Total views : 5511234
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਉਦੇਸ਼ ਨਾਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸਾਰੇ ਜ਼ਿਲ੍ਹਾ ਮੁਖੀਆਂ ਨੂੰ ਸੂਬੇ ਵਿੱਚ ਅਪਰਾਧ ਖਿਲਾਫ਼ ਕਾਰਵਾਈ ਤੇਜ਼ ਕਰਨ ਲਈ ਲੁੱਟ-ਖੋਹ ਅਤੇ ਚੋਰੀ ਵਰਗੇ ਛੋਟੇ ਅਪਰਾਧਾਂ ਦੇ ਮਾਮਲਿਆਂ ਵਿੱਚ ਤਰਜੀਹੀ ਤੌਰ ‘ਤੇ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ।
ਡੀਜੀਪੀ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਘਿਨਾਉਣੇ ਅਪਰਾਧਾਂ ਵਿੱਚ ਗ੍ਰਿਫ਼ਤਾਰੀਆਂ ਕਰਨ ਅਤੇ ਅਦਾਲਤ ਵਿੱਚ ਸਮਾਂਬੱਧ ਢੰਗ ਨਾਲ ਚਲਾਨ ਪੇਸ਼ ਕਰਨ ਵੱਲ ਧਿਆਨ ਦੇਣ ਦੀ ਹਦਾਇਤ ਕੀਤੀ। ਉਨ੍ਹਾਂ ਨੇ ਸੁਣਵਾਈ ਅਧੀਨ ਕੇਸਾਂ ਦੀ ਸਮੀਖਿਆ ਲਈ ਹਫ਼ਤਾਵਾਰੀ ਮੀਟਿੰਗਾਂ ਕਰਨ ਅਤੇ ਸਜ਼ਾ ਦੀ ਦਰ ਵਿੱਚ ਸੁਧਾਰ ਕਰਨ ਲਈ ਵੀ ਕਿਹਾ।
ਸਾਰੇ ਪੁਲਿਸ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਨੇ ਬਿਹਤਰ ਕਾਰਗੁਜ਼ਾਰੀ ਵਾਲੇ ਜ਼ਿਲ੍ਹਿਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਘੱਟ ਕਾਰਗੁਜ਼ਾਰੀ ਵਾਲੇ ਜ਼ਿਲ੍ਹਾ ਮੁਖੀਆਂ ਨੂੰ ਇਸ ਸਬੰਧੀ ਯਤਨਸ਼ੀਲ ਹੋਣ ਲਈ ਕਿਹਾ। ਉਨ੍ਹਾਂ ਨੇ ਸੀਪੀਜ਼/ਐਸਐਸਪੀਜ਼ ਨੂੰ ਭਗੌੜੇ ਅਪਰਾਧੀਆਂ (ਪੀਓਜ਼) ਅਤੇ ਫਰਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ‘ਤੇ ਧਿਆਨ ਕੇਂਦਰਿਤ ਕਰਨ ਲਈ ਵੀ ਕਿਹਾ।
ਲੰਬਿਤ ਪਈਆਂ ਜਾਂਚਾਂ ‘ਤੇ ਵਿਸ਼ੇਸ਼ ਧਿਆਨ ਦੇਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਸੀਪੀਜ਼/ਐਸਐਸਪੀਜ਼ ਨੂੰ ਜਾਂਚ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਜਾਂਚ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨੇ ਸੀਪੀਜ਼/ਐਸਐਸਪੀਜ਼ ਨੂੰ ਅਪਰਾਧਿਕ ਤੱਤਾਂ ਵਿਰੁੱਧ ਰੋਕਥਾਮ ਉਪਾਅ ਅਮਲ ਵਿੱਚ ਲਿਆਉਣ ਲਈ ਵੀ ਕਿਹਾ।
