ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

4675241
Total views : 5506758

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਵਧੀਕ ਹੈੱਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਸਮੇਤ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਸਜਾਏ ਗਏ, ਜੋ ਸੰਗਤਾਂ ਲਈ ਖਿੱਚ ਦਾ ਕੇਂਦਰ ਰਹੇ। 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਮਗਰੋਂ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਇਤਿਹਾਸ ਨਾਲ ਜੋੜਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਬੋਧਨ ਕਰਦਿਆਂ ਸੰਗਤਾਂ ਨੂੰ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਕਾਰਜ ਤੇ ਉਪਦੇਸ਼ ਮਨੁੱਖਤਾ ਨੂੰ ਅੰਮ੍ਰਿਤਮਈ ਜੀਵਨ ਸੇਧਾਂ ਦੇਣ ਵਾਲੇ ਹਨ ਅਤੇ ਅੱਜ ਹਰ ਸਿੱਖ ਦਾ ਫ਼ਰਜ਼ ਹੈ ਕਿ ਗੁਰੂ ਆਸ਼ੇ ਮੁਤਾਬਿਕ ਜੀਵਨ ਜੀਵੇ। ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਕਰਦਿਆਂ ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਸੁੰਦਰ ਜਲੌ 
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲਾਂ ਕਾਲਜਾਂ ਦੇ ਬੱਚਿਆਂ ਦੇ ਕਰਵਾਏ ਗਏ ਧਾਰਮਿਕ ਮੁਕਾਬਲਿਆਂ ’ਚੋਂ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਨਮਾਨਿਤ ਵੀ ਕੀਤਾ ਗਿਆ। ਇਹ ਮੁਕਾਬਲੇ ਬੀਤੇ ਵੱਖ-ਵੱਖ ਦਿਨਾਂ ਵਿਚ ਕਰਵਾਏ ਗਏ ਸਨ। ਇਸ ਤੋਂ ਇਲਾਵਾ ਕਵੀ ਦਰਬਾਰ ਵਿਚ ਪੰਥਕ ਕਵੀਆਂ ਨੇ ਚੌਥੇ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਦੀ ਦੇਣ ਨੂੰ ਕਵਿਤਾਵਾਂ ਰਾਹੀਂ ਸੰਗਤਾਂ ਨਾਲ ਸਾਂਝਾ ਕੀਤਾ। ਵੱਖ-ਵੱਖ ਮਹਾਂਪੁਰਖਾਂ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧ ਵੱਲੋਂ ਸੰਗਤਾਂ ਵਾਸਤੇ ਲੰਗਰਾਂ ਦੇ ਵਿਸ਼ਾਲ ਪ੍ਰਬੰਧ ਕੀਤੇ ਗਏ ਸਨ।
ਇਸੇ ਦੌਰਾਨ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ ਅਤੇ ਪੜਤਾਲ ਗਾਇਨ ਕੀਰਤਨ ਸਮਾਗਮ ਹੋਇਆ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਚੌਥੇ ਪਾਤਸ਼ਾਹ ਜੀ ਦੀ ਪਾਵਨ ਬਾਣੀ ਦਾ ਰਾਗਾਂ ਅਧਾਰਿਤ ਗਾਇਨ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ, ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਬਲਜੀਤ ਸਿੰਘ, ਗਿਆਨੀ ਰਾਜਦੀਪ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਮੈਂਬਰ ਸ. ਬਾਵਾ ਸਿੰਘ ਗੁਮਾਨਪੁਰਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਗੁਰਮੀਤ ਸਿੰਘ ਬੂਹ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਕੌਰ ਸਿੰਘ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਚਰਨਜੀਤ ਸਿੰਘ ਕਾਲੇਵਾਲ, ਸ. ਪਰਮਜੀਤ ਸਿੰਘ ਰਾਏਪੁਰ, ਸ. ਖੁਸ਼ਵਿੰਦਰ ਸਿੰਘ ਭਾਟੀਆ, ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਪ੍ਰੀਤਪਾਲ ਸਿੰਘ, ਸਾਬਕਾ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਗੁਰਚਰਨ ਸਿੰਘ ਕੁਹਾਲਾ, ਸ. ਕੁਲਦੀਪ ਸਿੰਘ ਰੋਡੇ, ਸ. ਜਸਵਿੰਦਰ ਸਿੰਘ ਜੱਸੀ, ਪ੍ਰੋ. ਸੁਖਦੇਵ ਸਿੰਘ, ਸ. ਸ਼ਾਹਬਾਜ਼ ਸਿੰਘ, ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਪਰਮਜੀਤ ਸਿੰਘ, ਸੁਪਰਡੈਂਟ ਸ. ਨਿਸ਼ਾਨ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਅਤੇ ਹੋਰ ਮੌਜੂਦ ਸਨ।
ਸ਼੍ਰੋਮਣੀ ਕਮੇਟੀ ਵੱਲੋਂ 31 ਰਾਗਾਂ ’ਤੇ ਅਧਾਰਿਤ ‘ਰਾਗ ਨਾਦ ਸੰਬਾਦ’ ਪ੍ਰੋਗਰਾਮ ਦਾ ਪੋਸਟਰ ਜਾਰੀ 
ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕੀਤਾ ਗਿਆ 31 ਰਾਗਾਂ ’ਤੇ ਅਧਾਰਿਤ ‘ਰਾਗ ਨਾਦ ਸੰਬਾਦ’ ਪ੍ਰੋਗਰਾਮ ਦਾ ਪੋਸਟਰ ਜਾਰੀ ਕੀਤਾ ਗਿਆ। ਇਹ ਪੋਸਟਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਜੀ ਨੇ ਜਾਰੀ ਕੀਤਾ। ਇਸ ਮੌਕੇ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਬਾਣੀ 31 ਰਾਗਾਂ ਵਿਚ ਹੈ। ਪੰਥ ਪ੍ਰਸਿੱਧ ਰਾਗੀ ਜਥਿਆਂ ਵੱਲੋਂ ਇਨ੍ਹਾਂ 31 ਰਾਗਾਂ ਵਿਚ ਗੁਰਬਾਣੀ ਦਾ ਗਾਇਨ ਕੀਤਾ ਜਾਵੇਗਾ, ਤਾਂ ਜੋ ਸੰਗਤਾਂ ਨੂੰ ਇਨ੍ਹਾਂ ਰਾਗਾਂ ਦੀ ਜਾਣਕਾਰੀ ਮਿਲੇ। ਉਨ੍ਹਾਂ ਕਿਹਾ ਕਿ ਇਸ ਦੇ ਅਗਲੇ ਪੜਾਅ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਆਈਆਂ ਹੋਰ ਗਾਇਨ ਸ਼ੈਲੀਆਂ ਨੂੰ ਵੀ ਇਸ ਦਾ ਹਿੱਸਾ ਬਣਾਇਆ ਜਾਵੇਗਾ। ਇਸੇ ਦੌਰਾਨ ਭਾਈ ਪਿੰਦਰਪਾਲ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਅੰਦਰ ਗੁਰੂ ਸਾਹਿਬ ਨੇ ਗੁਰਬਾਣੀ ਨੂੰ ਗਾਇਨ ਕਰਨ ਦੀਆਂ ਸ਼ੈਲੀਆਂ ਬਾਰੇ ਬੇਸ਼ਕੀਮਤੀ ਸੰਕੇਤ ਦਰਜ ਕੀਤੇ ਹਨ। ਸ਼੍ਰੋਮਣੀ ਕਮੇਟੀ ਦਾ ਇਹ ਉਪਰਾਲਾ ਸੰਗਤਾਂ ਲਈ ਲਾਹੇਵੰਤ ਸਾਬਤ ਹੋਵੇਗਾ। 
Share this News