Total views : 5506913
Total views : 5506913
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅਧਿਕਾਰੀਆਂ ਨੂੰ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼
ਚੰਡੀਗੜ੍ਹ/ਬੀ.ਐਨ.ਈ ਬਿਊਰੋ
ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਅਤੇ ਅੰਤਰ-ਰਾਜੀ ਸਰਹੱਦਾਂ ‘ਤੇ ਟੀਮਾਂ ਦੀ ਤਾਇਨਾਤੀ ਲਈ ਪੁਲਿਸ ਵਿਭਾਗ ਨਾਲ ਤਾਲਮੇਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਅਗਾਮੀ ਸਾਉਣੀ ਸੀਜ਼ਨ ਦੌਰਾਨ ਸੂਬੇ ਤੋਂ ਬਾਹਰੋਂ ਗੈਰ-ਕਾਨੂੰਨੀ ਰੀਸਾਈਕਲ ਝੋਨੇ/ਚਾਵਲ ਨੂੰ ਪੰਜਾਬ ਵਿੱਚ ਦਾਖਲ ਹੋਣ ਤੋਂ ਰੋਕਿਆ ਜਾ ਸਕੇ ਅਤੇ ਝੋਨੇ ਦੀ ਜਾਅਲੀ ਬਿਲਿੰਗ ਤੋਂ ਬਚਿਆ ਜਾ ਸਕੇ।
ਝੋਨੇ ਦੀ ਖਰੀਦ ਸਬੰਧੀ ਕੀਤੇ ਗਏ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟ ਕਰਦਿਆਂ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਲਈ ਉਨ੍ਹਾਂ ਦੀ ਫਸਲ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਦਾਣਾ ਮੰਡੀਆਂ ‘ਚ ਕਿਸਾਨਾ ਦੀ ਖੱਜਲਖੁਆਰੀ ਤੇ ਭ੍ਰਿਸ਼ਟਾਚਾਰ ਸਹਿਣ ਨਹੀ ਕੀਤਾ ਜਾਏਗਾ
ਸਾਰੇ ਭਾਈਵਾਲਾਂ ਲਈ ਸੀਜ਼ਨ ਦੌਰਾਨ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਉੱਚ ਅਧਿਕਾਰੀਆਂ ਨੂੰ ਸੂਬੇ ਦੇ ਚੌਲ ਮਿੱਲਰਾਂ ਦੇ ਸਾਰੇ ਜਾਇਜ਼ ਮੁੱਦਿਆਂ ‘ਤੇ ਵਿਚਾਰ ਕਰਨ ਲਈ ਕਿਹਾ, ਜਿਸ ਵਿੱਚ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਕੋਲ ਜਗ੍ਹਾ ਦੀ ਘਾਟ ਦਾ ਮੁੱਦਾ ਵੀ ਸ਼ਾਮਿਲ ਹੈ। ਦੱਸਣਯੋਗ ਹੈ ਕਿ ਐਫ.ਸੀ.ਆਈ. ਕੋਲ ਥਾਂ ਦੀ ਕਿੱਲਤ ਸਬੰਧੀ ਮੁੱਦਾ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਕੇਂਦਰ ਸਰਕਾਰ ਕੋਲ ਉਠਾਇਆ ਗਿਆ ਹੈ।
ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਖੁਰਾਕ ਸ੍ਰੀ ਵਿਕਾਸ ਗਰਗ ਨੇ ਮੰਤਰੀ ਨੂੰ ਜਾਣੂ ਕਰਵਾਇਆ ਕਿ ਸੂਬਾ ਸਰਕਾਰ ਵੱਲੋਂ ਸਾਉਣੀ ਮੰਡੀਕਰਨ ਸੀਜ਼ਨ 2024-25 ਦੇ ਚੌਲਾਂ ਦੀ ਡਿਲਿਵਰੀ ਲਈ ਲੋੜੀਂਦੀ ਥਾਂ ਦੀ ਮੰਗ ਦੇ ਜਵਾਬ ਵਿੱਚ ਕੇਂਦਰੀ ਮੰਤਰਾਲੇ ਨੇ ਦਸੰਬਰ 2024 ਤੱਕ 40 ਲੱਖ ਮੀਟਰਕ ਟਨ ਝੋਨੇ ਲਈ ਥਾਂ ਬਣਾਉਣ ਦਾ ਲਿਖਤੀ ਭਰੋਸਾ ਦਿੱਤਾ ਹੈ ਅਤੇ ਨਾਲ ਹੀ ਅਕਤੂਬਰ ਦੇ ਅੰਤ ਤੱਕ 15 ਲੱਖ ਮੀਟਰਕ ਟਨ ਚਾਵਲ/ਝੋਨਾ ਸੂਬੇ ਵਿੱਚੋਂ ਲੈ ਜਾਣ ਦਾ ਭਰੋਸਾ ਵੀ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਿਰਧਾਰਿਤ ਨੇਮਾਂ ਦੀ ਸਖਤੀ ਨਾਲ ਪਾਲਣਾ ਕਰਦਿਆਂ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ, ਸੁਚਾਰੂ ਅਤੇ ਮੁਸ਼ਕਿਲ ਰਹਿਤ ਖਰੀਦ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਨੇ ਇਸ ਸੀਜ਼ਨ ‘ਚ ਗ੍ਰੇਡ ‘ਏ’ ਝੋਨੇ ਲਈ ਘੱਟੋ-ਘੱਟ ਸਮਰਥਨ ਮੁੱਲ 2320 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਹੈ। ਸੂਬੇ ਦੀ ਚਾਰ ਖਰੀਦ ਏਜੰਸੀਆਂ ਪਨਗ੍ਰੇਨ, ਮਾਰਕਫੈੱਡ, ਪਨਸਪ, ਪੀ.ਐਸ.ਡਬਲਯੂ.ਸੀ ਅਤੇ ਕੇਂਦਰੀ ਖਰੀਦ ਏਜੰਸੀ ਐਫ.ਸੀ.ਆਈ, ਭਾਰਤ ਸਰਕਾਰ ਦੁਆਰਾ ਨਿਰਧਾਰਿਤ ਨਿਯਮਾਂ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ‘ਤੇ ਝੋਨੇ ਦੀ ਖਰੀਦ ਕਰਨਗੀਆਂ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਖੁਰਾਕ ਤੇ ਸਪਲਾਈ ਵਿਕਾਸ ਗਰਗ, ਡਾਇਰੈਕਟਰ ਖੁਰਾਕ ਤੇ ਸਪਲਾਈਜ਼ ਪੁਨੀਤ ਗੋਇਲ, ਵਧੀਕ ਸਕੱਤਰ ਕਮਲ ਕੁਮਾਰ ਗਰਗ, ਵਧੀਕ ਮੈਨੇਜਿੰਗ ਡਾਇਰੈਕਟਰ ਪਨਗ੍ਰੇਨ ਰਾਕੇਸ਼ ਪੋਪਲੀ, ਵਧੀਕ ਡਾਇਰੈਕਟਰ ਰਾਈਸ ਅਜੈਵੀਰ ਸਿੰਘ ਸਰਾਓ ਹਾਜ਼ਿਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-