ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਫਾਰਮੇਸੀ ਕੌਂਸਲ ਦੇ ਦੋ ਸਾਬਕਾ ਰਜਿਸਟਰਾਰ ਅਤੇ ਸੁਪਰਡੈਂਟ ਗ੍ਰਿਫ਼ਤਾਰ

4679561
Total views : 5513927

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਜਾਂਚ ਦੌਰਾਨ ਕਈ ਜਾਅਲੀ ਡੀ-ਫਾਰਮੇਸੀ ਸਰਟੀਫਿਕੇਟਾਂ ਦਾ ਪਤਾ ਲੱਗਾ

ਸੁਖਮਿੰਦਰ ਸਿੰਘ ‘ਗੰਡੀ ਵਿੰਡ’

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਵਿੱਚ ਵੱਡੇ ਘਪਲੇ ਦਾ ਪਰਦਾਫਾਸ਼ ਕਰਦਿਆਂ ਦੋ ਸਾਬਕਾ ਰਜਿਸਟਰਾਰਾਂ ਅਤੇ ਇੱਕ ਸੁਪਰਡੈਂਟ ਨੂੰ ਕਥਿਤ ਤੌਰ ‘ਤੇ ਨਿੱਜੀ ਫਾਰਮੇਸੀ ਸੰਸਥਾਵਾਂ ਦੇ ਸਹਿਯੋਗ ਨਾਲ ਉਮੀਦਵਾਰਾਂ ਦੀ ਰਜਿਸਟਰੇਸ਼ਨ ਕਰਨ ਅਤੇ ਫਾਰਮਾਸਿਸਟਾਂ ਨੂੰ ਸਰਟੀਫਿਕੇਟ ਜਾਰੀ ਕਰਨ ਨਾਲ ਸਬੰਧਤ ਗੰਭੀਰ ਬੇਨਿਯਮੀਆਂ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਸੰਬਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਇੰਕੁਆਰੀ ਨੰ. 04/2019 ਦੌਰਾਨ ਹੋਈ ਪੁਛਗਿੱਛ ਉਪਰੰਤ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਪਰਵੀਨ ਕੁਮਾਰ ਭਾਰਦਵਾਜ ਤੇ ਡਾ. ਤੇਜਬੀਰ ਸਿੰਘ (ਦੋਵੇਂ ਸਾਬਕਾ ਰਜਿਸਟਰਾਰ), ਅਤੇ ਅਸ਼ੋਕ ਕੁਮਾਰ ਲੇਖਾਕਾਰ (ਮੌਜੂਦਾ ਸੁਪਰਡੈਂਟ) ਸ਼ਾਮਲ ਹਨ।

ਦੋਸ਼ੀ ਰਜਿਸਟਰਾਰ ਤੇ ਮੁਲਾਜ਼ਮਾਂ ਨੇ ਫਾਰਮਾਸਿਸਟਾਂ ਦੀ ਰਜਿਸਟ੍ਰੇਸ਼ਨ ਦੌਰਾਨ ਲਾਜ਼ਮੀ ਤਸਦੀਕ ਪ੍ਰਕਿਰਿਆ ਨੂੰ ਕੀਤਾ ਅਣਗੌਲਿਆਂ

ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ, ਜੋ ਸੂਬੇ ਦੇ ਸਰਕਾਰੀ ਕਾਲਜਾਂ ਵਿੱਚ ਡੀ-ਫਾਰਮੇਸੀ ਕੋਰਸਾਂ ਦੇ ਦਾਖਲਿਆਂ ਦੀ ਆਨਲਾਈਨ ਕਾਊਂਸਲਿੰਗ ਕਰਵਾਉਂਦਾ ਹੈ ਉਸ ਕਾਊਂਸਲਿੰਗ ਦੌਰਾਨ ਪ੍ਰਾਈਵੇਟ ਸੰਸਥਾਵਾਂ ਵਿੱਚ ਖਾਲੀ ਅਸਾਮੀਆਂ ਰਹਿ ਜਾਂਦੀਆਂ ਹਨ। ਇਨ੍ਹਾਂ ਸੀਟਾਂ ਨੂੰ ਭਰਨ ਲਈ ਪ੍ਰਾਈਵੇਟ ਕਾਲਜਾਂ ਨੇ ਕਥਿਤ ਤੌਰ ‘ਤੇ ਉਕਤ ਰਜਿਸਟਰਾਰਾਂ ਅਤੇ ਪੀ.ਐਸ.ਪੀ.ਸੀ. ਦੇ ਕਰਮਚਾਰੀਆਂ ਦੀ ਮਿਲੀਭੁਗਤ ਨਾਲ ਦੂਜੇ ਸੂਬਿਆਂ ਦੇ ਵਿਦਿਆਰਥੀਆਂ ਨੂੰ ਲਾਜ਼ਮੀ ਮਾਈਗ੍ਰੇਸ਼ਨ ਸਰਟੀਫਿਕੇਟ ਪ੍ਰਾਪਤ ਕੀਤੇ ਬਿਨਾਂ, ਇਨ੍ਹਾਂ ਉਮੀਦਵਾਰਾਂ ਤੋਂ ਵੱਡੀ ਰਿਸ਼ਵਤ ਲੈ ਕੇ ਕਥਿਤ ਤੌਰ ‘ਤੇ ਦਾਖਲਾ ਦਿੱਤਾ। ਇਸ ਤੋਂ ਇਲਾਵਾ, ਪ੍ਰਾਈਵੇਟ ਤੌਰ ‘ਤੇ ਮੈਡੀਕਲ ਜਾਂ ਗੈਰ-ਮੈਡੀਕਲ ਸਟ੍ਰੀਮਾਂ ਵਿੱਚ 10+2 ਕਰਨ ਵਾਲੇ ਕਈ ਵਿਦਿਆਰਥੀਆਂ ਨੂੰ ਵੀ ਲੋੜੀਂਦੀ 10+2 ਵਿਦਿਅਕ ਯੋਗਤਾਵਾਂ ਨਾਲ ਡੀ-ਫਾਰਮੇਸੀ ਕੋਰਸ ਵਿਚ ਦਾਖਲਾ ਦਿੱਤਾ ਗਿਆ, ਜਦੋਂ ਕਿ ਯੋਗਤਾ ਅਨੁਸਾਰ 10+2 ਰੈਗੂਲਰ ਤੌਰ ‘ਤੇ ਅਤੇ ਵਿਗਿਆਨ ਦੇ ਪ੍ਰੈਕਟੀਕਲ ਵਿਚ ਭਾਗ ਲੈ ਕੇ ਪਾਸ ਕੀਤੀ ਹੋਣੀ ਚਾਹੀਦੀ ਹੈ।
ਉਨ੍ਹਾਂ ਦੱਸਿਆ ਕਿ ਰਜਿਸਟਰਾਰ ਵਜੋਂ ਡਾ. ਅਭਿੰਦਰ ਸਿੰਘ ਥਿੰਦ, ਡਾ. ਤੇਜਬੀਰ ਸਿੰਘ ਅਤੇ ਪਰਵੀਨ ਕੁਮਾਰ ਭਾਰਦਵਾਜ ਦੀ ਮਿਲੀਭੁਗਤ ਕਾਰਨ ਬਹੁਤ ਸਾਰੇ ਜਾਅਲੀ ਫਾਰਮੇਸੀ ਸਰਟੀਫਿਕੇਟ ਜਾਰੀ ਕੀਤੇ ਗਏ, ਜਿਸ ਨਾਲ ਜਨਤਕ ਸਿਹਤ ਅਤੇ ਸੁਰੱਖਿਆ ਨੂੰ ਖ਼ਤਰੇ ਵਿੱਚ ਪਾਇਆ ਗਿਆ।
ਉਪਰੋਕਤ ਬੇਨਿਯਮੀਆਂ ਨੂੰ ਧਿਆਨ ਵਿੱਚ ਰੱਖਦਿਆਂ, ਉਕਤ ਖਿਲਾਫ ਐਫ.ਆਈ.ਆਰ. 17 ਮਿਤੀ 8.12.23 ਨੂੰ ਆਈ.ਪੀ.ਸੀ. ਦੀ ਧਾਰਾ 420, 465, 466, 468, 471, 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਹੋਰ ਤਫ਼ਤੀਸ਼ ਦੌਰਾਨ ਪੀ.ਐਸ.ਪੀ.ਸੀ. ਦੇ ਹੋਰ ਅਧਿਕਾਰੀਆਂ, ਮੁਲਾਜ਼ਮਾਂ ਅਤੇ ਕਲਰਕਾਂ ਦੇ ਨਾਲ-ਨਾਲ ਪ੍ਰਾਈਵੇਟ ਕਾਲਜਾਂ ਨਾਲ ਜੁੜੇ ਵਿਅਕਤੀਆਂ ਦੀਆਂ ਭੂਮਿਕਾਵਾਂ ਦੀ ਵੀ ਜਾਂਚ ਕੀਤੀ ਜਾਵੇਗੀ।

Share this News