





Total views : 5841461







Total views : 5841461ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਜਸਬੀਰ ਸਿੰਘ ਲੱਡੂ,ਲਾਲੀ ਕੈਰੋ
75ਵੇਂ ਗਣਤੰਤਰ ਦਿਵਸ ਦੇ ਮੌਕੇ ‘ਤੇ ਜ਼ਿਲਾ ਪੱਧਰੀ ਸਮਾਗਮ ਪੁਲਿਸ ਗਰਾਊਂਡ ਤਰਨ ਤਾਰਨ ਵਿਖੇ ਪੂਰੀ ਸ਼ਾਨੋ-ਸ਼ੌਕਤ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ, ਜਿਸ ਦੌਰਾਨ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਦਾ ਨਿਰੀਖਣ ਕੀਤਾ।
ਇਸ ਮੌਕੇ ਜ਼ਿਲ੍ਹਾ ਤੇ ਸ਼ੈਸਨ ਜੱਜ ਸ਼੍ਰੀਮਤੀ ਪ੍ਰਿਆ ਸੂਦ, ਜ਼ਿਲਾ ਪੁਲਿਸ ਮੁਖੀ ਸ੍ਰੀ ਅਸ਼ਵਨੀ ਕਪੂਰ ਉਨਾਂ ਦੇ ਨਾਲ ਸਨ।ਸਮਾਗਮ ਦੌਰਾਨ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਪਰੇਡ ਕਮਾਂਡਰ ਆਈ. ਪੀ. ਐੱਸ. ਸ੍ਰੀ ਰਿਸ਼ਭ ਭੋਲਾ ਦੀ ਅਗਵਾਈ ਵਿਚ ਪੰਜਾਬ ਪੁਲਿਸ, ਮਹਿਲਾ ਪੁਲਿਸ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਪਰੇਡ ਵਿੱਚ ਹਿੱਸਾ ਲਿਆ ਅਤੇ ਸ਼ਾਨਦਾਰ ਮਾਰਚ ਪਾਸਟ ਕਰਕੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਅਤੇ ਸਰਕਾਰੀ ਸਕੀਮਾਂ ਨੂੰ ਦਰਸਾਉਂਦੀਆਂ ਦਿਲਕਸ਼ ਝਾਕੀਆਂ ਵੀ ਕੱਢੀਆਂ ਗਈਆਂ।
ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਅਦਾ ਕੀਤੀ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ
ਇਸ ਮੌਕੇ ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ 75ਵੇਂ ਗਣਤੰਤਰ ਦਿਵਸ ਮੌਕੇ ਦੇਸ਼-ਵਿਦੇਸ਼ ਵਿੱਚ ਵੱਸਦੇ ਸਾਰੇ ਭਾਰਤੀਆਂ ਖ਼ਾਸ ਤੌਰ ‘ਤੇ ਪੰਜਾਬੀਆਂ ਵਧਾਈ ਦਿੱਤੀ ਅਤੇ ਕਿਹਾ ਕਿ ਮੈਂ ਦੇਸ਼ ਦੀਆਂ ਤਿੰਨੋਂ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਬਹਾਦਰ ਸੂਰਬੀਰਾਂ ਨੂੰ ਸਲਾਮ ਕਰਦਾ ਹਾਂ, ਜੋ ਸਾਡੇ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਦੀ ਰਾਖੀ ਕਰ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਤਰਨ ਤਾਰਨ ਦੇ ਵਿੱਦਿਅਕ ਅਦਾਰਿਆਂ ਵਿੱਚ ਸ਼ਨੀਵਾਰ ਦੀ ਛੁੱਟੀ ਦਾ ਕੀਤਾ ਐਲਾਨ

ਸ੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਦ੍ਰਿੜ੍ਹ ਸੰਕਲਪ ਹੈ। ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ ਅਤੇ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ।
ਸ੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਰਾਜ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਵੱਲੋਂ 664 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਵਾ ਸੌ ਹੋਰ ਆਮ ਆਦਮੀ ਕਲੀਨਿਕ ਖੋਲਣ ਦੀ ਤਿਆਰੀ ਹੈ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ 10.77 ਲੱਖ ਰਾਸ਼ਨ ਕਾਰਡ ਲਾਭਪਾਤਰੀਆਂ ਦੇ ਲਾਭ ਬਹਾਲ ਕਰਨ ਦਾ ਫੈਸਲਾ ਕੀਤਾ ਹੈ, ਜਿਸ ਨਾਲ ਸਾਰੇ ਯੋਗ ਲਾਭਪਾਤਰੀ ਜਨਤਕ ਵੰਡ ਪ੍ਰਣਾਲੀ ਤਹਿਤ ਵੰਡੇ ਜਾ ਰਹੇ ਰਾਸ਼ਨ ਦਾ ਲਾਭ ਅਤੇ ਸੂਬਾ ਸਰਕਾਰ ਵੱਲੋਂ ਘਰ-ਘਰ ਰਾਸ਼ਨ ਪਹੁੰਚਾਉਣ ਲਈ ਸ਼ੁਰੂ ਕੀਤੀ ਜਾ ਰਹੀ ਸਕੀਮ ਦਾ ਫਾਇਦਾ ਉਠਾ ਸਕਣਗੇ।
ਉਹਨਾਂ ਕਿਹਾ ਕਿ ਸਿਹਤ ਵਿਭਾਗ, ਤਰਨ ਤਾਰਨ ਵੱਲੋ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ 18 ਆਮ ਆਦਮੀ ਕਲੀਨਿਕ ਕੰਮ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਤਰਨ ਤਾਰਨ ਵਿੱਚ ਫੇਸ-5 ਦੌਰਾਨ 11 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਜਲਦੀ ਸਪੁਰਦ ਕੀਤੇ ਜਾਣਗੇ।ਉਹਨਾਂ ਕਿਹਾ ਕਿ ਮਗਨਰੇਗਾ ਅਧੀਨ ਰੋਜ਼ਾਨਾ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਟੀਚਿਆਂ ਵਿੱਚ ਜ਼ਿਲ੍ਹਾ ਤਰਨ ਤਾਰਨ ਪੰਜਾਬ ਭਰ ਵਿੱਚ ਦੂਜੇ ਸਥਾਨ ‘ਤੇ ਪਹੁੰਚ ਗਿਆ ਹੈ।
ਇਸ ਮੌਕੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵੱਲੋਂ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿਸ਼ੇਸ ਤੌਰ ‘ਤੇ ਸਨਮਾਨਿਤ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਟਰਾਈ ਸਾਈਕਲ ਤੇ ਸਲਾਈ ਮਸ਼ੀਨਾਂ ਵੀ ਭੇਂਟ ਕੀਤੀਆਂ ਗਈਆਂ।ਇਸ ਤੋਂ ਇਲਾਵਾ ਖੇਮਕਰਨ, ਰਾਜੋਕੇ ਅਤੇ ਨਾਰਲੀ ਦੀਆਂ ਪਿੰਡ ਪੱਧਰੀ ਸੁਰੱਖਿਆ ਕੇਮਟੀਆਂ ਨੂੰ ਵੀ ਖਾਸ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਵੱਖ-ਵੱਖ ਖੇਤਰਾਂ ’ਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਸਖ਼ਸੀਅਤਾਂ ਅਤੇ ਬਿਹਤਰੀਨ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਨਮਾਨਿਤ ਕਰਨ ਦੇ ਨਾਲ-ਨਾਲ ਪਰੇਡ ਵਿੱਚ ਭਾਗ ਲੈਣ ਵਾਲੀਆਂ ਟੁਕੜੀਆਂ ਦਾ ਵੀ ਸਨਮਾਨ ਕੀਤਾ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਤਰਨ ਤਾਰਨ ਦੇ ਵਿੱਦਿਅਕ ਅਦਾਰਿਆਂ ਵਿੱਚ ਸ਼ਨੀਵਾਰ ਨੂੰ ਛੁੱਟੀ ਕਰਨ ਦਾ ਵੀ ਐਲਾਨ ਕੀਤਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸਿਮਰਨਦੀਪ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਸਰਬਜੀਤ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਕਿਰਤਪ੍ਰੀਤ ਕੌਰ, ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪਾਲ ਸਿੰਘ ਪੰਨੂ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