Total views : 5507557
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪੰਜਾਬ ਵਿੱਚ ਇਸ ਵਾਰ ਝੋਨੇ ਦੀ ਕਟਾਈ ਦੌਰਾਨ ਪਰਾਲੀ ਨੂੰ ਅੱਗ ਲਾਉਣੀ ਸ਼ੁਰੂ ਹੋ ਗਈ ਹੈ। ਸੂਬੇ ਵਿੱਚ 15 ਸਤੰਬਰ ਤੋਂ ਝੋਨੇ ਦੀ ਕਟਾਈ ਸ਼ੁਰੂ ਹੋ ਗਈ ਹੈ ਪਰ ਪਿਛਲੇ 16 ਦਿਨਾਂ ਵਿੱਚ ਪਰਾਲੀ ਸਾੜਨ ਦੇ 342 ਮਾਮਲੇ ਸਾਹਮਣੇ ਆਏ ਹਨ। ਪਿਛਲੇ ਦੋ ਸਾਲਾਂ ਦੇ ਮੁਕਾਬਲੇ ਇਸ ਵਾਰ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਭਾਰੀ ਵਾਧਾ ਹੋਇਆ ਹੈ।
ਇਸ ਵਾਰ ਸਭ ਤੋਂ ਵੱਧ ਮਾਮਲੇ 15 ਸਤੰਬਰ ਤੋਂ 1 ਅਕਤੂਬਰ ਤੱਕ ਦੇ ਸਮੇਂ ਦੌਰਾਨ ਸਾਹਮਣੇ ਆਏ ਹਨ। ਅੰਮ੍ਰਿਤਸਰ ‘ਚ ਸਭ ਤੋਂ ਵੱਧ 86 ਥਾਵਾਂ ‘ਤੇ ਪਰਾਲੀ ਸਾੜੀ ਗਈ ਹੈ। ਸਰਕਾਰ ਦੇ ਸਾਰੇ ਦਾਅਵਿਆਂ ਦੇ ਬਾਵਜੂਦ ਪਰਾਲੀ ਸਾੜਨ ਦੇ ਮਾਮਲਿਆਂ ‘ਤੇ ਕਾਬੂ ਨਹੀਂ ਪਾਇਆ ਜਾ ਰਿਹਾ ਹੈ। ਝੋਨੇ ਦੀ ਕਟਾਈ ਦੌਰਾਨ ਪਰਾਲੀ ਸਾੜਨ ਕਾਰਨ ਮੌਸਮ ਦੇ ਖ਼ਰਾਬ ਹੋਣ ਦੀ ਸੰਭਾਵਨਾ ਵੱਧ ਗਈ ਹੈ।ਪਿਛਲੇ ਦੋ ਸਾਲਾਂ ਦੇ ਮੁਕਾਬਲੇ ਇਸ ਵਾਰ ਪਹਿਲੀ ਅਕਤੂਬਰ ਤੱਕ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਭਾਰੀ ਵਾਧਾ ਹੋਇਆ ਹੈ। ਪੰਜਾਬ ਵਿੱਚ ਸਾਲ 2021 ਵਿੱਚ 1 ਅਕਤੂਬਰ ਤੱਕ ਪਰਾਲੀ ਸਾੜਨ ਦੇ 228 ਮਾਮਲੇ ਦਰਜ ਕੀਤੇ ਗਏ ਸਨ, ਜਦਕਿ 2022 ਵਿੱਚ ਇਨ੍ਹਾਂ ਦੀ ਗਿਣਤੀ 192 ਸੀ। ਇਸ ਸਾਲ ਇਨ੍ਹਾਂ ਮਾਮਲਿਆਂ ਦੀ ਗਿਣਤੀ 342 ਤੱਕ ਪਹੁੰਚ ਗਈ ਹੈ। ਇਸ ਤਰ੍ਹਾਂ 16 ਸਤੰਬਰ ਤੋਂ 1 ਅਕਤੂਬਰ ਤੱਕ ਮਹਿਜ਼ 16 ਦਿਨਾਂ ਵਿੱਚ ਸੂਬੇ ਵਿੱਚ ਖੇਤਾਂ ਵਿੱਚ ਡੇਢ ਗੁਣਾ ਤੋਂ ਵੱਧ ਪਰਾਲੀ ਸਾੜੀ ਜਾ ਚੁੱਕੀ ਹੈ।
ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਰੈਵੇਨਿਊ ਰਿਕਾਰਡ ‘ਚ ਲੱਗੇਗੀ ਲਾਲ ਲਕੀਰ
ਪਿਛਲੇ ਸਾਲ ਸਭ ਤੋਂ ਵੱਧ ਪਰਾਲੀ ਸਾੜਨ ਦੀਆਂ ਘਟਨਾਵਾਂ ਪੰਜਾਬ ਦੇ ਪੰਜ ਜ਼ਿਲ੍ਹਿਆਂ ਸੰਗਰੂਰ, ਬਠਿੰਡਾ, ਫ਼ਿਰੋਜ਼ਪੁਰ, ਮੁਕਤਸਰ ਅਤੇ ਮੋਗਾ ਵਿੱਚ ਵਾਪਰੀਆਂ, ਜੋ ਕਿ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਕੁੱਲ ਘਟਨਾਵਾਂ ਦਾ ਲਗਭਗ 44 ਪ੍ਰਤੀਸ਼ਤ ਬਣਦੀਆਂ ਹਨ। ਇਸ ਸਾਲ ਸਰਕਾਰ ਨੇ ਆਪਣੀ ਕਾਰਜ ਯੋਜਨਾ ਤਹਿਤ ਛੇ ਜ਼ਿਲ੍ਹਿਆਂ ਹੁਸ਼ਿਆਰਪੁਰ, ਮਲੇਰਕੋਟਲਾ, ਪਠਾਨਕੋਟ, ਰੂਪਨਗਰ, ਐਸ.ਏ.ਐਸ.ਨਗਰ (ਮੁਹਾਲੀ) ਅਤੇ ਐਸ.ਬੀ.ਐਸ.ਨਗਰ ‘ਤੇ ਸਖ਼ਤ ਨਿਗਰਾਨੀ ਸ਼ੁਰੂ ਕੀਤੀ ਹੈ ਪਰ ਪਿਛਲੇ 16 ਦਿਨਾਂ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਭ ਤੋਂ ਵੱਧ .ਪਰਾਲੀ ਸਾੜਨ ਦੀਆਂ ਘਟਨਾਵਾਂ – 86. ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਤਰਨਤਾਰਨ ਵਿੱਚ ਵੀ ਪਰਾਲੀ ਸਾੜਨ ਦੇ 6 ਮਾਮਲੇ ਦਰਜ ਕੀਤੇ ਗਏ ਹਨ।
ਪ੍ਰਦੂਸ਼ਣ ਦਾ ਪੱਧਰ ਵਧਣ ਲੱਗਾ
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨਾਲ ਕਈ ਜ਼ਿਲ੍ਹਿਆਂ ਵਿੱਚ ਪ੍ਰਦੂਸ਼ਣ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਜਿੱਥੇ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ, ਉੱਥੇ ਹਵਾ ਪ੍ਰਦੂਸ਼ਣ ਦਾ ਪੱਧਰ 1 ਅਕਤੂਬਰ ਨੂੰ 86 ਤੋਂ ਵੱਧ ਕੇ 109 ਹੋ ਗਿਆ ਹੈ। ਇਸੇ ਤਰ੍ਹਾਂ ਮੰਡੀ ਗੋਬਿੰਦਗੜ੍ਹ ਵਿੱਚ ਪ੍ਰਦੂਸ਼ਣ ਦਾ ਪੱਧਰ 106 ਤੋਂ ਵੱਧ ਕੇ 167 ਹੋ ਗਿਆ ਹੈ।