ਗਣਤੰਤਰ ਦਿਵਸ ਤੋਂ ਲੋਕਾਂ ਦੀ ਸੇਵਾ ਲਈ ਸਮਰਪਿਤ ਹੋਵੇਗੀ ਸੜਕ ਸੁਰੱਖਿਆ ਫੋਰਸ: ਮੁੱਖ ਮੰਤਰੀ

4677313
Total views : 5510122

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 461 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਦਸਮੇਸ਼ ਪਿਤਾ ਦੇ ਨਕਸ਼ੇ ਕਦਮ ‘ਤੇ ਚੱਲਣ ਦਾ ਸੱਦਾ ਦਿੱਤਾ।
ਇੱਥੇ ਮਿਊਂਸਿਪਲ ਭਵਨ ਵਿਖੇ ਨਿਯੁਕਤੀ ਪੱਤਰ ਦੇਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਨੇ ਸਾਨੂੰ ਜ਼ੁਲਮ, ਬੇਇਨਸਾਫ਼ੀ ਅਤੇ ਦਮਨ ਵਿਰੁੱਧ ਲੜਨ ਦਾ ਉਪਦੇਸ਼ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਦਿਹਾੜੇ ‘ਤੇ ਸਾਨੂੰ ਸਾਰਿਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣ ਦਾ ਪ੍ਰਣ ਲੈਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਲੋਕਾਂ ਦੀ ਸੇਵਾ ਉਤਸ਼ਾਹ ਨਾਲ ਕਰਨੀ ਚਾਹੀਦੀ ਹੈ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ ‘ਤੇ 461 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ 

