Total views : 5508786
Total views : 5508786
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬੀ.ਐਨ.ਈ ਬਿਊਰੋ
ਪੰਜਾਬ ਭਰ ਵਿੱਚ ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਵਿਕਾਸ ਪ੍ਰਾਜੈਕਟਾਂ ਤੇਜੀ ਨਾਲ ਮੁਕੰਮਲ ਕੀਤੇ ਜਾਣਗੇ, ਇਹ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਵਾਤਾਵਰਣ ਅਤੇ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਅੱਜ ਇਥੇ ਮਿਉਂਸੀਪਲ ਭਵਨ ਸੈਕਟਰ 35 ਚੰਡੀਗੜ੍ਹ ਵਿਖੇ ਸਥਾਨਕ ਸਰਕਾਰਾਂ ਮੰਤਰੀ ਨੇ ਵਿਭਾਗ ਦੇ ਮੁੱਖ ਦਫ਼ਤਰ ਦੇ ਅਧਿਕਾਰੀਆਂ, ਸਮੂਹ ਡਿਪਟੀ ਕਮਿਸ਼ਨਰਾਂ, ਨਗਰ ਨਿਗਮ ਦੇ ਸਮੂਹ ਕਮਿਸ਼ਨਰਾਂ ਅਤੇ ਸਮੂਹ ਵਧੀਕ ਡਿਪਟੀ ਕਮਿਸ਼ਨਰਾਂ (ਜਨਰਲ/ਸ਼ਹਿਰੀ ਵਿਕਾਸ) ਨਾਲ ਵੀਡੀਓ ਕਾਨਫਰੰਸ ਰਾਹੀਂ ਸਮੀਖਿਆ ਮੀਟਿੰਗ ਕਰਦਿਆਂ ਵੱਖ ਵੱਖ ਸਕੀਮਾਂ ਅਧੀਨ ਅਣਵਰਤੇ ਫੰਡਾਂ ਨੂੰ ਤੁਰੰਤ ਖਰਚਿਆ ਜਾਵੇ ਤਾਂ ਜੋ ਲੋਕਾਂ ਨੂੰ ਜਲਦ ਤੋ ਜਲਦ ਬੁਨਿਆਦੀ ਸਹੂਲਤਾਂ ਦਿੱਤੀਆਂ ਜਾ ਸਕਣ।
ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਵਿਭਾਗੀ ਅਧਿਕਾਰੀਆਂ, ਸਮੂਹ ਡਿਪਟੀ ਕਮਿਸ਼ਨਰਾਂ, ਨਗਰ ਨਿਗਮਾਂ ਦੇ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਸਮੀਖਿਆ ਮੀਟਿੰਗ
ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਅਮਰੂਤ ਸਕੀਮ, ਸਵੱਛ ਭਾਰਤ ਮਿਸ਼ਨ ਅਤੇ ਸਮਾਰਟ ਸਿਟੀ ਮਿਸ਼ਨ ਅਧੀਨ ਵਿਕਾਸ ਕਾਰਜਾਂ ਦੀ ਰਿਪੋਰਟ ਲਈ, ਅਤੇ ਅਧਿਕਾਰੀਆਂ ਨੂੰ ਵੱਖ-ਵੱਖ ਮੱਦਾਂ ਅਧੀਨ ਪਏ ਅਣਵਰਤੇ ਫੰਡਾਂ ਨੂੰ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਾਂ ਦੀ ਭਲਾਈ ਲਈ ਵਿਕਾਸ ਕਾਰਜਾਂ ‘ਤੇ ਛੇਤੀ ਖਰਚ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਜੇਕਰ ਅਣਵਰਤੇ ਫੰਡਜ਼ ਨੂੰ ਲੋਕਾਂ ਦੀ ਭਲਾਈ ਲਈ ਸਮੇਂ ਸਿਰ ਨਹੀਂ ਖਰਚਿਆਂ ਜਾਂਦਾ ਤਾਂ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ ਵਿਰੁੱਧ ਬਣਦੀ ਕਾਰਵਾਈ ਉਲੀਕੀ ਜਾਵੇਗੀ।
ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ (ਜਨਰਲ/ਸ਼ਹਿਰੀ ਵਿਕਾਸ) ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਵੱਖਰੀ ਮੀਟਿੰਗ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹਿਰੀ ਸਥਾਨਕ ਇਕਾਈਆਂ ਵਿੱਚ ਸਾਫ਼-ਸਫਾਈ, ਸਾਫ਼ ਪਾਣੀ ਮੁਹੱਈਆ ਕਰਵਾਉਣ, ਸਟਰੀਟ ਲਾਈਟਾਂ, ਸੀਵੇਰਜ ਅਤੇ ਪਾਰਕਾਂ ਆਦਿ ਦੇ ਕੰਮਾਂ ਵੱਲ ਵਿਸ਼ੇਸ ਧਿਆਨ ਦਿੱਤਾ ਜਾਵੇ। ਉਨ੍ਹਾਂ ਨੇ ਡੀਸੀਜ਼ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਜਿੱਥੇ ਕਿਤੇ ਵਾਟਰ ਟਰੀਟਮੈਂਟ ਪਲਾਂਟ, ਸੀਵਰੇਜ਼ ਟਰੀਟਮੈਂਟ ਪਲਾਂਟਾਂ ਲਈ ਢੁੱਕਵੀ ਜਗ੍ਹਾਂ ਦੀ ਭਾਲ ਕਰਨ ਜਾਂ ਕਿਸੇ ਤਰ੍ਹਾਂ ਦੀ ਕੋਈ ਹੋਰ ਦਿੱਕਤ ਪੇਸ਼ ਆਉਂਦੀ ਹੈ, ਉਥੇ ਸਬੰਧਤ ਮਿਉਸੀਪਲ ਕਮਿਸ਼ਨਰ ਨਾਲ ਤਾਲਮੇਲ ਕਰਕੇ ਇਸ ਦਾ ਹੱਲ ਪਹਿਲ ਦੇ ਅਧਾਰ ‘ਤੇ ਕੱਢਿਆ ਜਾਵੇ।
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਆਪਣੇ ਹਲਕੇ ਦੇ ਵਿਧਾਇਕਾਂ ਨਾਲ ਸਬੰਧਤ ਵਿਕਾਸ ਕਾਰਜਾਂ ਸਬੰਧੀ ਪੂਰੀ ਜਾਣਕਾਰੀ ਸਾਂਝੀ ਕਰਨ ਤਾਂ ਜੋ ਸੂਬਾ ਵਾਸੀਆਂ ਦੀ ਜ਼ਰੂਰਤ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਸਕਣ। ਇਸ ਤੋਂ ਇਲਾਵਾ ਉਨ੍ਹਾ ਕਿਹਾ ਕਿ ਵਿਕਾਸ ਕਾਰਜਾਂ ਸਬੰਧੀ ਸਕੀਮਾਂ ਨੂੰ ਸਮੇਂ ਸਿਰ ਲਾਗੂ ਕੀਤਾ ਜਾਵੇ ਅਤੇ ਪੈਸੇ ਦਾ ਸਹੀ ਇਸਤੇਮਾਲ ਕੀਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਕੋਲ ਵਿਕਾਸ ਕਾਰਜ਼ਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ।
ਮੰਤਰੀ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਨਦੇਹੀ ਨਾਲ ਅਤੇ ਆਪਸੀ ਸਹਿਯੋਗ ਨਾਲ ਕੰਮ ਕਰਨਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਸੂਬਾ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਚਾਹੁੰਦੀ ਹੈ। ਇਸ ਲਈ ਜੇਕਰ ਕੋਈ ਵਿਅਕਤੀ ਭ੍ਰਿਸ਼ਟਾਚਾਰ ਵਿੱਚ ਲਿੱਪਤ ਪਾਇਆ ਜਾਂਦਾ ਹੈ ਤਾਂ ਉਸਨੂੰ ਬਖ਼ਸਿਆ ਨਹੀਂ ਜਾਵੇਗਾ।
ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀ.ਈ.ਓ. ਮਾਲਵਿੰਦਰ ਸਿੰਘ ਜੱਗੀ, ਪੀ ਐਮ ਆਈ ਡੀ ਸੀ ਦੇ ਸੀ ਈ ਓ ਦੀਪਤੀ ਉੱਪਲ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।