





Total views : 5841427







Total views : 5841427ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਸਿਰਫ਼ 872 ਦਿਨਾਂ ਦੇ ਕਾਰਜਕਾਲ ਵਿੱਚ ਸੂਬੇ ਦੇ 44,250 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵੇਂ ਮਾਪਦੰਡ ਸਿਰਜੇ ਹਨ, ਜਿਸ ਨਾਲ ਪਿਛਲੇ ਢਾਈ ਸਾਲਾਂ ਵਿੱਚ ਔਸਤਨ ਰੋਜ਼ਾਨਾ 50 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ।ਇੱਥੇ ਪੁਲਿਸ, ਕਾਨੂੰਨ ਤੇ ਨਿਆਂ ਅਤੇ ਗ੍ਰਹਿ ਮਾਮਲੇ ਵਿਭਾਗ ਵਿੱਚ 443 ਅਫ਼ਸਰਾਂ ਨੂੰ ਨਿਯੁਕਤੀ ਪੱਤਰ ਵੰਡਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਨਿਯੁਕਤੀ ਪੱਤਰ ਵੰਡਣ ਨਾਲ ਹੁਣ ਤੱਕ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਦੀ ਗਿਣਤੀ 44250 ਹੋ ਗਈ ਹੈ ਅਤੇ ਇਹ ਸਾਰੀਆਂ ਨਿਯੁਕਤੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਪੂਰੀ ਤਰ੍ਹਾਂ ਪਾਰਦਰਸ਼ੀ ਪ੍ਰਕਿਰਿਆ ਅਪਨਾਉਣ ਅਤੇ ਨੌਜਵਾਨਾਂ ਵੱਲੋਂ ਬੇਹੱਦ ਮੁਕਾਬਲੇ ਵਾਲੀ ਪ੍ਰੀਖਿਆ ਪਾਸ ਕਰਨ ਮਗਰੋਂ ਨੇਪਰੇ ਚੜ੍ਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦਾ ਸ਼ੁਰੂ ਤੋਂ ਹੀ ਇਕੋ-ਇਕ ਏਜੰਡਾ ਸਰਕਾਰੀ ਨੌਕਰੀਆਂ ਮੁਹੱਈਆ ਕਰ ਕੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਅਖ਼ਤਿਆਰ ਦੇਣਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜ ਅੰਗ ਬਣ ਗਏ ਹਨ ਅਤੇ ਉਨ੍ਹਾਂ ਨੂੰ ਹੁਣ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਨਵੇਂ ਭਰਤੀ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਕੁਚਲੇ ਤੇ ਲੋੜਵੰਦ ਵਰਗਾਂ ਦੀ ਭਲਾਈ ਲਈ ਕਰਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨਵ-ਨਿਯੁਕਤ ਨੌਜਵਾਨਾਂ ਨੂੰ ਜਨਤਾ ਦੀ ਵੱਧ ਤੋਂ ਵੱਧ ਸੇਵਾ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ ਤਾਂ ਜੋ ਸਮਾਜ ਦੇ ਹਰੇਕ ਵਰਗ ਨੂੰ ਇਸ ਦਾ ਲਾਭ ਮਿਲੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਤਿਹਾਸਕ ਕਦਮ ਚੁੱਕਦਿਆਂ ‘ਇੱਕ ਵਿਧਾਇਕ, ਇੱਕ ਪੈਨਸ਼ਨ’ ਬਿੱਲ ਪਾਸ ਕੀਤਾ ਹੈ, ਜਿਸ ਤਹਿਤ ਇਹ ਯਕੀਨੀ ਬਣਾਇਆ ਗਿਆ ਹੈ ਕਿ ਹਰੇਕ ਵਿਧਾਇਕ ਨੂੰ ਇੱਕ ਹੀ ਪੈਨਸ਼ਨ ਮਿਲੇ, ਜਦਕਿ ਇਸ ਤੋਂ ਪਹਿਲਾਂ ਇਹ ਰੁਝਾਨ ਸੀ ਕਿ ਵਿਧਾਇਕ ਨੂੰ ਹਰ ਮਿਆਦ ਲਈ ਇੱਕ ਪੈਨਸ਼ਨ ਮਿਲਦੀ ਸੀ ਜਿਸ ਨਾਲ ਵਿਧਾਇਕਾਂ ਨੂੰ ਇੱਕ ਤੋਂ ਵੱਧ ਪੈਨਸ਼ਨਾਂ ਦੀ ਇਜਾਜ਼ਤ ਦਿੱਤੀ ਜਾਂਦੀ ਸੀ ਜਿਸ ਕਾਰਨ ਇਨ੍ਹਾਂ ਆਗੂਆਂ ਨੇ ਮੋਟੀ ਕਮਾਈ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮਨੋਰਥ ਇਹ ਯਕੀਨੀ ਬਣਾਉਣਾ ਹੈ ਕਿ ਲੋਕਾਂ ਦੇ ਪੈਸੇ ਦੀ ਬਰਬਾਦੀ ਨਾ ਹੋਵੇ ਅਤੇ ਇਕ-ਇਕ ਪੈਸੇ ਦੀ ਸਹੀ ਵਰਤੋਂ ਯਕੀਨੀ ਬਣਾਈ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਵੀ ਪਹਿਲੀ ਵਾਰ ਹੋਇਆ ਹੈ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ 410 ਹਾਈ-ਟੈਕ ਨਵੀਆਂ ਗੱਡੀਆਂ ਪੰਜਾਬ ਪੁਲਿਸ ਦੇ ਐੱਸ.ਐੱਚ.ਓਜ਼. ਨੂੰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਵੀ ਪੁਰਾਣੇ ਰੁਝਾਨਾਂ ਦੇ ਉਲਟ ਹੈ, ਜਦੋਂ ਹੇਠਲੀ ਪੱਧਰ ‘ਤੇ ਨਵੇਂ ਵਾਹਨ ਦੇਣ ਦੀ ਬਜਾਏ ਇਹ ਉੱਚ ਅਧਿਕਾਰੀਆਂ ਨੂੰ ਦਿੱਤੇ ਜਾਂਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਜਿੱਥੇ ਇੱਕ ਪਾਸੇ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਪੁਲਿਸ ਨੂੰ ਆਪਣੀ ਡਿਊਟੀ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਵਿੱਚ ਬਹੁਤ ਮਦਦ ਮਿਲੀ ਹੈ ਅਤੇ ਦੂਜੇ ਪਾਸੇ ਲੋਕਾਂ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਕੰਮਕਾਜ ਨੂੰ ਸੁਚਾਰੂ ਅਤੇ ਆਲਾ ਦਰਜੇ ਦਾ ਬਣਾਉਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੁਲਿਸ ਨਫ਼ਰੀ ਦੀ ਕਮੀ ਨੂੰ ਦੂਰ ਕਰਨ ਲਈ ਆਉਣ ਵਾਲੇ ਚਾਰ ਸਾਲਾਂ ਲਈ ਪੰਜਾਬ ਪੁਲਿਸ ਵਿੱਚ ਹਰ ਸਾਲ 1800 ਕਾਂਸਟੇਬਲ ਅਤੇ 300 ਸਬ-ਇੰਸਪੈਕਟਰ ਭਰਤੀ ਕਰਨ ਦਾ ਪਹਿਲਾਂ ਹੀ ਫ਼ੈਸਲਾ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 2100 ਆਸਾਮੀਆਂ ਲਈ ਹਰ ਸਾਲ ਲਗਪਗ 2.50 ਲੱਖ ਉਮੀਦਵਾਰਾਂ ਵੱਲੋਂ ਅਪਲਾਈ ਕੀਤੇ ਜਾਣ ਦੀ ਸੰਭਾਵਨਾ ਹੈ, ਇਸ ਲਈ ਸਾਰੇ ਚਾਹਵਾਨ ਪ੍ਰੀਖਿਆਰਥੀ ਪ੍ਰੀਖਿਆਵਾਂ ਪਾਸ ਕਰਨ ਲਈ ਅਕਾਦਮਿਕ ਤਿਆਰੀ ਦੇ ਨਾਲ-ਨਾਲ ਆਪਣੇ ਸਰੀਰਕ ਸੁਧਾਰ ਵੱਲ ਪਹਿਲਾਂ ਹੀ ਧਿਆਨ ਦੇ ਸਕਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਦੀ ਅਥਾਹ ਊਰਜਾ ਨੂੰ ਸਾਕਾਰਾਤਮਕ ਦਿਸ਼ਾ ਵੱਲ ਲੈ ਜਾਣ ਅਤੇ ਨਸ਼ਿਆਂ ਦੀ ਅਲਾਮਤ ਤੋਂ ਛੁਟਕਾਰਾ ਪਾਉਣ ਵਿੱਚ ਮਦਦ ਮਿਲ ਰਹੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

