





Total views : 5840546







Total views : 5840546ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਸਬ-ਡਵੀਜ਼ਨ ਜਸਤਰਵਾਲ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਲਾਈਨਮੈਨ ਹਰਦੀਪ ਸਿੰਘ ਨੂੰ 15000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੀ ਤਹਿਸੀਲ ਲੋਪੋਕੇ ਦੇ ਪਿੰਡ ਮੁਹਾਰਾ ਦੇ ਵਸਨੀਕ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਹਾਲ ਹੀ ਵਿੱਚ ਆਈਆਂ ਹਨੇਰੀਆਂ/ਤੂਫ਼ਾਨਾਂ ਦੌਰਾਨ ਉਸਦੇ ਖੇਤਾਂ ਵਿੱਚ ਲੱਗਿਆ ਬਿਜਲੀ ਟ੍ਰਾਂਸਫਾਰਮਰ ਡਿੱਗ ਗਿਆ ਸੀ ਅਤੇ ਇਸਨੂੰ ਠੀਕ ਕਰਨ ਬਦਲੇ ਉਕਤ ਲਾਈਨਮੈਨ ਨੇ ਉਸਤੋਂ 15,000 ਰੁਪਏ ਰਿਸ਼ਵਤ ਦੀ ਮੰਗੀ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਤੋਂ ਪਤਾ ਲੱਗਾ ਕਿ ਮੁਲਜ਼ਮ ਲਾਈਨਮੈਨ ਨੇ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਮੰਗੀ ਸੀ ਅਤੇ ਪਹਿਲੀ ਕਿਸ਼ਤ ਵਜੋਂ 5000 ਰੁਪਏ ਨਕਦ ਲੈ ਲਏ ਸਨ। ਇਸ ਤੋਂ ਬਾਅਦ ਵਿੱਚ ਉਕਤ ਲਾਈਨਮੈਨ ਨੇ ਸ਼ਿਕਾਇਤਕਰਤਾ ਨੂੰ ਟ੍ਰਾਂਸਫਾਰਮਰ ਲਵਾਉਣ ਵਿੱਚ ਸਹਾਇਤਾ ਕਰਨ ਲਈ ਇੱਕ ਹੋਰ ਵਿਅਕਤੀ ਨੂੰ 1000 ਰੁਪਏ ਦੇਣ ਲਈ ਕਿਹਾ। ਇਸ ਤੋਂ ਇਲਾਵਾ ਮੁਲਜ਼ਮ ਲਾਈਨਮੈਨ ਲਗਾਤਾਰ ਆਪਣੀ ਆਵਾਜ਼ ਵਿੱਚ ਸੁਨੇਹਿਆਂ ਅਤੇ ਕਾਲਾਂ ਰਾਹੀਂ ਸ਼ਿਕਾਇਤਕਰਤਾ ਤੋਂ ਬਾਕੀ 10,000 ਰੁਪਏ ਦੀ ਮੰਗ ਕਰਦਾ ਰਿਹਾ, ਜਿਸ ਦੇ ਚਲਦਿਆਂ ਸ਼ਿਕਾਇਤਕਰਤਾ ਨੇ ਆਪਣੇ ਮੋਬਾਈਲ ‘ਤੋਂ ਗੂਗਲ ਪੇ ਰਾਹੀਂ ਉਸਨੂੰ 10,000 ਰੁਪਏ ਟ੍ਰਾਂਸਫਰ ਕਰ ਦਿੱਤੇ।
ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਦੀਆਂ ਕਾਲ ਰਿਕਾਰਡਿੰਗਾਂ, ਯੂਪੀਆਈ ਲੈਣ-ਦੇਣ ਦੇ ਸਕ੍ਰੀਨਸ਼ਾਟ, ਬੈਂਕ ਸਟੇਟਮੈਂਟ ਅਤੇ ਵੌਇਸ ਸੁਨੇਹਿਆਂ ਸਮੇਤ ਦਿੱਤੇ ਗਏ ਸਬੂਤਾਂ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਰਤਾ ਤੋਂ 15,000 ਰੁਪਏ ਦੀ ਰਿਸ਼ਵਤ ਮੰਗੀ ਸੀ ਅਤੇ ਇਹ ਰਕਮ ਪ੍ਰਾਪਤ ਵੀ ਕਰ ਲਈ ਸੀ।
ਜਾਂਚ ਦੇ ਆਧਾਰ ‘ਤੇ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਦੌਰਾਨ ਇਸ ਕੇਸ ਵਿੱਚ ਅਧਿਕਾਰੀਆਂ ਜਾਂ ਕਰਮਚਾਰੀਆਂ ਦੀ ਕਿਸੇ ਵੀ ਸ਼ਮੂਲੀਅਤ ਜਾਂ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ।
