ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 3.95 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਕਾਬੂ

4676153
Total views : 5508274

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ



ਅੰਮ੍ਰਿਤਸਰ/ਉਪਿੰਦਰਜੀਤ ਸਿੰਘ

ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 5 ਕਿਲੋ ਹੈਰੋਇਨ ਅਤੇ 3.95 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਤੇ ਹਰਪ੍ਰੀਤ ਸਿੰਘ ਉਰਫ਼ ਹੈਪੀ ਵਾਸੀ ਪਿੰਡ ਰੋੜਾਂਵਾਲੀ, ਜ਼ਿਲ੍ਹਾ ਅੰਮ੍ਰਿਤਸਰ ਅਤੇ ਜੋਤਾ ਸਿੰਘ ਵਾਸੀ ਪਿੰਡ ਚੜਤੇਵਾਲੀ, ਅਜਨਾਲਾ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਜੋਤਾ ਸਿੰਘ ਅਤੇ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਕਿਸਤਾਨ ਅਧਾਰਿਤ ਨਸ਼ਾ ਤਸਕਰਾਂ, ਜੋ ਸਰਹੱਦ ਪਾਰੋਂ ਡਰੋਨ ਜ਼ਰੀਏ ਨਸ਼ਿਆਂ ਦੀ ਸਪਲਾਈ ਕਰਦੇ ਹਨ, ਦੇ ਸਿੱਧੇ ਸੰਪਰਕ ਵਿੱਚ ਹਨ।
ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਦੀ ਤਕਨੀਕੀ ਢੰਗ ਨਾਲ ਜਾਂਚ ਕੀਤੀ ਗਈ ਸੀ ਅਤੇ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ  ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ।
ਪਾਕਿਸਤਾਨ ਅਧਾਰਿਤ ਨਸ਼ਾ ਤਸਕਰ ਅਤੇ ਉਨ੍ਹਾਂ ਵਿਅਕਤੀਆਂ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕੀਤੇ ਉਕਤ ਵਿਅਕਤੀ ਨਸ਼ੇ ਦੀ ਖੇਪ ਪਹੁੰਚਾਉਣ ਵਾਲੇ ਸਨ, ਦੀ ਪਛਾਣ ਕਰਨ ਦੀ ਜਾਂਚ ਜਾਰੀ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ
ਇਸ ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਥਾਣਾ ਛੇਹਰਟਾ ਦੀਆਂ ਟੀਮਾਂ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀਆਂ ਨੇ ਸਰਹੱਦ ਪਾਰੋਂ ਡਰੋਨ ਰਾਹੀਂ ਸੁੱਟੀ ਗਈ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਪ੍ਰਾਪਤ ਕੀਤੀ ਹੈ ਅਤੇ ਇਸ ਖੇਪ ਨੂੰ ਉਕਤ ਵਿਅਕਤੀਆਂ ਨੇ ਨਿਊ ਅਜਨਾਲਾ ਕਲੋਨੀ ਸਥਿਤ ਆਪਣੇ ਘਰ ਵਿੱਚ ਛੁਪਾ ਦਿੱਤਾ ਹੈ।
ਇਸ ਸੂਚਨਾ ‘ਤੇ ਤਰੁੰਤ ਕਾਰਵਾਈ ਕਰਦਿਆਂ ਡੀਸੀਪੀ ਸਿਟੀ ਅੰਮ੍ਰਿਤਸਰ ਅਭਿਮਨਿਊ ਰਾਣਾ ਅਤੇ ਏਸੀਪੀ ਵੈਸਟ ਸ਼ਿਵਦਰਸ਼ਨ ਸਿੰਘ ਦੀ ਅਗਵਾਈ ਵਿੱਚ ਥਾਣਾ ਛੇਹਰਟਾ ਅੰਮ੍ਰਿਤਸਰ ਦੀਆਂ ਪੁਲੀਸ ਟੀਮਾਂ ਨੇ ਜਾਲ ਵਿਛਾ ਕੇ ਮੁਲਜ਼ਮਾਂ ਨੂੰ ਨਿਊ ਅਜਨਾਲਾ ਕਲੋਨੀ ਵਿੱਚ ਸਥਿਤ ਘਰ ਵਿੱਚੋਂ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਸਵਿਫਟ ਕਾਰ ਅਤੇ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ।
ਸੀਪੀ ਨੇ ਦੱਸਿਆ ਕਿ ਮੁਲਜ਼ਮ ਆਪਣੇ ਘਰ ਦੀ ਵਰਤੋਂ ਸੁਰੱਖਿਅਤ ਛੁਪਣਗਾਹ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਲਈ ਕਰਦੇ ਸਨ। ਉਨ੍ਹਾਂ ਅੱਗੇ ਕਿਹਾ ਕਿ ਪਾਕਿਸਤਾਨ ਅਧਾਰਿਤ ਨਸ਼ਾ ਤਸਕਰ ਅਤੇ ਉਨ੍ਹਾਂ ਵਿਅਕਤੀਆਂ ਜਿਨ੍ਹਾਂ ਨੂੰ ਗ੍ਰਿਫ਼ਤਾਰ ਕੀਤੇ ਉਕਤ ਵਿਅਕਤੀ ਨਸ਼ੇ ਦੀ ਖੇਪ ਪਹੁੰਚਾਉਣ ਵਾਲੇ ਸਨ, ਦੀ ਪਛਾਣ ਕਰਨ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਐਫਆਈਆਰ ਨੰਬਰ 183, ਮਿਤੀ 08/10/2024 ਨੂੰ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21-ਸੀ ਅਧੀਨ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
Share this News