





Total views : 5539037








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਪਾਕਿਸਤਾਨ ਅਧਾਰਤ ਤਸਕਰ ਨੇ ਡਰੋਨਾਂ ਰਾਹੀਂ ਨਸ਼ਿਆਂ ਦੀ ਖੇਪ ਭੇਜਣ ਲਈ ਫਿਰੋਜ਼ਪੁਰ ਸੈਕਟਰ ਦੀ ਵਰਤੋਂ ਕੀਤੀ: ਡੀਜੀਪੀ ਗੌਰਵ ਯਾਦਵ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਖਿਲਾਫ਼ ਵਿੱਢੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਕਰਾਰੀ ਸੱਟ ਮਾਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 4 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨਪਾਲ ਸਿੰਘ (37) ਅਤੇ ਰਣਜੀਤ ਸਿੰਘ (36) ਵਜੋਂ ਹੋਈ ਹੈ। ਇਹ ਦੋਵੇਂ ਤਰਨਤਾਰਨ ਦੇ ਖੇਮਕਰਨ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਸਰਹੱਦੀ ਪਿੰਡਾਂ ਦੇ ਰਹਿਣ ਵਾਲੇ ਹਨ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਜਿਸ ‘ਤੇ ਉਹ ਸਵਾਰ ਸਨ, ਵੀ ਜ਼ਬਤ ਕਰ ਲਿਆ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਦੇ ਬਦਨਾਮ ਤਸਕਰ ਵੱਲੋਂ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਖੇਪ ਭੇਜਣ ਲਈ ਫਿਰੋਜ਼ਪੁਰ ਸੈਕਟਰ ਦੀ ਵਰਤੋਂ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।
ਡਰੱਗ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਕੀਤਾ ਜਾਵੇਗਾ ਪਰਦਾਫਾਸ਼: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ
ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਏਡੀਸੀਪੀ ਇਨਵੈਸਟੀਗੇਸ਼ਨ ਨਵਜੋਤ ਸਿੰਘ, ਏਸੀਪੀ ਡਿਟੈਕਟਿਵ ਹਰਮਿੰਦਰ ਸਿੰਘ ਅਤੇ ਏਸੀਪੀ ਨਾਰਕੋਟਿਕ ਲਲਿਤ ਸ਼ਰਮਾ ਦੀ ਨਿਗਰਾਨੀ ਹੇਠ ਅਤੇ ਇੰਚਾਰਜ ਸੀਆਈਏ-1 ਇੰਸਪੈਕਟਰ ਅਮੋਲਕਦੀਪ ਸਿੰਘ ਅਤੇ ਇੰਚਾਰਜ ਸੀਆਈਏ-2 ਐਸਆਈ ਰਵੀ ਕੁਮਾਰ ਦੀ ਅਗਵਾਈ ਵਿੱਚ ਪੁਲਿਸ ਟੀਮ ਨੇ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਅਤੇ ਅੰਮ੍ਰਿਤਸਰ ਦੇ ਝਬਾਲ ਰੋਡ ‘ਤੇ ਲਗਾਏ ਨਾਕੇ ਦੌਰਾਨ ਮੁਲਜ਼ਮਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ।ਉਨ੍ਹਾਂ ਦੱਸਿਆ ਕਿ ਸਰਹੱਦ ਪਾਰੋਂ ਨਸ਼ਿਆਂ ਦੀਆਂ ਖੇਪਾਂ ਪ੍ਰਾਪਤ ਕਰਨ ਤੋਂ ਬਾਅਦ, ਮੁਲਜ਼ਮ ਇਸਨੂੰ ਨਸ਼ਾ ਤਸਕਰਾਂ ਨੂੰ ਵੇਚਦੇ ਹਨ ਤਾਂ ਜੋ ਸੂਬੇ ਭਰ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕੀਤੀ ਜਾ ਸਕੇ।
ਸੀਪੀ ਨੇ ਕਿਹਾ ਕਿ ਸਪਲਾਇਰ, ਡੀਲਰ ਅਤੇ ਖਰੀਦਦਾਰ ਸਮੇਤ ਪੂਰੇ ਡਰੱਗ ਸਪਲਾਈ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਇਸ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਵਾਸਤੇ ਵਿਆਪਕ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵੱਲੋਂ ਖਰੀਦੀਆਂ ਅਤੇ ਸਪਲਾਈ ਕੀਤੀਆਂ ਗਈਆਂ ਖੇਪਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਵੀ ਯਤਨ ਜਾਰੀ ਹਨ।ਇਸ ਸਬੰਧੀ ਐਫਆਈਆਰ ਨੰਬਰ 49 ਮਿਤੀ 27-02-2025 ਨੂੰ ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲਿਸ ਸਟੇਸ਼ਨ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਤਹਿਤ ਦਰਜ ਕੀਤੀ ਗਈ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-