ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ 20,000 ਰੁਪਏ ਅਤੇ ਏ.ਐਸ.ਆਈ 5000 ਰੁਪਏ ਰਿਸ਼ਵਤ ਲੈਦੇ ਕਾਬੂ

4677158
Total views : 5509749

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਸੁਖਮਿੰਦਰ ਸਿੰਘ ਗੰਡੀ ਵਿੰਡ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਥਾਣਾ ਮਲੌਦ, ਜ਼ਿਲ੍ਹਾ ਖੰਨਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ ਜਗਜੀਤ ਸਿੰਘ (ਨੰ: 462/ਖੰਨਾ) ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਹਰਦੀਪ ਸਿੰਘ ਵਾਸੀ ਪਿੰਡ ਸ਼ੇਖਾਂ, ਤਹਿਸੀਲ ਪਾਇਲ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦਫ਼ਤਰ ਲੁਧਿਆਣਾ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ 28 ਸਤੰਬਰ, 2023 ਨੂੰ ਉਸਦਾ ਭਰਾ ਜਗਤਾਰ ਸਿੰਘ ਆਪਣੇ ਮੋਟਰਸਾਈਕਲ (ਰਜਿਸਟ੍ਰੇਸ਼ਨ ਨੰਬਰ PB-10-HY-4663) ‘ਤੇ ਸਿਵਲ ਹਸਪਤਾਲ ਮਲੌਦ ਵਿਖੇ ਨਸ਼ਾ ਛੁਡਾਊ ਕੇਂਦਰ ਤੋਂ ਦਵਾਈ ਲੈਣ ਗਿਆ ਸੀ। ਦੁਪਹਿਰ ਬਾਅਦ ਉਨ੍ਹਾਂ ਨੂੰ ਪਤਾ ਲੱਗਾ ਕਿ ਉਸ ਦੇ ਭਰਾ ਜਗਤਾਰ ਸਿੰਘ ਖਿਲਾਫ਼ ਥਾਣਾ ਮਲੌਦ ਵਿਖੇ ਨਾਰਕੋਟਿਕ ਡਰੱਗਸ ਐਂਡ ਸਾਇਕੋਟ੍ਰੋਪਿਕ ਸਬਟਾਂਸਿਸ (ਐਨ.ਡੀ.ਪੀ.ਐਸ.) ਦਾ ਮਾਮਲਾ ਦਰਜ ਕੀਤਾ ਗਿਆ। ਇਸ ਤੋਂ ਬਾਅਦ ਸ਼ਿਕਾਇਤਕਰਤਾ ਆਪਣੇ ਪਿੰਡ ਵਾਸੀ ਪਰਮਜੀਤ ਸਿੰਘ ਨਾਲ ਥਾਣੇ ਗਿਆ ਅਤੇ ਉਕਤ ਐਸ.ਆਈ. ਨੂੰ ਮਿਲਿਆ, ਜਿਸ ਨੇ ਉਨ੍ਹਾਂ ਨੂੰ ਦੱਸਿਆ ਕਿ ਜਗਤਾਰ ਸਿੰਘ ਵਿਰੁੱਧ ਐਨ.ਡੀ.ਪੀ.ਐਸ. ਐਕਟ ਦੀ ਧਾਰਾ 22 ਤਹਿਤ 28 ਸਤੰਬਰ 2023 ਨੂੰ ਐਫ.ਆਈ.ਆਰ. 101 ਦਰਜ ਕੀਤੀ ਗਈ ਹੈ।

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਐਸ.ਆਈ. ਜਗਜੀਤ ਸਿੰਘ ਨੇ ਉਸ ਨੂੰ ਵੀ ਇਸ ਕੇਸ ਵਿੱਚ ਫਸਾਉਣ ਦੀ ਧਮਕੀ ਦਿੱਤੀ ਅਤੇ ਉਸ ਕੋਲੋਂ ਰਿਸ਼ਵਤ ਵਜੋਂ ਪਹਿਲਾਂ ਹੀ 15,000 ਰੁਪਏ ਲੈ ਚੁੱਕਿਆ ਹੈ।


