Total views : 5509304
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਕੈਬਨਿਟ ਮੰਤਰੀ ਪੰਜਾਬ ਸ: ਕੁਲਦੀਪ ਸਿੰਘ ਧਾਲੀਵਾਲ ਨੇ ਜ਼ਿਲ੍ਹੇ ਦੇ ਨਵੇਂ ਚੁਣੇ ਗਏ 5526 ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਅੱਜ ਇੱਥੇ ਗੁਰੂ ਨਾਨਕ ਸਟੇਡੀਅਮ ਵਿਖੇ ਸਹੁੰ ਚੁੱਕ ਸਮਾਗਮ ਦੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸ: ਧਾਲੀਵਾਲ ਨੇ ਪੰਚਾਂ ਨੂੰ ਗ੍ਰਾਮ ਪੰਚਾਇਤ ਮੈਂਬਰ ਚੁਣੇ ਜਾਣ ਦੀ ਵਧਾਈ ਦਿੱਤੀ ਅਤੇ ਬਦਲੇ ਦੀ ਰਾਜਨੀਤੀ ਤੋਂ ਉਪਰ ਉਠਕੇ ਨਵੀਂ ਸੋਚ ਨਾਲ ਹਰ ਪਿੰਡ ਵਾਸੀ ਨੂੰ ਨਾਲ ਲੈ ਕੇ ਪਿੰਡਾਂ ਦੇ ਵਿਕਾਸ ਲਈ ਕੰਮ ਕਰਨ ਦਾ ਸੱਦਾ ਦਿੱਤਾ।
ਪਿੰਡਾਂ ਦੇ ਵਿਕਾਸ ਲਈ ਬਦਲੇ ਦੀ ਰਾਜਨੀਤੀ ਤੋਂ ਉਪਰ ਉਠਕੇ ਨਵੀਂ ਸੋਚ ਨਾਲ ਹਰ ਪਿੰਡ ਵਾਸੀ ਨੂੰ ਨਾਲ ਲੈ ਕੇ ਕੰਮ ਕਰਨ ਦਾ ਸੱਦਾ
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇੱਕ ਨਵੀਂ ਸੋਚ ਲੈਕੇ ਕੰਮ ਦੀ ਰਾਜਨੀਤੀ ਕਰਦਿਆਂ ਸੂਬੇ ਵਿੱਚ ਸਿਹਤ, ਸਿੱਖਿਆ, ਰੋਜਗਾਰ ਤੇ ਲੋਕ ਭਲਾਈ ਦੇ ਨਵੇਂ ਯੁੱਗ ਦਾ ਆਗਾਜ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸੇ ਲਈ ਹੁਣ ਨਵੀਆਂ ਗ੍ਰਾਮ ਪੰਚਾਇਤਾਂ ਵੀ ਆਪਣੇ ਪਿੰਡਾਂ ਨੂੰ ਨਮੂਨੇ ਦੇ ਪਿੰਡ ਬਣਾਉਣ ਲਈ ਨਵੀਂ ਸੋਚ ਨਾਲ ਅੱਗੇ ਵੱਧਣ ਕਿਉਂਕਿ ਪੰਜਾਬ ਪਿੰਡਾਂ ਵਿੱਚ ਵੱਸਦਾ ਹੈ, ਇਸ ਲਈ ਪੰਜਾਬ ਤੇ ਪੰਜਾਬੀਅਤ ਉਪਰ ਪਹਿਰਾ ਦਿੰਦੇ ਹੋਏ ਪਿੰਡਾਂ ਦੀ ਨੁਹਾਰ ਬਦਲੀ ਜਾਵੇ।ਸਮਾਗਮ ਮੌਕੇ ਲੋਕਾਂ ਨੂੰ ਨਸ਼ਿਆਂ ਤੋਂ ਜਾਗਰੂਕ ਕਰਨ ਲਈ ਸਾਈਂ ਗਰੁੱਪ ਵਲੋਂ ਇਕ ਨਾਟਕ ਦੀ ਪੇਸ਼ਕਾਰੀ ਅਤੇ ਢਾਡੀ ਜੱਥਾ ਸਵਿੰਦਰ ਸਿੰਘ ਭੰਗੂ ਨੇ ਸ਼ਹੀਦਾਂ ਦੀ ਗਾਥਾ ਗਾ ਕੇ ਰੰਗ ਬੰਨਿਆ। ਜਿਸਨੂੰ ਮੌਜੂਦ ਲੋਕਾਂ ਨੇ ਸਰਾਹਿਆ।
ਇਸ ਮੌਕੇ ਪੰਜਾਬ ਵਿਧਾਇਕ ਸ: ਜਸਵਿੰਦਰ ਸਿੰਘ ਰਮਦਾਸ, ਵਿਧਾਇਕ ਸ: ਜਸਬੀਰ ਸਿੰਘ ਸੰਧੂ, ਵਿਧਾਇਕ ਸ: ਦਲਬੀਰ ਸਿੰਘ ਟੌਂਗ ਅਤੇ ਐਡਵੋਕੇਟ ਰਾਜੀਵ ਮਾਦਾਨ ਨੇ ਵੀ ਸੰਬੋਧਨ ਕੀਤਾ। ਇਸ ਮੋਕੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਭੁੱਲਰ, ਐਸ.ਐਸ.ਪੀ. ਸ: ਚਰਨਜੀਤ ਸਿੰਘ, ਚੇਅਰਮੈਨ ਸ: ਬਲਦੇਵ ਸਿੰਘ ਮਿਆਦੀਆ, ਚੇਅਰਮੈਨ ਸ: ਛਨਾਖ ਸਿੰਘ, ਜਗਵਿੰਦਰ ਪਾਲ ਸਿੰਘ ਜੱਗਾ ਮਜੀਠਾ, ਸ੍ਰੀ ਸਤਪਾਲ ਸੋਖੀ, ਸ੍ਰੀ ਸਤਿੰਦਰ ਸਿੰਘ, ਮੈਡਮ ਸੀਮਾ ਸੋਢੀ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਮਜੀਤ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-