ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਸੇਵਾਮੁਕਤ ਕਰਨਾ ਬੇਹੱਦ ਨਿੰਦਣਯੋਗ ਅਤੇ ਮੰਦਭਾਗਾ ਵਰਤਾਰਾ-ਗਿਆਨੀ ਰਘਬੀਰ ਸਿੰਘ

4729137
Total views : 5596779

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ 

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪਿਛਲੇ ਦਿਨੀਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਬਾਰੇ ਸੋਸ਼ਲ ਮੀਡੀਆ ‘ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਕਿ ਪਿਛਲੇ ਦਿਨਾਂ ਤੋਂ ਜਿਸ ਤਰ੍ਹਾਂ ਦੇ ਘਟਨਾਕ੍ਰਮ ਵਾਪਰ ਰਹੇ ਹਨ, ਮੈਂ ਉਨ੍ਹਾਂ ਨੂੰ ਸਾਰੇ ਪੱਖਾਂ ਤੋਂ ਬੜੀ ਗੰਭੀਰਤਾ ਨਾਲ ਵਾਚ ਰਿਹਾ ਹਾਂ।

ਇਨ੍ਹਾਂ ਹਾਲਾਤਾਂ ਤੋਂ ਮੇਰਾ ਮਨ ਬੇਹੱਦ ਦੁਖੀ ਹੋਇਆ ਹੈ। ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਲਈ ਵਰਤੇ ਗਏ ਕਾਰਨ ਅਤੇ ਤਰੀਕਾ ਬਿਲਕੁਲ ਵੀ ਸਹੀ ਨਹੀਂ ਹੈ। ਮਿਤੀ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਥਕ ਭਾਵਨਾਵਾਂ ਅਤੇ ਪ੍ਰੰਪਰਾਵਾਂ ਦੀ ਰੌਸ਼ਨੀ ਵਿਚ ਹੋਏ ਫੈਸਲਿਆਂ ਤੋਂ ਬਾਅਦ ਹੀ ਇਸ ਤਰ੍ਹਾਂ ਜਾਪ ਰਿਹਾ ਸੀ ਕਿ ਸਿੰਘ ਸਾਹਿਬਾਨ ਖ਼ਿਲਾਫ਼ ਗਿਣੇ ਮਿੱਥੇ ਤਰੀਕੇ ਨਾਲ ਮਾਹੌਲ ਬਣਾਇਆ ਜਾ ਰਿਹਾ ਹੈ।

ਗਿਆਨੀ ਹਰਪ੍ਰੀਤ ਸਿੰਘ ਖਿਲਾਫ 18 ਸਾਲ ਪੁਰਾਣੇ ਪਰਿਵਾਰਕ ਮਸਲੇ ਨੂੰ ਗਲਤ ਰੰਗਤ ਦੇ ਕੇ ਮੀਡੀਆ ਟਰਾਇਲ ਚਲਾਇਆ ਗਿਆ। ਇਸ ਸਬੰਧ ਵਿਚ ਬਤੌਰ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਮੈਂ ਸ਼੍ਰੋਮਣੀ ਕਮੇਟੀ ਵਲੋਂ ਜਾਂਚ ਕਮੇਟੀ ਬਿਠਾਉਣ ਵੇਲੇ ਵੀ ਆਖਿਆ ਸੀ ਕਿ ਇਹ ਠੀਕ ਨਹੀਂ ਹੈ।

ਜੇਕਰ ਕਿਸੇ ਵੀ ਤਖਤ ਸਾਹਿਬ ਦੇ ਕਿਸੇ ਜਥੇਦਾਰ ਸਾਹਿਬ ਵਿਰੁੱਧ ਕਿਸੇ ਤਰ੍ਹਾਂ ਦੇ ਦੋਸ਼ਾਂ ਦੀ ਪੜਤਾਲ ਕਰਨ ਦੀ ਲੋੜ ਹੋਵੇ ਤਾਂ ਇਹ ਸਿਰਫ ਸ੍ਰੀ ਅਕਾਲ ਤਖਤ ਸਾਹਿਬ ਹੀ ਕਰਵਾ ਸਕਦਾ ਹੈ। ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਫਿਰ ਵੀ ਅਹੁਦੇ ਤੋਂ ਸੇਵਾ-ਮੁਕਤ ਕਰਨਾ ਮੰਦਭਾਗਾ ਹੈ। ਇਸ ਤਰ੍ਹਾਂ ਜਥੇਦਾਰ ਸਾਹਿਬਾਨ ਨੂੰ ਜ਼ਲੀਲ ਕਰਕੇ ਸੇਵਾ-ਮੁਕਤ ਕਰਨਾ ਬੇਹੱਦ ਮੰਦਭਾਗਾ ਵਰਤਾਰਾ ਹੈ। ਇਕ ਵਾਰ ਫਿਰ ਆਪਣੀ ਆਤਮਾ ਤੋਂ ਇਹ ਕਹਿਣਾ ਚਾਹੁੰਦਾ ਹਾਂ ਕਿ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਸੇਵਾ*ਮੁਕਤ ਕਰਨਾ ਬੇਹੱਦ ਨਿੰਦਣਯੋਗ ਅਤੇ ਮੰਦਭਾਗਾ ਵਰਤਾਰਾ ਹੈ ਜੋ ਕਿ ਤਖਤ ਸਾਹਿਬਾਨ ਦੀ ਆਜ਼ਾਦ ਹੋਂਦ ਹਸਤੀ ਨੂੰ ਵੀ ਨੁਕਸਾਨ ਪਹੁੰਚਾਉਣ ਵਾਲਾ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ 

Share this News