Total views : 5507063
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ‘ਗੰਡੀ ਵਿੰਡ’
ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਦੋ ਪ੍ਰਾਈਵੇਟ ਵਿਅਕਤੀਆਂ ਨੂੰ ਪੱਤਰਕਾਰ ਹੋਣ ਦਾ ਡਰਾਵਾ ਦੇ ਕੇ ਇੱਕ ਸਰਕਾਰੀ ਮੁਲਾਜ਼ਮ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਆਪਣੇ ਆਪ ਨੂੰ ਮੀਡੀਆ ਕਰਮੀ ਦੱਸਣ ਵਾਲੇ ਦੋ ਮੁਲਜ਼ਮਾਂ ਦੀ ਪਛਾਣ ਅੰਮ੍ਰਿਤ ਪਾਲ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਪਥਰੇੜੀ ਅਤੇ ਜਤਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਜ਼ਿਲ੍ਹਾ ਰੂਪਨਗਰ ਵਜੋਂ ਹੋਈ ਹੈ। ਉਕਤ ਦੋਵਾਂ ਮੁਲਜ਼ਮਾਂ ਨੂੰ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜਨੀਅਰ (ਜੇ.ਈ.) ਸੋਮ ਨਾਥ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਜੇ.ਈ. ਨੇ ਐਸ.ਏ.ਐਸ.ਨਗਰ ਹੈੱਡਕੁਆਰਟਰ ਵਿਖੇ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਆਪਣੇ ਆਪ ਨੂੰ ਪੱਤਰਕਾਰ ਦੱਸ ਰਹੇ ਦੋ ਵਿਅਕਤੀਆਂ ਨੇ ਉਸ ਕੋਲੋਂ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਵੀਡੀਓ ਕਲਿੱਪ ਅਪਲੋਡ ਕਰਨ ਦੀ ਧਮਕੀ ਦਿੱਤੀ।
ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ, ਆਰਥਿਕ ਅਪਰਾਧ ਸ਼ਾਖਾ ਨੇ ਕਾਰਵਾਈ ਕਰਦਿਆਂ ਉਕਤ ਦੋਹਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ਤੇ ਹੀ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਦੋਵਾਂ ਅਖੌਤੀ ਪੱਤਰਕਾਰਾਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ-1, ਥਾਣਾ ਐਸ.ਏ.ਐਸ. ਨਗਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਅਗਲੇਰੀ ਤਫ਼ਤੀਸ਼ ਕਰਨ, ਮੁਲਜ਼ਮਾਂ ਦੇ ਢੰਗ-ਤਰੀਕੇ ਦਾ ਪਰਦਾਫਾਸ਼ ਕਰਨ ਅਤੇ ਉਨ੍ਹਾਂ ਦੇ ਅਖੌਤੀ ਸੋਸ਼ਲ ਮੀਡੀਆ ਚੈਨਲ ਦੀ ਜਾਂਚ ਕਰਨ ਵਾਸਤੇ ਮੁਲਜ਼ਮਾਂ ਦਾ ਪੁਲਿਸ ਰਿਮਾਂਡ ਲੈਣ ਲਈ ਉਨ੍ਹਾਂ ਨੂੰ ਭਲਕੇ ਸਮਰੱਥ ਅਦਾਲਤ ਅੱਗੇ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।