





Total views : 5596791








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਵੇਰਕਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਸਰਬਜੀਤ ਸਿੰਘ ਜੋ ਮੌਜੂਦਾ ਸਮੇਂ ਥਾਣਾ ਇਸਲਾਮਾਬਾਦ ਵਿਖੇ ਤਾਇਨਾਤ ਹੈ, ਨੂੰ 3,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਗਿਲਾਂਵਾਲੀ, ਤਹਿਸੀਲ ਬਟਾਲਾ ਦੇ ਵਸਨੀਕ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਕੀਤੀ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਸਦੇ ਖਿਲਾਫ ਥਾਣਾ ਵੇਰਕਾ ਵਿਖੇ ਇੱਕ ਐਫ.ਆਈ.ਆਰ. ਦਰਜ ਕੀਤੀ ਗਈ ਸੀ, ਜਿਸ ਵਿੱਚ ਏ.ਐਸ.ਆਈ. ਸਰਬਜੀਤ ਸਿੰਘ ਤਫਤੀਸ਼ੀ ਅਫਸਰ (ਆਈ.ਓ.) ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਕੇਸ ਵਿੱਚ ਜ਼ਬਤ ਕੀਤੀ ਗਈ ਉਸਦੀ ਕਾਰ ਦੀ ਸਪੁਰਦਾਰੀ ਦੇਣ ਬਦਲੇ ਉਕਤ ਏ.ਐਸ.ਆਈ. ਨੇ ਉਸ ਕੋਲੋਂ 3,000 ਰੁਪਏ ਰਿਸ਼ਵਤ ਮੰਗੀ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਅਤੇ ਸਬੂਤਾਂ ਦੀ ਡੂੰਘਾਈ ਨਾਲ ਜਾਂਚ ਦੌਰਾਨ ਇਸ ਗੱਲ ਦੀ ਪੁਸ਼ਟੀ ਹੋਈ ਹੈ ਕਿ ਦੋਸ਼ੀ ਨੇ ਰਿਸ਼ਵਤ ਲਈ ਸੀ। ਇਸ ਸਬੰਧੀ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਸਬ-ਰਜਿਸਟਰਾਰ ਤਰਫੋਂ 5,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਫਤਹਿਗੜ੍ਹ ਸਾਹਿਬ ਦੇ ਵਸੀਕਾ ਨਵੀਸ ਅਨੁਪਮ ਸ਼ਰਮਾ ਨੂੰ ਸਬ-ਰਜਿਸਟਰਾਰ, ਬੱਸੀ ਪਠਾਣਾ ਦੀ ਤਰਫੋਂ 5,50,000 ਰੁਪਏ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਬੱਸੀ ਪਠਾਣਾ ਦੇ ਵਸਨੀਕ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਜਾਇਦਾਦਾਂ ਦੀ ਰਜਿਸਟਰੀ ਕਰਵਾਉਣ ਬਦਲੇ ਉਕਤ ਮੁਲਜ਼ਮ ਨੇ ਤਹਿਸੀਲ ਬੱਸੀ ਪਠਾਣਾਂ ਦੇ ਸਬ-ਰਜਿਸਟਰਾਰ ਦੀ ਤਰਫੋਂ ਇਹ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਵਸੀਕਾ ਨਵੀਸ ਅਤੇ ਸਬ-ਰਜਿਸਟਰਾਰ ਨਾਲ ਹੋਈ ਆਪਣੀ ਗੱਲਬਾਤ ਰਿਕਾਰਡ ਕਰ ਲਈ।
ਜਾਂਚ ਦੌਰਾਨ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਦੋਸ਼ ਸਹੀ ਪਾਏ ਜਿਸ ਕਰਕੇ ਉਕਤ ਮੁਲਜ਼ਮ ਵਸੀਕਾ ਨਵੀਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।ਬੁਲਾਰੇ ਨੇ ਅੱਗੇ ਦੱਸਿਆ ਕਿ ਅਗਲੇਰੀ ਜਾਂਚ ਦੌਰਾਨ ਉਕਤ ਮਾਲ ਅਧਿਕਾਰੀ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-