Total views : 5514415
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪਟਿਆਲਾ ਕੇਂਦਰੀ ਜੇਲ੍ਹ ਵਿਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਅੱਜ ਮੁਲਾਕਾਤ ਕਰਨ ਗਏ ਸ਼੍ਰੋਮਣੀ ਅਕਾਲੀ ਦਲ ਦੇ ਦੋ ਮੈਂਬਰੀ ਵਫਦ ਨੂੰ ਜੇਲ੍ਹ ਦੇ ਬਾਹਰੋਂ ਮੋੜ ਦੇਣ ਦੀ ਘਟਨਾ ਨੂੰ ਜਮਹੂਰੀ ਹੱਕ ਖੋਹਣ ਦੀ ਅਣਮਨੁੱਖੀ ਕਾਰਵਾਈ ਕਰਾਰ ਦਿੱਤਾ ਹੈ।
ਗਿਆਨੀ ਰਘਬੀਰ ਸਿੰਘ ਨੇ ਜਾਰੀ ਬਿਆਨ ਵਿਚ ਆਖਿਆ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਪਿਛਲੇ 17 ਸਾਲਾਂ ਤੋਂ 8 ਫੁੱਟ ਦੀ ਫਾਂਸੀ ਵਾਲੀ ਚੱਕੀ ਵਿਚ ਨਜ਼ਰਬੰਦ ਹਨ ਅਤੇ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਰਾਸ਼ਟਰਪਤੀ ਕੋਲ ਪਾਈ ਪਟੀਸ਼ਨ ਉੱਪਰ ਲਗਪਗ 11 ਸਾਲ ਬੀਤ ਜਾਣ ‘ਤੇ ਵੀ ਕੋਈ ਫੈਸਲਾ ਨਾ ਹੋਣਾ ਮਨੁੱਖੀ ਅਧਿਕਾਰਾਂ ਦਾ ਬਹੁਤ ਵੱਡਾ ਉਲੰਘਣ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲ਼ੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭਾਈ ਰਾਜੋਆਣਾ ਸਬੰਧੀ ਲੰਬਿਤ ਪਟੀਸ਼ਨ ‘ਤੇ ਨਿਪਟਾਰੇ ਸਬੰਧੀ ਜ਼ਰੂਰੀ ਪੈਰਵਾਈ ਸਬੰਧੀ ਦਿੱਤੇ ਆਦੇਸ਼ਾਂ ਅਨੁਸਾਰ ਹੀ ਅੱਜ ਸ਼੍ਰੋਮਣੀ ਅਕਾਲੀ ਦਲ ਦਾ ਦੋ ਮੈਂਬਰੀ ਵਫਦ ਭਾਈ ਰਾਜੋਆਣਾ ਦੇ ਨਾਲ ਮੁਲਾਕਾਤ ਕਰਨ ਗਿਆ ਸੀ ਕਿਉਂਕਿ ਭਾਈ ਰਾਜੋਆਣਾ ਨੇ 5 ਦਸੰਬਰ ਨੂੰ ਜੇਲ੍ਹ ਵਿਚ ਭੁੱਖ ਹੜਤਾਲ ਰੱਖਣ ਦਾ ਐਲਾਨ ਕੀਤਾ ਸੀ ਅਤੇ ਇਹ ਵਫਦ ਉਨ੍ਹਾਂ ਨੂੰ ਭੁੱਖ ਹੜਤਾਲ ਨਾ ਰੱਖਣ ਸਬੰਧੀ ਅਪੀਲ ਕਰਨ ਗਿਆ ਸੀ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਨਾਲ ਜੁੜੇ ਇਸ ਅਤਿ ਨਾਜ਼ੁਕ ਤੇ ਸੰਵੇਦਨਸ਼ੀਲ ਮਸਲੇ ‘ਤੇ ਜੇਲ੍ਹ ਪ੍ਰਸ਼ਾਸਨ ਵਲੋਂ ਸਹਿਯੋਗ ਦੇਣ ਦੀ ਬਜਾਇ ਵਫਦ ਨੂੰ ਮੁਲਾਕਾਤ ਕਰਨ ਤੋਂ ਬਗੈਰ ਹੀ ਜੇਲ੍ਹ ਦੇ ਬਾਹਰੋੰ ਮੋੜ ਦੇਣ ਨਾਲ ਪੰਜਾਬ ਸਰਕਾਰ ਦੀ ਮਨਸ਼ਾ ‘ਤੇ ਵੀ ਵੱਡੇ ਸਵਾਲ ਖੜ੍ਹੇ ਹੁੰਦੇ ਹਨ।
ਉਨ੍ਹਾਂ ਕਿਹਾ ਕਿ ਹਰੇਕ ਕੈਦੀ ਦਾ ਆਪਣੇ ਸਬੰਧੀਆਂ ਦੇ ਨਾਲ ਮੁਲਾਕਾਤ ਕਰਨਾ ਜਮਹੂਰੀ ਹੱਕ ਹੁੰਦਾ ਹੈ ਪਰ ਅੱਜ ਭਾਈ ਰਾਜੋਆਣਾ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੂੰ ਰੋਕ ਕੇ ਪ੍ਰਸ਼ਾਸਨ ਨੇ ਆਪਣੀ ਮਨਸ਼ਾ ਜ਼ਾਹਰ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਤਲਖੀ ਪੈਦਾ ਕਰਨ ਵਾਲਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਹਠੀ ਰਵੱਈਏ ਦੀ ਬਜਾਇ ਬੰਦੀ ਸਿੰਘਾਂ ਦੇ ਮਨੁੱਖੀ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਵਾਲੀ ਪਹੁੰਚ ਅਪਨਾਉਣੀ ਚਾਹੀਦੀ ਹੈ ਤਾਂ ਜੋ ਪੰਜਾਬ ਵਿਚ ਸਦਭਾਵਨਾ ਵਾਲਾ ਸਾਜਗਾਰ ਮਾਹੌਲ ਬਣਿਆ ਰਹੇ।