





Total views : 5621975








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ /ਬਾਰਡਰ ਨਿਊਜ ਸਰਵਿਸ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਰਈਆ, ਜ਼ਿਲ੍ਹਾ ਅੰਮ੍ਰਿਤਸਰ ਕੁਲਵੰਤ ਸਿੰਘ ਨੂੰ 40000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸ਼ਾਹਪੁਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੀ ਪਤਨੀ ਸਾਲ 2019-2024 ਤੱਕ ਪਿੰਡ ਸ਼ਾਹਪੁਰ ਦੀ ਸਰਪੰਚ ਰਹੀ ਸੀ। ਉਸ ਦੇ ਕਾਰਜਕਾਲ ਦੌਰਾਨ ਪੰਚਾਇਤ ਫੰਡਾਂ ਦੇ ਗਬਨ ਅਤੇ ਜਾਅਲੀ ਜੌਬ ਕਾਰਡ ਬਣਾਉਣ ਦੇ ਦੋਸ਼ ਲੱਗੇ ਸਨ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਬੀ.ਡੀ.ਪੀ.ਓ. ਨੇ ਜਾਂਚ ਅਧਿਕਾਰੀ ਹੋਣ ਦੇ ਨਾਤੇ, ਉਕਤ ਮਾਮਲੇ ਨੂੰ ਨਿਪਟਾਉਣ ਬਦਲੇ ਉਸ ਤੋਂ ਇੱਕ ਲੱਖ ਰੁਪਏ ਰਿਸ਼ਵਤ ਮੰਗੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਘੱਟ ਕਰਨ ਦੀ ਬੇਨਤੀ ਕੀਤੀ ਪਰ ਅਧਿਕਾਰੀ ਰਿਸ਼ਵਤ ਦੀ ਉਕਤ ਰਕਮ ‘ਤੇ ਅੜਿਆ ਰਿਹਾ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਬੀ.ਡੀ.ਪੀ.ਓ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 40000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
1,05,000 ਰੁਪਏ ਰਿਸ਼ਵਤ ਲੈਂਦਾ ਏ.ਐਨ.ਟੀ.ਐਫ. ਦਾ ਏ.ਐਸ.ਆਈ. ਅਤੇ ਉਸਦਾ ਡਰਾਈਵਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਬਠਿੰਡਾ ਰੇਂਜ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮੇਜਰ ਸਿੰਘ ਅਤੇ ਉਸਦੇ ਨਿੱਜੀ ਡਰਾਈਵਰ ਰਾਮ ਸਿੰਘ ਨੂੰ 1,05,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਮਾਨਸਾ ਜ਼ਿਲ੍ਹੇ ਦੀ ਤਹਿਸੀਲ ਸਰਦੂਲਗੜ੍ਹ ਦੇ ਪਿੰਡ ਰਾਏਪੁਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀਆਂ ਗਈਆਂ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਏ.ਐਨ.ਟੀ.ਐਫ., ਮਾਨਸਾ ਦੀ ਟੀਮ ਨੇ ਉਸਦੇ ਪੁੱਤਰ ਅਤੇ ਹੋਰਨਾਂ ਵਿਰੁੱਧ ਮੋਹਾਲੀ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਸੀ। ਇਸ ਮਾਮਲੇ ਦੀ ਜਾਂਚ ਦੌਰਾਨ, ਏ.ਐਸ.ਆਈ. ਮੇਜਰ ਸਿੰਘ ਉਸਦੀ ਦੁਕਾਨ ‘ਤੇ ਆਇਆ ਅਤੇ ਉਸਨੂੰ ਕਿਹਾ ਕਿ ਉਹ ਉਸਦੇ ਪੁੱਤਰ ਦੀ ਗ੍ਰਿਫ਼ਤਾਰੀ ਦੌਰਾਨ ਉਸਦੀ ਤਲਾਸ਼ੀ ਸਮੇਂ ਪੁਲਿਸ ਕੋਲ ਰੱਖਿਆ ਸੋਨਾ ਛੱਡ ਦੇਵੇਗਾ ਅਤੇ ਇਸ ਕੰਮ ਦੇ ਬਦਲੇ ਉਸ ਨੇ 2 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ।
ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਰਿਸ਼ਵਤ ਦੀ ਰਕਮ ਘੱਟ ਕਰਨ ਦੀ ਬੇਨਤੀ ਕਰਨ ‘ਤੇ ਉਕਤ ਡਰਾਈਵਰ ਰਾਮ ਸਿੰਘ ਨੇ ਆਪਣੇ ਲਈ 5,000 ਰੁਪਏ ਅਤੇ ਆਪਣੇ ਬੌਸ (ਏ.ਐਸ.ਆਈ.) ਲਈ ਡੇਢ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਮੁਲਜ਼ਮ ਵੱਲੋਂ ਰਿਸ਼ਵਤ ਮੰਗਣ ਦੌਰਾਨ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਕੋਲ ਪੇਸ਼ ਕੀਤਾ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਏ.ਐਸ.ਆਈ. ਮੇਜਰ ਸਿੰਘ ਅਤੇ ਉਸਦੇ ਨਿੱਜੀ ਡਰਾਈਵਰ ਰਾਮ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,05,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਦੋਵਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-