Total views : 5509519
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ਗੰਡੀ ਵਿੰਡ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਅੱਜ ਫਿਰੋਜ਼ਪੁਰ ਜ਼ਿਲ੍ਹੇ ਦੇ ਦਫ਼ਤਰ ਉਪ ਮੰਡਲ ਮੈਜਿਸਟਰੇਟ, ਅਬੋਹਰ ਵਿਖੇ ਤਾਇਨਾਤ ਬਿੱਲ ਕਲਰਕ ਰੋਹਿਤ ਸਚਦੇਵਾ ਨੂੰ 10,000 ਰੁਪਏ ਰਿਸ਼ਵਤ ਲੈਂਦਿਆ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਲਰਕ ਨੂੰ ਫਾਜ਼ਿਲਕਾ ਦੇ ਰਹਿਣ ਵਾਲੇ ਗੌਰਵ ਨਾਗਪਾਲ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਕਲਰਕ ਉਸ ਦੀ ਫਰਮ ਨਾਲ ਸਬੰਧਤ ਬਿੱਲਾਂ ਦੇ ਨਿਪਟਾਰੇ ਲਈ 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਉਸਨੇ ਅੱਗੇ ਦੱਸਿਆ ਕਿ ਦੋਸ਼ੀ ਬਿੱਲ ਕਲਰਕ ਪਹਿਲਾਂ ਹੀ ਇਸ ਸਬੰਧੀ ਦੋ ਕਿਸ਼ਤਾਂ ਵਿੱਚ 10,000 ਰੁਪਏ ਲੈ ਚੁੱਕਾ ਹੈ।
ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਫਿਰੋਜ਼ਪੁਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਤੀਜੀ ਕਿਸ਼ਤ ਵਜੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਉਸ ਕੋਲੋਂ ਰਿਸ਼ਵਤ ਦੀ ਰਕਮ ਬਰਾਮਦ ਕੀਤੀ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।