ਵਿਜੀਲੈਂਸ ਵੱਲੋਂ 20000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਇੰਸਪੈਕਟਰ ਗ੍ਰਿਫ਼ਤਾਰ ‘ਤੇ 8000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

4878784
Total views : 5841427

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪਟਿਆਲਾ ਦੇ ਰੀਜ਼ਨਲ ਡਿਪਟੀ ਡਾਇਰੈਕਟਰ, ਲੋਕਲ ਫੰਡ ਆਡਿਟ ਦੇ ਦਫ਼ਤਰ ਵਿਖੇ ਤਾਇਨਾਤ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਨੂੰ 20000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿੱਚ ਸੰਗਰੂਰ ਜ਼ਿਲ੍ਹੇ ਦੇ ਮੂਣਕ ਬਲਾਕ ਦੇ ਬੀ.ਡੀ.ਪੀ.ਓ. ਦਫ਼ਤਰ ਵਿਖੇ ਤਾਇਨਾਤ ਮੁਲਜ਼ਮ ਪ੍ਰਿਥਵੀ ਸਿੰਘ (ਪੰਚਾਇਤ ਸਕੱਤਰ) ਨੂੰ ਪਹਿਲਾਂ ਹੀ ਉਕਤ ਆਡਿਟ ਇੰਸਪੈਕਟਰ ਦੇ ਨਾਮ ‘ਤੇ 20000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਾ ਚੁੱਕਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦਵਿੰਦਰ ਬਾਂਸਲ ਨੂੰ ਮੂਣਕ ਦੇ ਪਿੰਡ ਮਹਾਂ ਸਿੰਘ ਵਾਲਾ ਦੇ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੰਚਾਇਤ ਸਕੱਤਰ ਨੇ ਆਪਣੀ ਪਿਛਲੀ ਤਾਇਨਾਤੀ ਦੌਰਾਨ ਪਿੰਡ ਮਹਾਂ ਸਿੰਘ ਵਾਲਾ ਦੀ ਪੰਚਾਇਤ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦਾ ਆਡਿਟ ਕਰਨ ਬਦਲੇ  20000 ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਅਨੁਸਾਰ ਪੰਚਾਇਤ ਸਕੱਤਰ ਨੇ ਉਸਨੂੰ ਸੀ ਦੱਸਿਆ ਕਿ ਰਿਸ਼ਵਤ ਦੀ ਇਹ ਰਕਮ ਅੱਗੇ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਨਾਲ ਸਾਂਝੀ ਕੀਤੀ ਜਾਣੀ ਹੈ।
ਬੁਲਾਰੇ ਨੇ ਦੱਸਿਆ ਕਿ ਉਕਤ ਪੰਚਾਇਤ ਸਕੱਤਰ ਨੂੰ ਪਹਿਲਾਂ ਹੀ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਲੈਂਦੇ ਸਮੇਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਦੂਜਾ ਸਹਿ-ਮੁਲਜ਼ਮ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

8000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਥਾਣਾ ਸਿਟੀ ਖਰੜ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਸੰਜੇ ਕੁਮਾਰ (ਨੰਬਰ 459/ਐਸ.ਏ.ਐਸ. ਨਗਰ) ਨੂੰ 8000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਖਰੜ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਨੇ ਉਕਤ ਪੁਲਿਸ ਥਾਣੇ ਵਿੱਚ ਇੱਕ ਐਫਆਈਆਰ ਦਰਜ ਕਰਵਾਈ ਹੈ ਜਿੱਥੇ ਉਸਦੇ ਕੇਸ ‘ਚ ਜਾਂਚ ਅਧਿਕਾਰੀ ਏ.ਐਸ.ਆਈ. ਸੰਜੇ ਕੁਮਾਰ ਹੈ ਅਤੇ ਉਕਤ ਪੁਲਿਸ ਮੁਲਾਜ਼ਮ ਨੇ ਵਿਰੋਧੀ ਧਿਰ ਨੂੰ ਨੋਟਿਸ ਜਾਰੀ ਕਰਨ ਬਦਲੇ ਉਸ ਤੋਂ 10000 ਰੁਪਏ ਰਿਸ਼ਵਤ ਮੰਗੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਉਕਤ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਐਸ.ਏ.ਐਸ. ਨਗਰ ਸਥਿਤ ਥਾਣਾ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ, ਪੰਜਾਬ ਵਿਖੇ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।ਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News