ਪੁਲਿਸ ਨੇ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਵਿੱਚ ਸੁਰੱਖਿਆ ‘ਚ ਕੀਤਾ ਵਾਧਾ-ਅਰਪਿਤ ਸ਼ੁਕਲਾ

4878613
Total views : 5841156

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਆਗਾਮੀ ਆਜ਼ਾਦੀ ਦਿਵਸ-2025 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਹੈ ਅਤੇ ਅਪਰਾਧਿਕ ਤੇ ਸਮਾਜ ਵਿਰੋਧੀ ਅਨਸਰਾਂ ‘ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਪੰਦਰਵਾੜਾ ਮੁਹਿੰਮ ਸ਼ੁਰੂ ਕੀਤੀ ਹੈ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਸੁਰੱਖਿਆ ਉਪਾਵਾਂ ਵਿੱਚ ਵਾਧਾ ਕਰਨ, ਗਸ਼ਤ ਵਧਾਉਣ ਅਤੇ ਰਾਤ ਦੇ ਅਭਿਆਨ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਸ ਸਬੰਧੀ ਵੇਰਵੇ ਦਿੰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਇਨ੍ਹਾਂ ਦੋ ਹਫ਼ਤਿਆਂ ਵਿੱਚ ਸੀਪੀਜ਼/ਐਸਐਸਪੀਜ਼ ਨਿਯਮਤ ਤੌਰ ‘ਤੇ ਵੱਖ-ਵੱਖ ਕਾਰਵਾਈਆਂ ਕਰਨਗੇ ਜਿਸ ਵਿੱਚ ਅੱਤਵਾਦ /ਗੈਂਗਸਟਰ ਵਿਰੋਧੀ ਕਾਰਵਾਈਆਂ, ਜੇਲ੍ਹਾਂ ਦੀ ਜਾਂਚ, ਰਣਨੀਤਕ ਸਥਾਨਾਂ ‘ਤੇ ਨਾਕੇ ਲਗਾਉਣਾ, ਤਲਾਸ਼ੀ ਅਭਿਆਨ ਆਦਿ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਸ਼ੱਕੀ ਗਤੀਵਿਧੀਆਂ ਤੇ ਵਿਅਕਤੀਆਂ ‘ਤੇ ਨੇੜਿਓਂ ਨਜ਼ਰ ਰੱਖਣ ਅਤੇ ਕਿਸੇ ਵੱਲੋਂ ਵੀ ਸੁਰੱਖਿਆ ਉਲੰਘਣਾ ਦੀ ਸਥਿਤੀ ਵਿੱਚ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

ਵਿਸ਼ੇਸ਼ ਡੀਜੀਪੀ ਨੇ ਸੀਪੀਜ਼/ਐਸਐਸਪੀਜ਼ ਨੂੰ ਜਨਤਕ ਸਥਾਨਾਂ ‘ਤੇ ਪੁਲਿਸ ਦੀ ਮੌਜੂਦਗੀ ਵਧਾਉਣ ਅਤੇ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਮਹੱਤਵਪੂਰਨ ਖੇਤਰਾਂ ਵਿੱਚ ਨਿਗਰਾਨੀ ਅਤੇ ਗਸ਼ਤ ਤੇਜ਼ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ ਹਨ। ਉਹਨਾਂ ਅੱਗੇ ਦੱਸਿਆ ਕਿ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਪੁਲਿਸ ਚੌਕੀਆਂ ਦੀ ਗਿਣਤੀ ਵਧਾਉਣ ਅਤੇ ਹਰੇਕ ਨਾਕੇ ‘ਤੇ ਵੱਧ ਤੋਂ ਵੱਧ ਵਾਹਨਾਂ ਦੀ ਜਾਂਚ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ, ਜਿਸ ਨਾਲ ਅੱਤਵਾਦੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਘਟਾਉਣ ਵਿੱਚ ਮਦਦ ਮਿਲੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News