Total views : 5511169
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ ਬਾਰਡਰ ਨਿਊਜ ਸਰਵਿਸ
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਇੱਕ ਹੋਰ ਪੱਤਰ ਜਾਰੀ ਕੀਤਾ ਗਿਆ ਹੈ। ਇਸ ਵਾਰ ਪੰਜਾਬ ਦੇ ਰਾਜਪਾਲ ਨੇ ਪੱਤਰ ਵਿੱਚ ਰੇਤ ਦੀ ਖੁਦਾਈ ਦਾ ਮੁੱਦਾ ਉਠਾਇਆ ਹੈ।
ਇੰਨਾ ਹੀ ਨਹੀਂ ਹਾਲ ਹੀ ਵਿੱਚ ਤਰਨਤਾਰਨ ਤੋਂ ਤਬਾਦਲੇ ਕੀਤੇ ਗਏ ਐਸਐਸਪੀ ਗੁਰਮੀਤ ਸਿੰਘ ਚੌਹਾਨ ਅਤੇ ਰੇਤ ਦੀ ਮਾਈਨਿੰਗ ਰੋਕਣ ਗਈ ਪੁਲਿਸ ਟੀਮ ਨੂੰ ਮੁਅੱਤਲ ਕਰਨ ਦੇ ਮਾਮਲੇ ਵਿੱਚ ਵੀ ਵਿਸਥਾਰਤ ਰਿਪੋਰਟ ਮੰਗੀ ਗਈ ਹੈ।ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੱਤਰ ਵਿੱਚ ਲਿਖਿਆ ਕਿ ਮੈਂ ਪੁਲਿਸ ਵਿੱਚ ਭ੍ਰਿਸ਼ਟਾਚਾਰ, ਰਾਤ ਸਮੇਂ ਗੈਰ-ਕਾਨੂੰਨੀ ਮਾਈਨਿੰਗ ਵਿੱਚ ਵਿਧਾਇਕ ਦੇ ਕਰੀਬੀ ਰਿਸ਼ਤੇਦਾਰਾਂ ਦੀ ਸ਼ਮੂਲੀਅਤ ਅਤੇ ਪੁਲਿਸ ਅਧਿਕਾਰੀਆਂ ਦੀ ਮੁਅੱਤਲੀ ਅਤੇ ਬਾਅਦ ਵਿੱਚ ਸੀਨੀਅਰ ਪੁਲਿਸ (ਐੱਸ. ਐੱਸ. ਪੀ.) ਤਰਨਤਾਰਨ ਦੇ ਬਾਰੇ ਵਿਚ ਇਕ ਵਿਧਾਇਕ ਦੇ ਆਰੋਪਾਂ ਦੇ ਸਬੰਧੀ ਵਿਚ ਮੀਡੀਆ ‘ਚ ਵਿਰੋਧੀ ਖਬਰਾਂ ਪੜ੍ਹ ਰਿਹਾ ਹਾਂ।
ਗੈਰ-ਕਾਨੂੰਨੀ ਮਾਈਨਿੰਗ ਦਾ ਮੁੱਦਾ ਪੰਜਾਬ ਦਾ ਅਹਿਮ ਮੁੱਦਾ ਹੈ ਅਤੇ ਇਸ ਲਈ ਭ੍ਰਿਸ਼ਟਾਚਾਰ ਨੂੰ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ। ਇਸ ਦੇ ਪਿਛੋਕੜ ਵਿੱਚ ਕੁਝ ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਪੁਲਿਸ ਦੀ ਇੱਕ ਟੀਮ ਨੇ ਤਰਨਤਾਰਨ ਜ਼ਿਲ੍ਹੇ ਵਿੱਚ ਰਾਤ ਸਮੇਂ ਚੱਲ ਰਹੀ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀ ਦਾ ਪਰਦਾਫਾਸ਼ ਕੀਤਾ ਅਤੇ ਵਿਧਾਇਕ ਦਾ ਇੱਕ ਨਜ਼ਦੀਕੀ ਰਿਸ਼ਤੇਦਾਰ ਇਸ ਦਾ ਹਿੱਸਾ ਹੈ।
ਮੀਡੀਆ ਰਿਪੋਰਟਾਂ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ‘ਤੇ ਛਾਪਾ ਮਾਰਨ ਗਈ ਪੁਲਿਸ ਪਾਰਟੀ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ ਅਤੇ ਐਸਐਸਪੀ ਦਾ ਤਬਾਦਲਾ ਕਰ ਦਿੱਤਾ ਗਿਆ ਸੀ। ਇਨ੍ਹਾਂ ਮੀਡੀਆ ਰਿਪੋਰਟਾਂ ਦੇ ਮੱਦੇਨਜ਼ਰ ਮੈਂ ਵਿਧਾਇਕ ਦੇ ਦੋਸ਼ਾਂ, ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀ ਅਤੇ ਪੁਲਿਸ ਅਧਿਕਾਰੀਆਂ ਵਿਰੁੱਧ ਅਗਲੀ ਕਾਰਵਾਈ ਬਾਰੇ ਵਿਸਥਾਰਪੂਰਵਕ ਰਿਪੋਰਟ ਚਾਹੁੰਦਾ ਹਾਂ।ਦੱਸਣਯੋਗ ਹੈ ਕਿ ਹਲਕਾ ਖਡੂਰ ਸਾਹਿਬ ਵਿੱਚ ਰੇਤੇ ਦੇ ਨਾਜਾਇਜ਼ ਖਣਨ ਮਾਮਲੇ ’ਚ ਗੋਇੰਦਵਾਲ ਪੁਲਿਸ ਨੇ ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਇੱਕ ਕਰੀਬੀ ਰਿਸ਼ਤੇਦਾਰ ਨਿਸ਼ਾਨ ਸਿੰਘ ਸਮੇਤ ਦਸ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਦੂਜੇ ਪਾਸੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਪੁਲਿਸ ਦੀ ਇਸ ਕਾਰਵਾਈ ਨੂੰ ਝੂਠੀ ਦੱਸਦਿਆਂ ਜ਼ਿਲ੍ਹਾ ਪੁਲਿਸ ਮੁਖੀ ਦੀ ਕਾਰਗੁਜ਼ਾਰੀ ’ਤੇ ਸਵਾਲ ਵੀ ਚੁੱਕੇ ਸਨ। ਇਸ ਕਰਕੇ ਹੀ ਪੁਲਿਸ ਵਿਭਾਗ ਨੇ ਸੀਆਈਏ ਸਟਾਫ਼ ਦੇ ਚਾਰ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਹੈ।