Total views : 5509223
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਟਰੱਸਟ ਵੱਲੋਂ ਪੀੜ੍ਹਤ ਪਰਿਵਾਰ ਨੂੰ 2500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਵਾਂਗੇ : ਡਾ: ਓਬਰਾਏ
ਅੰਮ੍ਰਿਤਸਰ /ਉਪਿੰਦਰਜੀਤ ਸਿੰਘ
ਖਾੜੀ ਮੁਲਕਾਂ ਅੰਦਰ ਰੱਬ ਦੇ ਫਰਿਸ਼ਤੇ ਵੱਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਨਾਰਲਾ ਨਾਲ ਸਬੰਧਿਤ 35 ਸਾਲਾ ਗੁਰਜੰਟ ਸਿੰਘ ਪੁੱਤਰ ਕਾਬਲ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਇੱਕ ਮਸੂਮ ਬੱਚੇ ਦਾ ਪਿਤਾ ਗੁਰਜੰਟ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਅਜੇ ਬੀਤੀ 21 ਮਾਰਚ ਨੂੰ ਹੀ ਦੁਬਈ ਆਇਆ ਸੀ ਕਿ ਕੇਵਲ 10 ਦਿਨ ਬਾਅਦ ਹੀ 31 ਮਾਰਚ ਨੂੰ ਅਣਕਿਆਸੇ ਹਲਾਤਾਂ ‘ਚ ਉਸਦੀ ਮੌਤ ਹੋ ਗਈ। ਡਾ.ਓਬਰਾਏ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਜਦ ਮ੍ਰਿਤਕ ਦੇ ਵਾਰਸਾਂ ਨੇ ਉਨ੍ਹਾਂ ਨੂੰ ਅੰਮ੍ਰਿਤਸਰ ਟੀਮ ਰਾਹੀਂ ਮਿਲ ਕੇ ਆਪਣੇ ਨਾਲ ਹੋਈ ਇਸ ਅਣਹੋਣੀ ਬਾਰੇ ਦੱਸਿਆ ਤਾਂ ਉਨ੍ਹਾਂ ਨੇ ਭਾਰਤ ਤੋਂ ਗੁਰਜੰਟ ਦੇ ਰਿਸ਼ਤੇਦਾਰ ਗੁਰਪ੍ਰੀਤ ਸਿੰਘ ਨੂੰ ਦੁਬਈ ਬੁਲਾ ਕੇ ਉਸ ਦੇ ਮ੍ਰਿਤਕ ਸਰੀਰ ਦੀ ਪਹਿਚਾਣ ਕਰਵਾਉਣ ਉਪਰੰਤ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ ‘ਚ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਗੁਰਜੰਟ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ।
ਇੱਕ ਮਾਸੂਮ ਬੱਚੇ ਦੇ ਪਿਤਾ ਗੁਰਜੰਟ ਦੀ ਬੀਤੀ 31ਮਾਰਚ ਨੂੰ ਦੁਬਈ ‘ਚ ਹੋ ਗਈ ਸੀ ਮੌਤ
ਉਨ੍ਹਾਂ ਦੱਸਿਆ ਕਿ ਗੁਰਜੰਟ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਏ ਖਰਚ ਦੀ ਜ਼ਿੰਮੇਵਾਰੀ ਉਸ ਦੇ ਇੱਕ ਰਿਸ਼ਤੇਦਾਰ ਨੇ ਨਿਭਾਈ ਹੈ। ਡਾ. ਓਬਰਾਏ ਨੇ ਦੱਸਿਆ ਕਿ ਟਰੱਸਟ ਵੱਲੋਂ ਗੁਰਜੰਟ ਸਿੰਘ ਦੀ ਵਿਧਵਾ ਨੂੰ 1500 ਰੁਪਏ ਜਦ ਕਿ ਅੰਗਹੀਣ ਪਿਤਾ ਨੂੰ 1000 ਰੁਪਏ,ਕੁੱਲ 2500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇਗੀ।
ਗੁਰਜੰਟ ਦਾ ਮ੍ਰਿਤਕ ਸਰੀਰ ਲੈਣ ਪਹੁੰਚੇ ਉਸ ਦੇ ਬਜ਼ੁਰਗ ਤੇ ਅੰਗਹੀਣ ਪਿਤਾ ਕਾਬਲ ਸਿੰਘ ਤੇ ਮਾਤਾ ਕਸ਼ਮੀਰ ਕੌਰ ਨੇ ਰੋਂਦਿਆਂ ਹੋਇਆਂ ਦੱਸਿਆ ਕਿ ਗੁਰਜੰਟ ਘਰ ਦੀ ਗੁਰਬਤ ਨੂੰ ਦੂਰ ਕਰਨ ਲਈ ਆਪਣੇ ਹਿੱਸੇ ਦੀ ਜਮੀਨ ਵੇਚ ਕੇ ਦੁਬਈ ਰਾਹੀਂ ਕਿਸੇ ਹੋਰ ਦੇਸ਼ ‘ਚ ਜਾਣ ਦੀ ਕੋਸ਼ਿਸ਼ ਵਿਚ ਸੀ ਕਿ ਅਚਾਨਕ ਉਨ੍ਹਾਂ ਨੂੰ ਕਿਸੇ ਦੂਰ ਦੇ ਰਿਸ਼ਤੇਦਾਰ ਦਾ ਫ਼ੋਨ ਆਇਆ ਕਿ ਗੁਰਜੰਟ ਦੀ ਉਸਦੀ ਦੁਬਈ ਵਿਚਲੀ ਰਿਹਾਇਸ਼ ਵਾਲੀ ਬਿਲਡਿੰਗ ਤੋਂ ਡਿੱਗਣ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਭਰੇ ਗੱਚ ਨਾਲ ਦੱਸਿਆ ਕਿ ਗੁਰਜੰਟ ਆਪਣੇ ਪਿੱਛੇ ਗਰਭਵਤੀ ਪਤਨੀ ਤੋਂ ਇਲਾਵਾ ਇੱਕ ਮਾਸੂਮ ਬੱਚਾ ਛੱਡ ਗਿਆ ਹੈ।
ਪੀਡ਼ਤ ਪਰਿਵਾਰ ਨਾਲ ਹਵਾਈ ਅੱਡੇ ‘ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਟੀਮ ਵੱਲੋਂ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜ਼ਿਲ੍ਹਾ ਪ੍ਰਧਾਨ ਸ਼ਿਸ਼ਪਾਲ ਲਾਡੀ,ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ, ਖਜ਼ਾਨਚੀ ਨਵਜੀਤ ਘਈ, ਮੈਂਬਰ ਜਗਦੇਵ ਸਿੰਘ ਛੀਨਾ ਤੇ ਮੰਗਦੇਵ ਸਿੰਘ ਛੀਨਾ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 355 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।
ਇਸ ਦੌਰਾਨ ਹਵਾਈ ਅੱਡੇ ਤੇ ਮ੍ਰਿਤਕ ਦੇਹ ਲੈਣ ਪਹੁੰਚੇ ਗੁਰਜੰਟ ਦੇ ਮਾਤਾ-ਪਿਤਾ ਤੋਂ ਇਲਾਵਾ ਚਾਚਾ ਗੁਰਦੇਵ ਸਿੰਘ ਸ਼ੂਹਰਾ,ਹਰਜੀਤ ਸਿੰਘ ਸੰਧੂ , ਭਰਾ ਸ਼ਮਸ਼ੇਰ ਸਿੰਘ ਤੋਂ ਇਲਾਵਾ ਹੋਰਨਾਂ ਰਿਸ਼ਤੇਦਾਰਾਂ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਦੀ ਬਦੌਲਤ ਹੀ ਪਰਿਵਾਰਕ ਨੂੰ ਗੁਰਜੰਟ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-