀਓ, ਲਾਲਜੀਤ ਸਿੰਘ ਭੁੱਲਰ, ਵਿਧਾਇਕ ਸ੍ਰੀ ਕੁੰਵਰ ਵਿਜੈ ਪ੍ਰਤਾਪ ਸਿੰਘ, ਡਾ. ਅਜੈ ਗੁਪਤਾ, ਡਾ. ਜਸਬੀਰ ਸਿੰਘ, ਸ: ਦਲਬੀਰ ਸਿੰਘ ਟੌਂਗ, ਸ: ਸਰਵਨ ਸਿੰਘ ਧੁੰਨ, ਸ: ਕਸ਼ਮੀਰ ਸਿੰਘ ਸੋਹਲ, ਸ: ਮਨਜਿੰਦਰ ਸਿੰਘ ਲਾਲਪੁਰਾ, ਮੈਡਮ ਜੀਵਨਜੋਤ ਕੌਰ, ਪਿੰਸੀਪਲ ਸੈਕਟਰੀ ਪਰਮੋਸ਼ਨ, ਸ੍ਰੀ ਦਲੀਪ ਕੁਮਾਰ, ਸੀ.ਈ.ਓ. ਪੰਜਾਬ ਬਿਓਰੋ ਆਫ਼ ਇੰਨਵੈਸਟਮੈਟ ਪਰੋਮਸ਼ਨ, ਸ੍ਰੀ ਕਮਲ ਕਿਸ਼ੋਰ ਯਾਦਵ, ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ, ਪੁਲਿਸ ਕਮਿਸ਼ਨਰ ਸ: ਜਸਕਰਨ ਸਿੰਘ, ਚੇਅਰਮੈਨ ਸ੍ਰੀ ਕਰਨ ਵਰਮਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਉਦਯੋਗਪਤੀ ਹਾਜ਼ਰ ਸਨ।

Share this News