ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਸਰਕਾਰ ਨੂੰ ਗੁਰਦੁਆਰਾ ਪ੍ਰਬੰਧਾਂ ’ਚ ਦਖ਼ਲਅੰਦਾਜ਼ੀ ਬੰਦ ਕਰਨ ਦੀ ਤਾੜਨਾ

4676145
Total views : 5508263

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਕਮੇਟੀ ਵੱਲੋਂ ਪੁਲਿਸ ਦੀ ਮੱਦਦ ਨਾਲ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਵਿਚ ਕਬਜ਼ੇ ਲਈ ਕੀਤੀ ਗਈ ਧੱਕੇਸ਼ਾਹੀ ਅਤੇ ਸਿੱਖ ਮਰਯਾਦਾ ਦੀ ਉਲੰਘਣਾ ਦਾ ਸਖ਼ਤ ਨੋਟਿਸ ਲੈਂਦਿਆਂ ਹਰਿਆਣਾ ਸਰਕਾਰ ਨੂੰ ਗੁਰਦੁਆਰਾ ਪ੍ਰਬੰਧਾਂ ਵਿਚ ਦਖ਼ਲ ਬੰਦ ਕਰਨ ਦੀ ਤਾੜਨਾ ਕੀਤੀ। ਬੀਤੇ ਕੱਲ੍ਹ ਹਰਿਆਣਾ ਗੁਰਦੁਆਰਾ ਐਡਹਾਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਦੀ ਗੋਲਕ ਅਤੇ ਸ਼੍ਰੋਮਣੀ ਕਮੇਟੀ ਦੇ ਸਿੱਖ ਮਿਸ਼ਨ ਦਫ਼ਤਰ ਦੇ ਤਾਲੇ ਵੱਢ ਕੇ ਆਪਣੇ ਲਗਾਉਣ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਸੱਦੀ ਗਈ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਇਸ ਇਕੱਤਰਤਾ ਦੌਰਾਨ ਹਰਿਆਣਾ ਗੁਰਦੁਆਰਾ ਐਡਹਾਕ ਕਮੇਟੀ ਦੀ ਜੋਰ ਜਬਰੀ ਕਾਰਵਾਈ ਦੀ ਕਰੜੀ ਨਿੰਦਾ ਕੀਤੀ ਗਈ।

ਸਰਕਾਰ ਵੱਲੋਂ ਹਰਿਆਣਾ ਗੁਰਦੁਆਰਾ ਐਡਹਾਕ ਕਮੇਟੀ ਦੀ ਨਾਮਜ਼ਦਗੀ ਸੁਪਰੀਮ ਕੋਰਟ ਦੇ ਫੈਸਲੇ ਦੇ ਵਿਰੁੱਧ-ਐਡਵੋਕੇਟ ਧਾਮੀ


ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹਰਿਆਣਾ ਸਰਕਾਰ ਸੋਚੀ ਸਮਝੀ ਸਾਜ਼ਿਸ਼ ਤਹਿਤ ਹਰਿਆਣਾ ਦੇ ਗੁਰਦੁਆਰਿਆਂ ਨੂੰ ਆਪਣੇ ਕਬਜ਼ੇ ਵਿਚ ਲੈਣਾ ਚਾਹੁੰਦੀ ਹੈ। ਇਸੇ ਮਨਸ਼ਾ ਤਹਿਤ ਹੀ ਬੀਤੇ ਕੱਲ੍ਹ ਕੁਰੂਕਸ਼ੇਤਰ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਅੰਦਰ ਹਰਿਆਣਾ ਕਮੇਟੀ ਦੇ ਅਹੁਦੇਦਾਰ ਹਰਿਆਣਾ ਪੁਲਿਸ ਨੂੰ ਨਾਲ ਲੈ ਕੇ ਦਾਖ਼ਲ ਹੋਏ ਅਤੇ ਆਪਹੁਦਰੀ ਕਾਰਵਾਈ ਕਰਦਿਆਂ ਗੋਲਕ ਦੇ ਤਾਲੇ ਵੱਢ ਦਿੱਤੇ ਗਏ। ਇਸ ਮਗਰੋਂ ਧਰਮ ਪ੍ਰਚਾਰ ਕਮੇਟੀ ਦੇ ਕੁਰੂਕਸ਼ੇਤਰ ਸਥਿਤ ਸਿੱਖ ਮਿਸ਼ਨ ਦੇ ਦਫ਼ਤਰ ਦੇ ਵੀ ਤਾਲੇ ਤੋੜ ਕੇ ਵੀ ਕਬਜ਼ਾ ਕੀਤਾ ਗਿਆ। ਇਸ ਪ੍ਰਤੀ ਰੋਸ ਪ੍ਰਗਟਾਉਣ ਲਈ ਹਰਿਆਣਾ ਦੀਆਂ ਸੰਗਤਾਂ ਜਦੋਂ ਅੱਜ ਗੁਰਦੁਆਰਾ ਸਾਹਿਬ ਪੁੱਜੀਆਂ ਤਾਂ ਉਨ੍ਹਾਂ ’ਤੇ ਵੀ ਲਾਠੀਚਾਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਕਾਰਵਾਈ ’ਚ ਪੁਲਿਸ ਕਰਮੀਆਂ ਨੇ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬ ਦੀ ਪਰਕਰਮਾਂ ਵਿਚ ਦਾਖਲ ਹੋ ਕੇ ਸਿੱਖ ਮਰਯਾਦਾ ਦਾ ਘੋਰ ਉਲੰਘਣ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਕਾਰਵਾਈ ਬੇਹੱਦ ਨਿੰਦਣਯੋਗ ਹੈ, ਜਿਸ ਲਈ ਸਿੱਧੇ ਤੌਰ ’ਤੇ ਹਰਿਆਣਾ ਦੀ ਸਰਕਾਰ ਜ਼ੁੰਮੇਵਾਰ ਹੈ।
ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਮੈਂਬਰ ਸ. ਬਾਵਾ ਸਿੰਘ ਗੁਮਾਨਪੁਰਾ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਪਰਮਜੀਤ ਸਿੰਘ ਖਾਲਸਾ, ਸ. ਗੁਰਨਾਮ ਸਿੰਘ ਜੱਸਲ, ਬੀਬੀ ਗੁਰਿੰਦਰ ਕੌਰ ਭੋਲੂਵਾਲਾ ਸ਼ਾਮਲ ਸਨ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸ. ਸ਼ਾਹਬਾਜ਼ ਸਿੰਘ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ ਵੀ ਇਸ ਮੌਕੇ ਮੌਜੂਦ ਰਹੇ।

Share this News