Total views : 5505362
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ‘ਗੰਡੀ ਵਿੰਡ’
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਪੀਰੂਬੰਦਾ, ਪੂਰਬੀ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਗੁਰਵਿੰਦਰ ਸਿੰਘ ਅਤੇ ਉਸ ਦੇ ਨਿੱਜੀ ਏਜੰਟ ਨਿੱਕੂ ਵਿਰੁੱਧ 34.70 ਲੱਖ ਰੁਪਏ ਰਿਸ਼ਵਤ ਲੈਣ ਲਈ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਕੇਸ ‘ਚ ਪਟਵਾਰੀ ਦੇ ਭਰਾ ਅਤੇ ਪਿਤਾ ਨੂੰ ਵੀ ਰਿਸ਼ਵਤ ਲੈਣ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਸ਼ਾਮਲ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਬੱਬੂ ਤੰਵਰ ਵਾਸੀ ਕਸਬਾ ਰਾਮਪੁਰਾ ਫੂਲ, ਜ਼ਿਲ੍ਹਾ ਬਠਿੰਡਾ ਨੇ ਉਕਤ ਪਟਵਾਰੀ ਅਤੇ ਉਸ ਦੇ ਪ੍ਰਾਈਵੇਟ ਏਜੰਟ ਖਿਲਾਫ਼ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਕਤ ਦੋਵਾਂ ਮੁਲਜ਼ਮਾਂ ਨੇ ਸਾਲ 1994 ਵਿੱਚ ਰਜਿਸਟਰੀ ਹੋਈ ਆਪਣੇ ਪਿਤਾ ਦੀ ਜਾਇਦਾਦ ਦਾ ਇੰਤਕਾਲ ਮਨਜ਼ੂਰ ਕਰਾਉਣ ਬਦਲੇ 40,000 ਰੁਪਏ ਦੀ ਰਿਸ਼ਵਤ ਲਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਦੀ ਟੀਮ ਵੱਲੋਂ ਆਨਲਾਈਨ ਸ਼ਿਕਾਇਤ ਦੀ ਪੜਤਾਲ ਕੀਤੀ ਗਈ ਜਿਸ ਦੌਰਾਨ ਸਾਹਮਣੇ ਆਇਆ ਕਿ ਉਕਤ ਪਟਵਾਰੀ, ਉਸਦੇ ਏਜੰਟ ਨਿੱਕੂ, ਪਿਤਾ ਪਰਮਜੀਤ ਸਿੰਘ ਅਤੇ ਉਕਤ ਪਟਵਾਰੀ ਦੇ ਭਰਾ ਨੇ ਆਪਸ ਵਿੱਚ ਮਿਲੀਭੁਗਤ ਕਰਕੇ ਉਸਦੇ ਪਿਤਾ ਦੀ ਲੁਧਿਆਣਾ ਦੇ ਬੱਸ ਸਟੈਂਡ ਨੇੜੇ ਸਥਿਤ ਜਾਇਦਾਦ ਦੇ ਇੰਤਕਾਲ ਨੂੰ ਮਨਜ਼ੂਰੀ ਦੇਣ ਬਦਲੇ ਵੱਖ-ਵੱਖ ਸਮਿਆਂ ‘ਤੇ ਚਾਰ ਵਾਰੀ ‘ਚ ਕੁੱਲ 27,50,000 ਰੁਪਏ ਰਿਸ਼ਵਤ ਲਈ ਹੈ।
ਰਿਸ਼ਵਤ ਚੜ੍ਹਦੇ ਪੰਜਾਬ ਦੀ ਤੇ ਜੁੱਤੀ ਲਹਿੰਦੇ ਪੰਜਾਬ ਦੀ…!
ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਉਂਦਿਆਂ ਕਿਹਾ ਕਿ ਉਕਤ ਪਟਵਾਰੀ ਅਤੇ ਉਸ ਦੇ ਏਜੰਟ ਨਿੱਕੂ ਨੇ ਉਸ ਤੋਂ ਸਮਾਰਟ ਘੜੀਆਂ ਸਮੇਤ ਦੋ ’ਆਈ-ਫੋਨ’ ਅਤੇ 3 ਲੱਖ ਰੁਪਏ ਕੀਮਤ ਵਾਲੀਆਂ ਪਾਕਿਸਤਾਨੀ ਜੁੱਤੀਆਂ ਖਰੀਦਣ ਲਈ 3,40,000 ਰੁਪਏ ਵੀ ਲਏ ਸਨ। ਇਸ ਤੋਂ ਇਲਾਵਾ ਸ਼ਿਕਾਇਤਕਰਤਾ ਵੱਲੋਂ ਉਕਤ ਪਟਵਾਰੀ ਦੇ ਵਿਚੋਲੀਏ ਨਿੱਕੂ ਦੀ ਜਨਮ ਦਿਨ ਪਾਰਟੀ ਮੌਕੇ ਵੀ 80,000 ਰੁਪਏ ਖਰਚ ਕੀਤੇ ਸਨ।
ਬੁਲਾਰੇ ਨੇ ਦੱਸਿਆ ਕਿ ਤਫ਼ਤੀਸ਼ ਮੁਤਾਬਕ ਉਕਤ ਪਟਵਾਰੀ ਨੇ ਨਾ ਤਾਂ ਇਸ ਜਾਇਦਾਦ ਦਾ ਇੰਤਕਾਲ ਦਰਜ ਕੀਤਾ ਅਤੇ ਨਾ ਹੀ ਸ਼ਿਕਾਇਤਕਰਤਾ ਤੋਂ ਪ੍ਰਾਪਤ ਕੀਤੀ ਰਕਮ ਵਾਪਸ ਕੀਤੀ, ਜਿਸ ਤੋਂ ਸਿੱਧ ਹੁੰਦਾ ਹੈ ਕਿ ਦੋਵਾਂ ਮੁਲਜ਼ਮਾਂ ਨੇ ਰਿਸ਼ਵਤ ਲੈ ਕੇ ਵੀ ਉਸ ਨਾਲ ਠੱਗੀ ਕੀਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਪਟਵਾਰੀ ਗੁਰਵਿੰਦਰ ਸਿੰਘ, ਉਸਦੇ ਸਾਥੀ ਨਿੱਕੂ ਸਮੇਤ ਪਟਵਾਰੀ ਦੇ ਭਰਾ ਅਤੇ ਪਿਤਾ ਨੂੰ ਰਿਸ਼ਵਤ ਮੰਗਣ ਅਤੇ ਲੈਣ ਅਤੇ ਆਪਸੀ ਮਿਲੀਭੁਗਤ ਨਾਲ ਸਾਜ਼ਿਸ਼ ਰਚਣ ਵਿੱਚ ਦੋਸ਼ੀ ਪਾਉਂਦਿਆਂ, ਇਨ੍ਹਾਂ ’ਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7-ਏ ਅਤੇ ਆਈ.ਪੀ.ਸੀ. ਦੀ ਧਾਰਾ 420, 120-ਬੀ ਦੇ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਐਫ.ਆਈ.ਆਰ. ਨੰਬਰ 29 ਮਿਤੀ 24-11-2023 ਨੂੰ ਮੁਕੱਦਮਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪੁੱਛਗਿੱਛ ’ਚ ਸ਼ਾਮਿਲ ਹੋਣ ਲਈ ਨਹੀਂ ਆਏ ਅਤੇ ਇਸ ਮਾਮਲੇ ’ਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ।