ਵਿਜੀਲੈਂਸ ਨੇ ਪਾਵਰਕਾਮ ਦਾ ਐਸ.ਡੀ.ਓ 50,000 ਰੁਪਏ ਤੇ ਸਿਵਲ ਸਰਜਨ ਦਫਤਰ ਦਾ ਕਲਰਕ 30,000 ਰੁਪਏ ਰਿਸ਼ਵਤ ਲੈਦੇ ਰੰਗੇ ਹੱਥੀ ਕੀਤੇ ਕਾਬੂ

4878231
Total views : 5840562

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ 

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.), ਨਾਭਾ ਦੇ ਸਬ-ਡਿਵੀਜ਼ਨਲ ਅਫਸਰ (ਐਸ.ਡੀ.ਓ.) ਮਹਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਟਿਆਲਾ ਦੀ ਤਹਿਸੀਲ ਨਾਭਾ ਦੇ ਪਿੰਡ ਪੇਧਨ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ।


ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾਵਾਂ ਦੇ ਨਾਮ ‘ਤੇ ਦੋ ਟਿਊਬਵੈੱਲ ਕੁਨੈਕਸ਼ਨ ਤਬਦੀਲ ਕਰਨ ਬਦਲੇ 70,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸੌਦਾ 50,000 ਰੁਪਏ ਵਿੱਚ ਤੈਅ ਹੋ ਗਿਆ।
ਇਸ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ, ਮੋਹਾਲੀ ਵਿਖੇ ਵਿਜੀਲੈਂਸ ਬਿਊਰੋ ਉੱਡਣ ਦਸਤਾ, ਪੰਜਾਬ ਦੀ ਟੀਮ ਨੇ ਜਾਲ ਵਿਛਾਇਆ ਅਤੇ ਜਦੋਂ ਮੁਲਜ਼ਮ ਆਪਣੀ ਨਿੱਜੀ ਬ੍ਰੀਜ਼ਾ ਕਾਰ ਵਿੱਚ ਪਹੁੰਚਿਆ ਤਾਂ ਉਸ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 50000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕਰ ਲਿਆ।
ਗ੍ਰਿਫ਼ਤਾਰੀ ਦੌਰਾਨ, ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਕੋਲੋਂ ਸ਼ਿਕਾਇਤਕਰਤਾਵਾਂ ਦੇ ਨਾਮ ‘ਤੇ ਪਹਿਲਾਂ ਹੀ ਤਬਦੀਲ ਕੀਤੇ ਟਿਊਬਵੈੱਲ ਕੁਨੈਕਸ਼ਨਾਂ ਦੀਆਂ ਦੋ ਪਾਸਬੁੱਕਾਂ ਵੀ ਬਰਾਮਦ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

30,000 ਰੁਪਏ ਰਿਸ਼ਵਤ ਲੈਣ ਵਾਲਾ ਸਿਵਲ ਸਰਜਨ ਦਫ਼ਤਰ ਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਤਹਿਤ ਸਿਵਲ ਸਰਜਨ ਦਫ਼ਤਰ, ਗੁਰਦਾਸਪੁਰ ਵਿਖੇ ਜਨਮ ਅਤੇ ਮੌਤ ਸਰਟੀਫਿਕੇਟ ਰਜਿਸਟ੍ਰੇਸ਼ਨ ਸ਼ਾਖਾ ਵਿਖੇ ਕਲਰਕ ਵਜੋਂ ਤਾਇਨਾਤ ਹਰਪ੍ਰੀਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਮੁਕੱਦਮੇ ਵਿੱਚ ਉਕਤ ਹਸਪਤਾਲ ਵਿੱਚ ਵਾਰਡ ਅਟੈਂਡੈਂਟ ਵਜੋਂ ਤਾਇਨਾਤ ਮੁੱਖ ਮੁਲਜ਼ਮ ਰਵਿੰਦਰਪਾਲ ਸਿੰਘ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸਨੇ ਆਪਣੇ ਚਾਚੇ ਦੀ ਮੌਤ ਸਬੰਧੀ ਸਰਟੀਫਿਕੇਟ ਲੈਣ ਲਈ ਅਰਜ਼ੀ ਦਿੱਤੀ ਸੀ ਪਰ ਵਾਰਡ ਅਟੈਂਡੈਂਟ ਨੇ ਇਹ ਸਰਟੀਫਿਕੇਟ ਜਾਰੀ ਕਰਵਾਉਣ ਬਦਲੇ 40,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਵੱਲੋਂ ਗੱਲਬਾਤ ਉਪਰੰਤ ਰਿਸ਼ਵਤ ਦੀ ਰਕਮ 30,000 ਰੁਪਏ ਤੈਅ ਹੋ ਗਈ। ਇਸ ਉਪਰੰਤ ਉਕਤ ਮੁਲਜ਼ਮ ਰਵਿੰਦਰਪਾਲ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਸੀ।
ਉਨ੍ਹਾਂ ਅੱਗੇ ਕਿਹਾ ਕਿ ਅਗਲੇਰੀ ਜਾਂਚ ਦੌਰਾਨ ਉਕਤ ਵਾਰਡ ਅਟੈਂਡੈਂਟ ਨੇ ਖੁਲਾਸਾ ਕੀਤਾ ਹੈ ਕਿ ਉਸਨੇ ਉਕਤ ਰਿਸ਼ਵਤ ਆਪਣੇ ਅਤੇ ਉਕਤ ਕਲਰਕ ਹਰਪ੍ਰੀਤ ਸਿੰਘ ਵਾਸਤੇ ਲਈ ਸੀ। ਤਕਨੀਕੀ ਵਿਸ਼ਲੇਸ਼ਣ ਨੇ ਵੀ ਰਿਸ਼ਵਤ ਮੰਗਣ ਅਤੇ ਲੈਣ ਲਈ ਉਨ੍ਹਾਂ ਦੋਵਾਂ ਦੀ ਮਿਲੀਭੁਗਤ ਨੂੰ ਸਾਬਤ ਕੀਤਾ ਹੈ।
ਬੁਲਾਰੇ ਨੇ ਦੱਸਿਆ ਕਿ ਉਕਤ ਮੁੱਖ ਮੁਲਜ਼ਮ ਦੇ ਖੁਲਾਸੇ ਦੇ ਆਧਾਰ ‘ਤੇ ਹਰਪ੍ਰੀਤ ਸਿੰਘ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਉਕਤ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਅਤੇ ਅੱਜ ਉਸਨੂੰ ਵਿਜੀਲੈਂਸ ਬਿਊਰੋ ਯੂਨਿਟ ਗੁਰਦਾਸਪੁਰ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News