ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ 10 ਜਨਵਰੀ ਨੂੰ ਆਰੰਭ ਹੋਵੇਗਾ ‘ਆਪੇ ਗੁਰੁ ਚੇਲਾ’ ਨਗਰ ਕੀਰਤਨ

4676148
Total views : 5508267

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


 ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 17 ਜਨਵਰੀ 2024 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਕੌਮੀ ਪੱਧਰ ’ਤੇ ਮਨਾਏ ਜਾ ਰਹੇ ਪ੍ਰਕਾਸ ਗੁਰਪੁਰਬ ਦੇ ਸਬੰਧ ਵਿਚ ‘ਆਪੇ ਗੁਰੁ ਚੇਲਾ’ ਵਿਸ਼ਾਲ ਨਗਰ ਕੀਰਤਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਭਲਕੇ 10 ਜਨਵਰੀ ਨੂੰ ਖਾਲਸਈ ਜਾਹੋ-ਜਲਾਲ ਨਾਲ ਆਰੰਭ ਕੀਤਾ ਜਾਵੇਗਾ। ਇਹ ਨਗਰ ਕੀਰਤਨ ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ ’ਤੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ 16 ਜਨਵਰੀ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ। ਨਗਰ ਕੀਰਤਨ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਨੁਸਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ 17 ਜਨਵਰੀ ਨੂੰ ਕੀਤੇ ਜਾਣ ਵਾਲੇ ਪ੍ਰਕਾਸ਼ ਗੁਰਪੁਰਬ ਸਮਾਗਮ ਮੌਕੇ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਜਥੇ ਹਾਜ਼ਰੀ ਭਰਨਗੇ। ਇਸ ਦੇ ਨਾਲ ਹੀ ਪੰਥ ਪ੍ਰਮੁੱਖ ਸ਼ਖ਼ਸੀਅਤਾਂ ਵੀ ਸ਼ਿਰਕਤ ਕਰਨਗੀਆਂ।
ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਗੁਰਪੁਰਬ ਸਮਾਗਮ ਤੋਂ ਪਹਿਲਾਂ 10 ਜਨਵਰੀ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਆਰੰਭ ਹੋਵੇਗਾ, ਜੋ 16 ਜਨਵਰੀ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਪੁੱਜ ਕੇ ਸੰਪੰਨ ਹੋਵੇਗਾ। ਉਨ੍ਹਾਂ ਦੱਸਿਆ ਕਿ 10 ਜਨਵਰੀ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋ ਕੇ ਨਗਰ ਕੀਰਤਨ ਦਾ ਰਾਤ ਦਾ ਵਿਸ਼ਰਾਮ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਸ੍ਰੀ ਚਮਕੌਰ ਸਾਹਿਬ ਵਿਖੇ ਹੋਵੇਗਾ। 11 ਜਨਵਰੀ ਨੂੰ ਸ੍ਰੀ ਚਮਕੌਰ ਸਾਹਿਬ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ, 12 ਜਨਵਰੀ ਨੂੰ ਆਲਮਗੀਰ ਤੋਂ ਗੁਰਦੁਆਰਾ ਸ੍ਰੀ ਮੈਹਦੇਆਣਾ ਸਾਹਿਬ, 13 ਜਨਵਰੀ ਨੂੰ ਮੈਹਦੇਆਣਾ ਸਾਹਿਬ ਤੋਂ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਜੈਤੋ, 14 ਜਨਵਰੀ ਨੂੰ ਜੈਤੋ ਤੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ, 15 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਗੁਰਦੁਆਰਾ ਸ੍ਰੀ ਹਾਜੀਰਤਨ ਬਠਿੰਡਾ ਅਤੇ 16 ਜਨਵਰੀ ਬਠਿੰਡਾ ਤੋਂ ਚੱਲ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਪੁੱਜੇਗਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ 17 ਜਨਵਰੀ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੁੱਖ ਸਮਾਗਮ ਹੋਵੇਗਾ ਅਤੇ 18 ਜਨਵਰੀ ਨੂੰ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਹੱਲਾ ਸਜਾਇਆ ਜਾਵੇਗਾ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ’ਤੇ ਸਵਾਗਤ ਕਰਨ ਦੇ ਨਾਲ-ਨਾਲ ਮੁੱਖ ਸਮਾਗਮ ਦੌਰਾਨ ਭਰਵੀਂ ਸ਼ਮੂਲੀਅਤ ਕਰਨ।
Share this News