ਪਟਵਾਰੀ ਦਾ ਸਹਾਇਕ 4000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਵਾਰੀ ਰਣਜੀਤ ਸਿੰਘ ਦੇ ਸਹਾਇਕ ਸੁੱਖਾ ਨੂੰ ਜ਼ਮੀਨੀ ਰਿਕਾਰਡ ‘ਚ ਸੁਧਾਈ ਬਦਲੇ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਕਪੂਰਥਲਾ ਸ਼ਹਿਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਇੱਕ ਬੈਂਕ ਤੋਂ 10 ਲੱਖ ਰੁਪਏ ਦਾ ਮਕਾਨ ਲੈਣ ਲਈ ਕਰਜ਼ੇ ਵਾਸਤੇ ਅਰਜ਼ੀ ਦਿੱਤੀ ਸੀ। ਤਸਦੀਕ ਦੌਰਾਨ ਉਸਦੇ ਜਾਇਦਾਦ ਦੇ ਦਸਤਾਵੇਜ਼ਾਂ ਵਿੱਚ ਖਸਰਾ ਅਤੇ ਫਰਦ ਨੰਬਰਾਂ ਵਿੱਚ ਅੰਤਰ ਪਾਇਆ ਗਿਆ ਅਤੇ ਉਸਨੇ ਤਹਿਸੀਲ ਦਫ਼ਤਰ ਵਿੱਚ ਸੁਧਾਰ ਲਈ ਅਰਜ਼ੀ ਦਿੱਤੀ, ਜਿੱਥੇ ਤਹਿਸੀਲਦਾਰ ਨੇ ਉਸਦੀ ਅਰਜ਼ੀ ਨੂੰ ਕਾਰਵਾਈ ਲਈ ਪਟਵਾਰੀ ਰਣਜੀਤ ਸਿੰਘ ਕੋਲ ਭੇਜ ਦਿੱਤਾ।
ਉਨ੍ਹਾਂ ਕਿਹਾ ਕਿ ਜਦੋਂ ਸ਼ਿਕਾਇਤਕਰਤਾ ਨੇ ਪਟਵਾਰੀ ਦੇ ਉਕਤ ਸਹਾਇਕ ਸੁੱਖਾ ਨਾਲ ਸੰਪਰਕ ਕੀਤਾ ਤਾਂ ਉਸ ਨੇ ਰਿਸ਼ਵਤ ਦੀ ਪੇਸ਼ਗੀ ਰਕਮ ਵਜੋਂ 1,000 ਰੁਪਏ ਦੀ ਮੰਗ ਕੀਤੀ ਸੀ ਅਤੇ 4-5 ਦਿਨਾਂ ਵਿੱਚ ਉਸਦਾ ਕੰਮ ਪੂਰਾ ਕਰਨ ਦਾ ਵਾਅਦਾ ਕੀਤਾ ਸੀ। ਉਸ ਤੋਂ ਤਿੰਨ ਦਿਨਾਂ ਬਾਅਦ ਸੁੱਖੇ ਨੇ ਸ਼ਿਕਾਇਤਕਰਤਾ ਨੂੰ ਦੱਸਿਆ ਕਿ ਹੁਣ ਇਸ ਕੰਮ ਲਈ 6,000 ਰੁਪਏ ਦੀ ਹੋਰ ਰਿਸ਼ਵਤ ਦੇਣੀ ਪਵੇਗੀ। ਇਸ ਤੋਂ ਤੰਗ ਆ ਕੇ ਸ਼ਿਕਾਇਤਕਰਤਾ ਨੇ 26 ਮਈ ਨੂੰ ਸਿੱਧਾ ਪਟਵਾਰੀ ਰਣਜੀਤ ਸਿੰਘ ਨਾਲ ਸੰਪਰਕ ਕੀਤਾ, ਜਿਸਨੇ ਉਸਨੂੰ ਸੁੱਖੇ ਕੋਲ ਭੇਜ ਦਿੱਤਾ। ਇਸ ਵਾਰ ਸਹਾਇਕ ਸੁੱਖਾ ਨੇ ਆਪਣੀ ਰਿਸ਼ਵਤ ਦੀ ਮੰਗ ਵਧਾ ਕੇ 8,000 ਰੁਪਏ ਕਰ ਦਿੱਤੀ ਅਤੇ ਸ਼ਿਕਾਇਤਕਰਤਾ ਨੂੰ ਕਿਹਾ ਕਿ ਆਮ ਤੌਰ ‘ਤੇ ਇਸ ਕੰਮ ਨੂੰ 20 ਦਿਨ ਲਗਦੇ ਹਨ ਪਰ ਪੈਸੇ ਦੇ ਕੇ ਇਹ ਕੰਮ ਜਲਦੀ ਕਰਵਾਇਆ ਜਾ ਸਕਦਾ ਹੈ। ਗੱਲਬਾਤ ਤੋਂ ਬਾਅਦ ਦੋਵਾਂ ਦਰਮਿਆਨ ਸੌਦਾ 4,000 ਰੁਪਏ ‘ਚ ਤੈਅ ਹੋ ਗਿਆ ਅਤੇ ਸੁੱਖੇ ਨੇ ਸ਼ਿਕਾਇਤਕਰਤਾ ਨੂੰ ਇਸਦੀ ਤੁਰੰਤ ਔਨਲਾਈਨ ਅਪਡੇਟਸ ਦੇਣ ਦਾ ਭਰੋਸਾ ਦਿੱਤਾ। ਸ਼ਿਕਾਇਤਕਰਤਾ ਨੇ ਸਾਰੀ ਗੱਲਬਾਤ ਰਿਕਾਰਡ ਕੀਤੀ ਕਰਕੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਸੁੱਖੇ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 4000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਜਲੰਧਰ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਇਹ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਪਟਵਾਰੀ ਰਣਜੀਤ ਸਿੰਘ ਦੀ ਇਸ ਰਿਸ਼ਵਤਖੋਰੀ ਦੀ ਕਾਰਵਾਈ ਵਿੱਚ ਕੀ ਭੂਮਿਕਾ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
