Total views : 5505076
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ /ਰਣਜੀਤ ਸਿੰਘ ਰਾਣਾਨੇਸ਼ਟਾ
ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕਰਨ ਸਬੰਧੀ ਅਤੇ ਖਾਦਾਂ ਦੀ ਵਰਤੋਂ ਕਰਨ ਸਬੰਧੀ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲਗਾਤਾਰ ਕਿਸਾਨਾਂ ਨੂੰ ਸਥਾਨਕ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹੇਠਲੇ ਪੱਧਰ ਉੱਪਰ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕੁਦਰਤੀ ਸਰੋਤਾਂ ਨੂੰ ਸੁਰੱਖਿਅਤ ਕੀਤਾ ਜਾ ਸਕੇ । ਇਸ ਗੱਲ ਦੀ ਜਾਣਕਾਰੀ ਦਿੰਦਿਆ ਖੇਤੀਬਾੜੀ ਵਿਕਾਸ ਅਫ਼ਸਰ ਡਾ ਹਰਜਿੰਦਰ ਕੌਰ ਨੇ ਦੱਸਿਆ ਕਿ ਸਾਨੂੰ ਫ਼ਸਲਾਂ ਵਿਚ ਖਾਦਾਂ ਦੀ ਵਰਤੋਂ ਮਿੱਟੀ ਟੈਸਟ ਦੇ ਅਧਾਰ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਜਾਂ ਮਾਹਿਰਾਂ ਦੀ ਸਲਾਹ ਅਨੁਸਾਰ ਹੀ ਕਰਨੀ ਚਾਹੀਦੀ ਹੈ ਤਾਂ ਜੋ ਬੇਲੋੜੀਆਂ ਖਾਦਾ ਦੀ ਵਰਤੋਂ ਘਟਾਈ ਜਾ ਸਕੇ ਅਤੇ ਬੇਲੋੜੇ ਖਰਚ ਤੋਂ ਬਚਾਇਆ ਜਾ ਸਕੇ ।
ਕਿਸਾਨ ਫ਼ਸਲਾਂ ਵਿਚ ਖਾਦਾਂ ਦੀ ਵਰਤੋਂ ਮਿੱਟੀ ਟੈਸਟ ਦੇ ਅਧਾਰ ਤੇ ਪੀ.ਏ.ਯੂ ਜਾਂ ਮਾਹਿਰਾਂ ਦੀ ਸਲਾਹ ਅਨੁਸਾਰ ਹੀ ਕਰਨ
ਮੁੱਖ ਖੇਤੀਬਾੜੀ ਅਫ਼ਸਰ ਸ: ਤਜਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਸਾੜਨਾ, ਆਪਣਾ ਜਮੀਨ ਦੀ ਉਪਜਾਊ ਸ਼ਕਤੀ ਨੂੰ ਸਾੜਨਾ ਹੈ। ਕਿਸਾਨ ਭਰਾ ਅਜਿਹਾ ਨਾ ਕਰਨ। ਉਨ੍ਹਾਂ ਨੇ ਕਿਹਾ ਕਿ ਪਰਾਲੀ ਨੂੰ ਜੇਕਰ ਖੇਤ ਵਿਚ ਹੀ ਜਜਬ ਕਰਕੇ ਕਣਕ ਦੀ ਬਿਜਾਈ ਕੀਤੀ ਜਾਂਦੀ ਹੈ ਤਾਂ ਜਮੀਨ ਵਿਚ ਕਾਰਬਨਿਕ ਮਾਦਾ ਵੱਧਦਾ ਹੈ ਅਤੇ ਜਮੀਨ ਦੀ ਤਾਕਤ ਵੱਧਦੀ ਹੈ । ਡਾ. ਸੁਖਚੈਨ ਸਿੰਘ ਖੇਤੀਬਾੜੀ ਅਫ਼ਸਰ ਨੇ ਕਣਕ ਦੀ ਫ਼ਸਲ ਵਿੱਚ ਵੱਡੇ ਪੱਧਰ ਤੇ ਵਰਤੀ ਜਾਂਦੀ ਡੀ.ਏ.ਪੀ. ਖਾਦ ਦੀ ਜਗ੍ਹਾ ਉਸ ਦੇ ਬਦਲਵੇਂ ਸਰੋਤਾਂ ਦੀ ਵਰਤੋਂ ਦੀ ਜਾਣਕਾਰੀ ਦਿੰਦਿਆ ਕਿਹਾ ਕਿ ਕਣਕ ਦੀ ਫ਼ਸਲ ਵਿੱਚ ਡੀ.ਏ.ਪੀ. ਖਾਦ ਮੁੱਖ ਤੌਰ ਤੇ ਫਾਸਫੋਰਸ ਤੱਤ ਦੀ ਪੂਰਤੀ ਲਈ ਵਰਤੀ ਜਾਂਦੀ ਹੈ। ਇਸ ਵਿਚ 46 ਫ਼ੀਸਦੀ ਫਾਸਫੋਰਸ ਦੇ ਨਾਲ-ਨਾਲ 18 ਫ਼ੀਸਦੀ ਨਾਈਟ੍ਰੋਜਨ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਖਾਦ ਦੇ ਬਦਲ ਵੱਜੋ ਕੁਝ ਹੋਰ ਖਾਦਾਂ ਵੀ ਵਰਤੀਆਂ ਜਾ ਸਕਦੀਆਂ ਹਨ, ਪਰ ਉਨ੍ਹਾਂ ਦੀ ਲੋੜੀਂਦੀ ਮਾਤਰਾ ਡੀ.