ਨਗਰ ਕੌਂਸਲ ਦਾ ਕਲਰਕ ਵਿਧਵਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

4729141
Total views : 5596791

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਐਤਵਾਰ ਨੂੰ ਨਗਰ ਕੌਂਸਲ ਮਲੋਟ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਤਾਇਨਾਤ ਕਲਰਕ ਸੁਰੇਸ਼ ਕੁਮਾਰ ਨੂੰ ਇਕ ਗਰੀਬ ਵਿਧਵਾ ਕੋਲੋਂ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਮਲੋਟ ਸ਼ਹਿਰ ਨਿਵਾਸੀ ਇੱਕ ਵਿਧਵਾ ਔਰਤ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਮਿਸ਼ਨ ਤਹਿਤ ਉਸ ਦਾ ਘਰ ਬਣਾਉਣ ਲਈ ਰਕਮ ਮਨਜੂਰ ਕਰਵਾਉਣ ਬਦਲੇ ਉਕਤ ਕਲਰਕ ਨੇ 50,000 ਰੁਪਏ ਦੀ ਰਿਸ਼ਵਤ ਮੰਗੀ ਹੈ ਪਰ ਉਸ ਵੱਲੋਂ ਜ਼ੋਰ ਪਾਉਣ ਤੋਂ ਬਾਅਦ ਉਕਤ ਵਿਅਕਤੀ ਇਹ ਰਕਮ ਕਿਸ਼ਤਾਂ ਵਿੱਚ ਲੈਣ ਲਈ ਸਹਿਮਤ ਹੋ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਾਜ਼ਮ ਨੂੰ ਸ਼ਿਕਾਇਤਕਰਤਾ ਦੇ ਘਰੋਂ 20,000 ਰੁਪਏ ਦੀ ਪਹਿਲੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਫੜ ਲਿਆ। ਬਿਊਰੋ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਉਕਤ ਮੁਲਜ਼ਮ ਕੋਲੋਂ ਰਿਸ਼ਵਤ ਦੀ ਰਕਮ ਮੌਕੇ ’ਤੇ ਹੀ ਬਰਾਮਦ ਕਰ ਲਈ।
 ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਬਠਿੰਡਾ ਰੇਂਜ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਅਧੀਨ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਕੇਸ ਸਬੰਧੀ ਅਗਲੀ ਤਫ਼ਤੀਸ਼ ਜਾਰੀ ਹੈ।
ਬਿਊਰੋ ਨੇ ਦੁਹਰਾਇਆ ਕਿ ਉਹ ਰਾਜ ’ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਵੱਲੋਂ ਰਿਸ਼ਵਤ ਦੀ ਮੰਗ ਕਰਨ ‘ਤੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੇ ਵਟਸਐਪ ਨੰਬਰ 9501-200-200 ‘ਤੇ ਸ਼ਿਕਾਇਤ ਦਰਜ ਕਰਵਾਉਣ। ਬੁਲਾਰੇ ਨੇ ਇਹ ਵੀ ਸਪੱਸ਼ਟ ਕੀਤਾ ਕਿ ਵਿਜੀਲੈਂਸ ਬਿਊਰੋ ਵੱਲੋਂ ਮਿਲੀਆਂ ਸਭ ਸ਼ਿਕਾਇਤਾਂ ਦੀ ਪੂਰੀ ਤਰ੍ਹਾਂ ਕਾਨੂੰਨੀ ਤਰੀਕੇ ਨਾਲ ਜਾਂਚ ਕੀਤੀ ਜਾਵੇਗੀ ਅਤੇ ਸਬੂਤ ਸਿੱਧ ਹੋਣ ਤੇ ਦੋਸ਼ੀ ਪਾਏ ਜਾਣ ਉਤੇ ਅਜਿਹੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।ਖਬਰ ਨੂੰ ਵੱਧ ਤੋ ਅੱਗੇ ਸ਼ੇਅਰ ਕਰੋ- 
Share this News