ਡੀਜੀਪੀ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦਾ ਵੀ ਜਾਇਜ਼ਾ ਲਿਆ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਨਸ਼ੇ ਦੀ ਸਪਲਾਈ ਕਰਨ ਵਾਲਿਆਂ ਅਤੇ ਤਸਕਰਾਂ ‘ਤੇ ਨਕੇਲ ਕੱਸਣ ਲਈ ਕਿਹਾ ਤਾਂ ਜੋ ਨਸ਼ਿਆਂ ਦੀ ਆਮ ਉਪਲਬਧਤਾ ਨੂੰ ਘੱਟ ਕੀਤਾ ਜਾ ਸਕੇ। ਉਨ੍ਹਾਂ ਨੇ ਮਹੱਤਵਪੂਰਨ ਮਾਮਲਿਆਂ ਵਿੱਚ ਨਿਰੰਤਰ ਫਾਲੋ-ਅਪ ਕਰਨ ਦੀ ਹਦਾਇਤ ਦਿੰਦਿਆਂ ਫੀਲਡ ਅਫਸਰਾਂ ਨੂੰ ਵੱਡੀਆਂ ਮੱਛੀਆਂ ਨੂੰ ਫੜਨ ਲਈ ਨਸ਼ਿਆਂ ਦੇ ਸਾਰੇ ਮਾਮਲਿਆਂ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਸੀਪੀਜ਼/ਐਸਐਸਪੀਜ਼ ਨੂੰ ਐਨਡੀਪੀਐਸ ਐਕਟ ਦੀ ਧਾਰਾ 68ਐਫ ਤਹਿਤ ਵੱਡੀਆਂ ਮੱਛੀਆਂ ਦੀਆਂ ਨਜ਼ਾਇਜ਼ ਜਾਇਦਾਦਾਂ ਨੂੰ ਫ੍ਰੀਜ਼ ਕਰਨ ਦੇ ਵੀ ਨਿਰਦੇਸ਼ ਦਿੱਤੇ।
ਉਨ੍ਹਾਂ ਨੇ ਸੀਪੀਜ਼/ਐਸਐਸਪੀਜ਼ ਨੂੰ ਸੂਬੇ ਵਿੱਚ ਹੋਰ ਵਿਲੇਜ ਲੈਵਲ ਡਿਫੈਂਸ ਕਮੇਟੀਆਂ (ਵੀਐਲਡੀਸੀ) ਬਣਾਉਣ ‘ਤੇ ਧਿਆਨ ਦੇਣ ਲਈ ਵੀ ਕਿਹਾ। ਘੱਟੋ-ਘੱਟ 12000 ਵੀਐਲਡੀਸੀਜ਼ ਬਣਾਉਣ ਦਾ ਟੀਚਾ ਦਿੰਦਿਆਂ ਉਨ੍ਹਾਂ ਕਿਹਾ ਕਿ ਹਰੇਕ ਪਿੰਡ ਵਿੱਚ ਇੱਕ ਵੀਐਲਡੀਸੀ ਹੋਣੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸੂਬੇ ਵਿੱਚ 6500 ਵੀਐਲਡੀਸੀਜ਼ ਹਨ ਜੋ ਸੁਰੱਖਿਆ ਬਲਾਂ ਨਾਲ ਅਸਲ-ਸਮੇਂ ਦੀ ਜਾਣਕਾਰੀ ਸਾਂਝੀ ਕਰਨ ਵਿੱਚ ਮਦਦ ਕਰ ਰਹੀਆਂ ਹਨ, ਜਿਸ ਨਾਲ ਸੂਬੇ ਵਿੱਚ ਨਸ਼ਿਆਂ ਦੇ ਨੈੱਟਵਰਕ ਨੂੰ ਤੋੜਨ ਵਿੱਚ ਮਦਦ ਮਿਲ ਰਹੀ ਹੈ।
ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ‘ਤੇ ਤਸੱਲੀ ਪ੍ਰਗਟਾਉਂਦਿਆਂ ਸਪੈਸ਼ਲ ਡੀਜੀਪੀ ਐਸਟੀਐਫ ਕੁਲਦੀਪ ਸਿੰਘ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਇਸ ਗਤੀ ਨੂੰ ਜਾਰੀ ਰੱਖਣ ਲਈ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਜਨਤਕ ਮੀਟਿੰਗਾਂ ਅਤੇ ਜਾਗਰੂਕਤਾ ਗਤੀਵਿਧੀਆਂ ਵਿੱਚ ਵਾਧਾ ਕਰਨ ਅਤੇ ਲੋਕਾਂ ਤੋਂ ਫੀਡਬੈਕ ਲੈਣ।
ਸਪੈਸ਼ਲ ਡੀਜੀਪੀ ਅੰਦਰੂਨੀ ਸੁਰੱਖਿਆ ਆਰ ਐਨ ਢੋਕੇ ਨੇ ਡੀਜੀਪੀ ਪੰਜਾਬ ਨੂੰ ਦੱਸਿਆ ਕਿ ਇਸ ਸਾਲ ਪੰਜਾਬ ਪੁਲਿਸ ਨੇ 5 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕਰਕੇ 35 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-