ਏ.ਪੀ. ਨਾਲੋਂ ਵੱਖਰੀ ਹੋ ਸਕਦੀ ਹੈ। ਇਹੋ ਜਿਹੀ ਇਕ ਖਾਦ ਐਨ.ਪੀ.ਕੇ. (12:32:16) ਹੈ ਜਿਸ ਵਿੱਚ 32 ਫ਼ੀਸਦੀ ਫਾਸਫੋਰਸ, 12 ਫ਼ੀਸਦੀ ਨਾਈਟ੍ਰੋਜਨ ਅਤੇ 16 ਫ਼ੀਸਦੀ ਪੋਟਾਸ਼ੀਅਮ ਤੱਤ ਮੌਜੂਦ ਹੁੰਦੇ ਹਨ। ਇੱਕ ਬੋਰਾ ਡੀ.ਏ.ਪੀ. ਦੀ ਜਗ੍ਹਾ 1.5 ਬੋਰਾ ਐਨ.ਪੀ.ਕੇ. (12:32:16) ਵਰਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਇਸ ਤੋਂ ਇਲਾਵਾ ਸਿੰਗਲ ਸੁਪਰਫਾਸਫੇਟ ਖਾਦ ਦੇ 3 ਬੋਰਿਆਂ ਜਾਂ ਟ੍ਰਿਪਲ ਸੁਪਰਫਾਸਫੇਟ ਖਾਦ ਦੇ ਇੱਕ ਬੋਰੇ ਦੀ ਵਰਤੋਂ ਡੀ.ਏ.ਪੀ. ਖਾਦ ਦੇ ਇੱਕ ਬੋਰੇ ਦੀ ਜਗ੍ਹਾ ਕਰ ਸਕਦੇ ਹਨ।
ਉਨ੍ਹਾਂ ਜਾਣਕਾਰੀ ਦਿੱਤੀ ਕਿ ਐਨ.ਪੀ.ਕੇ. (12:32:16), ਡੀ.ਏ.ਪੀ. ਦਾ ਇੱਕ ਬਹੁਤ ਵਧੀਆ ਬਦਲ ਸਾਬਤ ਹੋ ਸਕਦਾ ਹੈ ਕਿਉਂਕਿ ਇਸ ਦੇ 1.5 ਬੋਰੇ ਵਿੱਚ ਡੀ.ਏ.ਪੀ. ਜਿੰਨੇ ਫਾਸਫੋਰਸ ਤੇ ਨਾਈਟ੍ਰੋਜਨ ਤੱਤ ਤਾਂ ਹੁੰਦੇ ਹੀ ਹਨ, ਬਲਕਿ 23 ਕਿਲੋਗ੍ਰਾਮ ਪੋਟਾਸ਼ ਵੀ ਹੁੰਦੀ ਹੈ। ਟ੍ਰਿਪਲ ਸੁਪਰਫਾਸਫੇਟ ਬਾਜ਼ਾਰ ਵਿੱਚ ਉਪਲਬਧ ਇੱਕ ਨਵੀਂ ਖਾਦ ਹੈ ਜਿਸ ਵਿੱਚ ਡੀ.ਏ.ਪੀ. ਦੇ ਬਰਾਬਰ ਫਾਸਫੋਰਸ ਤੱਤ ਦੇ ਨਾਲ-ਨਾਲ ਕੈਲਸ਼ੀਅਮ ਤੱਤ ਵੀ ਮੌਜੂਦ ਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸਾਨ ਸਿੰਗਲ ਸੁਪਰਫਾਸਫੇਟ ਜਾਂ ਟ੍ਰਿਪਲ ਸੁਪਰਫਾਸਫੇਟ ਦੀ ਵਰਤੋਂ ਕਣਕ ਦੀ ਬਿਜਾਈ ਸਮੇਂ ਕਰਦੇ ਹਨ ਤਾਂ ਉਨ੍ਹਾਂ ਨੂੰ 20 ਕਿਲੋ ਯੂਰੀਆ ਪ੍ਰਤੀ ਏਕੜ ਵੀ ਬਿਜਾਈ ਸਮੇਂ ਪਾਉਣਾ ਚਾਹੀਦਾ ਹੈ
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਜਿਹੜੇ ਕਿਸਾਨਾਂ ਨੇ ਵਿਭਾਗ ਦੀ ਸਬਸਿਡੀ ਰਾਹੀਂ ਪਰਾਲੀ ਪ੍ਰਬੰਧਨ ਵਾਲੀਆਂ ਮਸ਼ੀਨਾਂ ਦੀ ਖਰੀਦ ਕੀਤੀ ਹੈ ਉਹ ਇਹ ਮਸ਼ੀਨਾਂ ਆਪਣੀ ਵਰਤੋਂ ਤੋਂ ਬਾਅਦ ਹੋਰ ਕਿਸਾਨਾਂ ਨੂੰ ਕਿਰਾਏ ਤੇ ਵੀ ਦੇਣ ਤਾਂ ਜੋ ਜਿਆਦਾ ਤੋਂ ਜਿਆਦਾ ਪਰਾਲੀ ਸੰਭਾਲੀ ਜਾ ਸਕੇ ਅਤੇ ਮਸ਼ੀਨਾਂ ਦੀ ਵੀ ਵੱਧ ਤੋਂ ਵੱਧ ਵਰਤੋਂ ਕੀਤੀ ਜਾ ਸਕੇ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-