ਐਸ.ਆਈ. ਜਗਜੀਤ ਸਿੰਘ ਨੇ ਉਨ੍ਹਾਂ ਨੂੰ ਦੱਸਿਆ ਕਿ ਮੋਟਰਸਾਈਕਲ ਬਾਰੇ ਅਜੇ ਤੱਕ ਕੇਸ ਵਿੱਚ ਜ਼ਿਕਰ ਨਹੀਂ ਕੀਤਾ ਗਿਆ ਅਤੇ ਇਸ ਮੋਟਰਸਾਈਕਲ ਨੂੰ ਕੇਸ ਵਿੱਚ ਸ਼ਾਮਲ ਨਾ ਕਰਨ ਲਈ ਰਿਸ਼ਵਤ ਵਜੋਂ 20,000 ਰੁਪਏ ਦੀ ਮੰਗ ਕੀਤੀ। ਸ਼ਿਕਾਇਤਕਰਤਾ ਹਰਦੀਪ ਸਿੰਘ ਨੇ ਰਿਸ਼ਵਤ ਨਾ ਦੇਣ ਬਾਰੇ ਸੋਚ ਕੇ ਵਿਜੀਲੈਂਸ ਬਿਊਰੋ ਰੇਂਜ ਦਫ਼ਤਰ ਲੁਧਿਆਣਾ ਵਿਖੇ ਪਹੁੰਚ ਕਰਨ ਦਾ ਫ਼ੈਸਲਾ ਕੀਤਾ।
ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਐਸ.ਆਈ. ਜਗਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧ ਵਿਚ ਉਕਤ ਪੁਲਿਸ ਮੁਲਾਜ਼ਮ ਖਿਲਾਫ਼ ਥਾਣਾ ਵਿਜੀਲੈਂਸ ਰੇਂਜ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਐਫ.ਆਈ.ਆਰ 25 ਮਿਤੀ 4 ਅਕਤੂਬਰ 2023 ਨੂੰ ਮਾਮਲਾ ਦਰਜ ਕੀਤਾ ਗਿਆ ਹੈ। ਫੜੇ ਗਏ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੀ ਕਾਰਵਾਈ ਜਾਰੀ ਹੈ।

 ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਦਾ ਏ.ਐਸ.ਆਈ.ਗ੍ਰਿਫਤਾਰ

ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਕੀਤੇ ਜਾ ਰਹੇ ਨਿਰੰਤਰ ਯਤਨਾਂ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਜ਼ਿਲ੍ਹਾ ਮਾਲੇਰਕੋਟਲਾ ਦੇ ਥਾਣਾ ਸੰਦੌੜ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਹਰਜਿੰਦਰ ਸਿੰਘ (ਨੰ. 310/ਸੰਗਰੂਰ) ਨੂੰ 5,000 ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫਤਾਰ ਕਰਕੇ ਇੱਕ ਹੋਰ ਸਫਲਤਾ ਦਰਜ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸਆਈ. ਹਰਜਿੰਦਰ ਸਿੰਘ ਦੀ ਗ੍ਰਿਫ਼ਤਾਰੀ ਮਲੇਰਕੋਟਲਾ ਦੇ ਪਿੰਡ ਝੁਨੇਰ ਦੇ ਵਸਨੀਕ ਸੰਦੀਪ ਸਿੰਘ ਸੋਨੂੰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ।


ਸ਼ਿਕਾਇਤਕਰਤਾ ਨੇ ਉਕਤ ਪੁਲਿਸ ਮੁਲਾਜ਼ਮ ਨਾਲ ਆਪਣੀ ਹੱਡਬੀਤੀ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਕਤ ਏ.ਐਸ.ਆਈ. ਨੇ ਨਸ਼ੀਲੇ ਪਦਾਰਥ ਰੱਖਣ ਦੇ ਸ਼ੱਕ ਤਹਿਤ ਉਸਦੇ ਘਰ ਦੀ ਤਲਾਸ਼ੀ ਲਈ ਸੀ। ਹਾਲਾਂਕਿ ਤਲਾਸ਼ੀ ਦੌਰਾਨ ਕੋਈ ਵੀ ਨਜਾਇਜ਼ ਜਾਂ ਗ਼ੈਰ-ਕਾਨੂੰਨੀ ਪਦਾਰਥ ਬਰਾਮਦ ਨਹੀਂ ਹੋਇਆ ਪਰ, ਇਸ ਦੇ ਬਾਵਜੂਦ ਏ.ਐਸ.ਆਈ. ਨੇ ਸ਼ਿਕਾਇਤਕਰਤਾ ਨੂੰ ਐਨ.ਡੀ.ਪੀ.ਐਸ. ਕਾਨੂੰਨ ਦਾ ਕੇਸ ਦਰਜ ਹੋਣ ਤੋਂ ਬਚਣ ਲਈ 7,000 ਰੁਪਏ ਰਿਸ਼ਵਤ ਵਜੋਂ ਦੇਣ ਲਈ ਜ਼ੋਰ ਪਾਇਆ। ਧਮਕੀਆਂ ਤੋਂ ਡਰਦਿਆਂ ਅਤੇ ਮਸਲੇ ਨੂੰ ਨਿਪਟਾਉਣ ਦੇ ਇਰਾਦੇ ਨਾਲ ਸ਼ਿਕਾਇਤਕਰਤਾ ਝਿਜਕਦੇ-ਝਿਜਕਦੇ, ਮਜਬੂਰੀਵੱਸ 5,000 ਰੁਪਏ ਰਿਸ਼ਵਤ ਦੇਣ ਲਈ ਰਾਜ਼ੀ ਹੋ ਗਿਆ।
ਇਹ ਸ਼ਿਕਾਇਤ ਮਿਲਣ ’ਤੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਨੇ ਮੁਢਲੀ ਜਾਂਚ ਕੀਤੀ ਅਤੇ ਉਕਤ ਏਐਸਆਈ ਹਰਜਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਐਫਆਈਆਰ ਨੰਬਰ 14 ਮਿਤੀ 4 ਅਕਤੂਬਰ 2023 ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਪੁਲਿਸ ਮੁਲਜ਼ਮ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Share this News