ਮੁੱਖ ਮੰਤਰੀ ਨੇ ਦੱਸਿਆ ਕਿ ਆਗਾਮੀ ਗਣਤੰਤਰ ਦਿਵਸ ਮੌਕੇ ਸੜਕ ਸੁਰੱਖਿਆ ਫੋਰਸ ਲੋਕਾਂ ਦੀ ਸੇਵਾ ਵਿੱਚ ਸਮਰਪਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਵੇਲੇ ਇਹ ਫੋਰਸ ਕਪੂਰਥਲਾ ਵਿਖੇ ਸਿਖਲਾਈ ਲੈ ਰਹੀ ਹੈ ਅਤੇ ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਘਟਾਉਣ ਲਈ ਤੇ ਸੂਬੇ ਦੀਆਂ ਸੜਕਾਂ ‘ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਇਸ ਫੋਰਸ ਦੀ ਸ਼ੁਰੂਆਤ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੀ ਕਿਸਮ ਦੀ ਇਹ ਪਹਿਲੀ ਵਿਸ਼ੇਸ਼ ਫੋਰਸ ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ਵਿੱਚ ਅਜਾਈਂ ਜਾ ਰਹੀਆਂ ਕੀਮਤੀ ਜਾਨਾਂ ਬਚਾਉਣ ਲਈ ਅਹਿਮ ਭੂਮਿਕਾ ਨਿਭਾਏਗੀ ਅਤੇ ਇਸ ਫੋਰਸ ਨੂੰ ਗਲਤ ਡਰਾਈਵਿੰਗ ਨੂੰ ਰੋਕਣ, ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਸੜਕ ਹਾਦਸਿਆਂ ਦੀ ਜਾਂਚ ਦਾ ਕੰਮ ਸੌਂਪਿਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸ਼ੁਰੂਆਤੀ ਤੌਰ ‘ਤੇ ਅਤਿ-ਆਧੁਨਿਕ ਯੰਤਰਾਂ ਨਾਲ ਲੈਸ ਲਗਪਗ 130 ਵਾਹਨ ਹਰ 30 ਕਿਲੋਮੀਟਰ ਦੇ ਘੇਰੇ ਬਾਅਦ ਸੜਕਾਂ ਉੱਤੇ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਾਹਨਾਂ ਵਿੱਚ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਐਮਰਜੈਂਸੀ ਇਲਾਜ ਮੁਹੱਈਆ ਕਰਵਾਉਣ ਲਈ ਪੂਰੀ ਮੈਡੀਕਲ ਕਿੱਟ ਵੀ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਸਮੇਂ ਸਿਰ ਲੋੜੀਂਦੀ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਲਈ ਫੋਰਸ ਨੂੰ ਟਰੌਮਾ ਸੈਂਟਰਾਂ ਨਾਲ ਜੋੜਿਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਅਤੇ ਲੀਡਰ ਦੇ ਗੁਣਾਂ ਨਾਲ ਭਰਪੂਰ ਹੁੰਦੇ ਹਨ, ਜਿਸ ਕਾਰਨ ਉਨ੍ਹਾਂ ਨੇ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਮਿਹਨਤ ਅਤੇ ਸਮਰਪਣ ਬੇਮਿਸਾਲ ਹੈ, ਜਿਸ ਕਾਰਨ ਉਹ ਹਰ ਖੇਤਰ ਵਿੱਚ ਮੱਲਾਂ ਮਾਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਦੇ ਇਸ ਜਜ਼ਬੇ ਨੂੰ ਸੂਬੇ ਨੂੰ ਅੱਗੇ ਲੈ ਜਾਣ ਲਈ ਸਹੀ ਢੰਗ ਨਾਲ ਵਰਤਿਆ ਜਾ ਸਕਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਵੱਲੋਂ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਤੋਂ ਲੈ ਕੇ ਸਬ-ਇੰਸਪੈਕਟਰ ਤੱਕ ਦੀਆਂ ਵੱਖ-ਵੱਖ ਅਸਾਮੀਆਂ ਲਈ ਨਿਯਮਤ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਇਨਵੈਸਟੀਗੇਸ਼ਨ ਕਾਡਰ ਵਿੱਚ ਨਵੇਂ ਭਰਤੀ ਕੀਤੇ ਗਏ 200 ਸਿਵਲੀਅਨ ਸਪੋਰਟ ਸਟਾਫ਼ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ, ਜਿਨ੍ਹਾਂ ਵਿੱਚ ਕਾਨੂੰਨੀ ਅਫ਼ਸਰ, ਸਹਾਇਕ ਕਾਨੂੰਨੀ ਅਫ਼ਸਰ, ਵਿੱਤੀ ਅਫ਼ਸਰ, ਸਹਾਇਕ ਵਿੱਤੀ ਅਫ਼ਸਰ ਅਤੇ ਫੋਰੈਂਸਿਕ ਅਫ਼ਸਰ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ ਤਫ਼ਤੀਸ਼ੀ ਕਾਡਰ ਲਈ ਪਹਿਲੀ ਵਾਰ ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ ਵਿੰਗ ਵਿੱਚ 245 ਨਵੇਂ ਸਬ-ਇੰਸਪੈਕਟਰ ਵੀ ਭਰਤੀ ਕੀਤੇ ਗਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਅੱਜ ਇਨਵੈਸਟੀਗੇਸ਼ਨ ਕੇਡਰ ਵਿੱਚ ਨਵੇਂ ਭਰਤੀ ਹੋਏ ਹੌਲਦਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਹੌਲਦਾਰਾਂ ਦੀ ਸਿੱਧੀ ਭਰਤੀ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਬਿਊਰੋ ਆਫ ਇਨਵੈਸਟੀਗੇਸ਼ਨ (ਪੀ.ਬੀ.ਓ.ਆਈ.) ਵਿੰਗ ਵਿੱਚ ਹੌਲਦਾਰਾਂ ਦੀ ਭਰਤੀ ਨਾਲ ਜਾਂਚ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਵਿੱਚ ਮਦਦ ਮਿਲੇਗੀ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਦਰ ਵਿੱਚ ਹੋਰ ਵਾਧਾ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਹੌਲਦਾਰਾਂ ਦੀ ਭਰਤੀ ਨਾਲ ਵੱਖ-ਵੱਖ ਤਰ੍ਹਾਂ ਦੇ ਅਪਰਾਧਾਂ ਨਾਲ ਨਜਿੱਠਣ ਲਈ ਪੁਲਿਸ ਬਲ ਨੂੰ ਹੁਲਾਰਾ ਮਿਲੇਗਾ ਅਤੇ ਡੂੰਘਾਈ ਨਾਲ ਜਾਂਚ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਕਾਂਸਟੇਬਲ ਦੀਆਂ 1746 ਅਸਾਮੀਆਂ ਅਤੇ ਸਬ-ਇੰਸਪੈਕਟਰ ਦੀਆਂ 288 ਅਸਾਮੀਆਂ ਲਈ ਸਾਲਾਨਾ ਭਰਤੀ ਪ੍ਰਕਿਰਿਆ ਵੀ ਜਾਰੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਵਿੱਖ ਵਿੱਚ ਵੀ ਸੂਬਾ ਸਰਕਾਰ ਪੰਜਾਬ ਪੁਲਿਸ ਵਿੱਚ ਹਰ ਸਾਲ 1800 ਕਾਂਸਟੇਬਲ ਅਤੇ 300 ਸਬ-ਇੰਸਪੈਕਟਰਾਂ ਦੀ ਭਰਤੀ ਜਾਰੀ ਰੱਖੇਗੀ ਤਾਂ ਜੋ ਹਰ ਨੌਜਵਾਨ ਨੂੰ ਇਸ ਵੱਕਾਰੀ ਪੁਲਿਸ ਫੋਰਸ ਦਾ ਹਿੱਸਾ ਬਣਨ ਦਾ ਮੌਕਾ ਮਿਲ ਸਕੇ।

 

 

Share this News