





Total views : 5839733







Total views : 5839733ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਕਿਸਾਨਾਂ ਨੂੰ 20,000 ਰੁਪਏ ਪ੍ਰਤੀ ਏਕੜ ਮਿਲਣਗੇ
ਝਬਾਲ /ਦਇਆ ਸਿੰਘ
ਤਿਉਹਾਰਾਂ ਦੇ ਸੀਜ਼ਨ ਦੌਰਾਨ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 4,150.42 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਵਿੱਚ 19,491.56 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡ ਕਰਨ ਲਈ ਵੱਡਾ ਪ੍ਰਾਜੈਕਟ ਸ਼ੁਰੂ ਕੀਤਾ।
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਤਰਨ ਤਾਰਨ ਦੀ ਪਵਿੱਤਰ ਧਰਤੀ `ਤੇ ਸੀਸ ਝੁਕਾਇਆ, ਜਿਸ ਨੂੰ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ, ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਬਾਬਾ ਬੁੱਢਾ ਜੀ ਦੀ ਚਰਨ ਛੋਹ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਹੈ, ਖ਼ਾਸ ਕਰ ਕੇ ਪੰਜਾਬ ਦੇ ਪੇਂਡੂ ਖੇਤਰਾਂ ਲਈ ਕਿਉਂਕਿ ਅੱਜ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਕ ਹੋਰ ਇਤਿਹਾਸਕ ਫੈਸਲਾ ਲਿਆ ਹੈ, ਜਿਸ ਤਹਿਤ ਹੁਣ ਇਨ੍ਹਾਂ ਲਿੰਕ ਸੜਕਾਂ ਦੀ ਮੁਰੰਮਤ ਦੇ ਨਾਲ-ਨਾਲ ਅਗਲੇ ਪੰਜ ਸਾਲਾਂ ਲਈ ਠੇਕੇਦਾਰਾਂ ਵੱਲੋਂ ਇਨ੍ਹਾਂ ਦੀ ਸਾਂਭ-ਸੰਭਾਲ ਵੀ ਯਕੀਨੀ ਬਣਾਈ ਜਾਵੇਗੀ।
ਸੂਬਾ ਸਰਕਾਰ ਸਰਹੱਦੀ ਖੇਤਰ ਦੇ ਵਾਸੀਆਂ ਨੂੰ ਦਰਪੇਸ਼ ਮਸਲੇ ਹੱਲ ਕਰਨ ਲਈ ਵਚਨਬੱਧ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਕੁੱਲ 30,237 ਲਿੰਕ ਸੜਕਾਂ ਹਨ, ਜਿਨ੍ਹਾਂ ਦੀ ਕੁੱਲ ਲੰਬਾਈ 64,878 ਕਿਲੋਮੀਟਰ ਹੈ। ਉਨ੍ਹਾਂ ਕਿਹਾ ਕਿ 33,492 ਕਿਲੋਮੀਟਰ ਪੰਜਾਬ ਮੰਡੀ ਬੋਰਡ ਅਧੀਨ ਹਨ ਅਤੇ 31,386 ਕਿਲੋਮੀਟਰ ਸੜਕਾਂ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਅਧੀਨ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੁਣ 19,491.56 ਕਿਲੋਮੀਟਰ ਦੀ ਕੁੱਲ ਲੰਬਾਈ ਵਾਲੀਆਂ 7373 ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡ ਕਰਨ ਦਾ ਪ੍ਰਾਜੈਕਟ ਸ਼ੁਰੂ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ `ਤੇ 4,150.42 ਕਰੋੜ ਰੁਪਏ ਦੀ ਲਾਗਤ ਆਵੇਗੀ, ਜਿਸ ਵਿੱਚ ਪੰਜ ਸਾਲ ਦੀ ਸਾਂਭ-ਸੰਭਾਲ ਸ਼ਾਮਲ ਹੈ ਅਤੇ 3,424.67 ਕਰੋੜ ਰੁਪਏ ਮੁਰੰਮਤ ਅਤੇ ਅਪਗ੍ਰੇਡੇਸ਼ਨ ਲਈ ਖ਼ਰਚੇ ਜਾਣਗੇ, ਜਦੋਂ ਕਿ 725.75 ਕਰੋੜ ਰੁਪਏ ਪੰਜ ਸਾਲਾਂ ਦੀ ਸਾਂਭ-ਸੰਭਾਲ ਲਈ ਖ਼ਰਚੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਨੂੰ ਆਪਣੀ ਖਪਤ ਦੀ ਹਰੇਕ ਵਸਤੂ ਉੱਤੇ ਟੈਕਸ ਦੇਣਾ ਪੈਂਦਾ ਹੈ ਪਰ ‘ਰਾਜੇ’ ਅਤੇ ਵੱਡੇ ਆਗੂ ਇਸ ਤੋਂ ਅਣਜਾਣ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਪੰਜਾਬ, ਪੰਜਾਬੀਆਂ ਅਤੇ ਪੰਜਾਬੀ ਭਾਸ਼ਾ ਬਾਰੇ ਨਿਗੂਣੀ ਜਾਣਕਾਰੀ ਹੈ ਕਿਉਂਕਿ ਉਹ ਪਹਾੜਾਂ ਵਿਚਲੇ ਸਕੂਲਾਂ ਦੇ ਪੜ੍ਹੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਆਮ ਆਦਮੀ ਦੀ ਕੋਈ ਚਿੰਤਾ ਨਹੀਂ ਹੈ ਅਤੇ ਉਨ੍ਹਾਂ ਨੇ ਹਮੇਸ਼ਾ ਆਪਣੇ ਨਿੱਜੀ ਹਿੱਤਾਂ ਨੂੰ ਤਰਜੀਹ ਦਿੱਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਤੋਂ ਈਰਖਾ ਕਰਦੀਆਂ ਹਨ ਕਿਉਂਕਿ ਉਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਸਧਾਰਨ ਘਰ ਦਾ ਪੁੱਤ ਸੂਬੇ ਦਾ ਸ਼ਾਸਨ ਚੰਗੇ ਢੰਗ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦਾ ਰਵਾਇਤੀ ਸਿਆਸੀ ਪਾਰਟੀਆਂ ਤੋਂ ਵਿਸ਼ਵਾਸ ਉੱਠ ਗਿਆ ਹੈ ਕਿਉਂਕਿ ਇਨ੍ਹਾਂ ਪਾਰਟੀਆਂ ਨੇ ਹਮੇਸ਼ਾ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਸਟੈਂਡ ਲਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸੂਝਵਾਨ ਅਤੇ ਬਹਾਦਰ ਲੋਕਾਂ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਨ੍ਹਾਂ ਪਾਰਟੀਆਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਸੀ, ਜਿਸ ਕਾਰਨ ਇਹ ਹੁਣ ਬੁਖਲਾਏ ਹੋਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕ ਕੇ ਨਸਲਕੁਸ਼ੀ ਲਈ ਜ਼ਿੰਮੇਵਾਰ ‘ਜਰਨੈਲਾਂ’ ਨਾਲ ਸੂਬਾ ਸਰਕਾਰ ਕੋਈ ਰਹਿਮ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦੇਣ ਵਾਲੇ ਜਰਨੈਲਾਂ ਨੂੰ ਪਹਿਲਾਂ ਹੀ ਸਲਾਖਾਂ ਪਿੱਛੇ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਨਾ ਸਿਰਫ਼ ਸੂਬਾ ਭਰ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦਿੰਦੇ ਸਨ, ਸਗੋਂ ਦੁੱਖ ਇਸ ਗੱਲ ਦਾ ਹੈ ਕਿ ਉਹ ਆਪਣੀਆਂ ਸਰਕਾਰੀ ਗੱਡੀਆਂ ਵਿੱਚ ਨਸ਼ੇ ਵੇਚਦੇ ਤੇ ਸਪਲਾਈ ਵੀ ਕਰਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਕਿਸੇ ਨੇ ਵੀ ਇਨ੍ਹਾਂ ਰਸੂਖਵਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਹਿੰਮਤ ਨਹੀਂ ਕੀਤੀ ਸੀ, ਪਰ ਹੁਣ ਉਨ੍ਹਾਂ ਦੀ ਸਰਕਾਰ ਨੇ ਇਹ ਜੁਅੱਰਤ ਕੀਤੀ ਹੈ ਅਤੇ ਇਨ੍ਹਾਂ ਲੋਕਾਂ ਨੂੰ ਆਪਣੇ ਪਾਪਾਂ ਦੀ ਕੀਮਤ ਚੁਕਾਉਣੀ ਪਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਪਹਿਲਾਂ ਹੀ ਸਰਪਲੱਸ ਬਿਜਲੀ ਵਾਲਾ ਸੂਬਾ ਬਣ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਦੁੱਖ ਪ੍ਰਗਟ ਕੀਤਾ ਕਿ ਹੜ੍ਹਾਂ ਦੇ ਕਹਿਰ ਨੇ ਸੂਬੇ ਦਾ ਬਹੁਤ ਵੱਡਾ ਨੁਕਸਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਨਾਲ 2,300 ਤੋਂ ਵੱਧ ਪਿੰਡ ਡੁੱਬ ਗਏ ਹਨ, 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ ਅਤੇ ਪੰਜ ਲੱਖ ਏਕੜ ਜ਼ਮੀਨ ਵਿੱਚ ਫਸਲਾਂ ਤਬਾਹ ਕਰ ਦਿੱਤੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਲਗਭਗ 60 ਜਾਨਾਂ ਗਈਆਂ ਹਨ ਜੋ ਬਹੁਤ ਦੁਖਦਾਇਕ ਗੱਲ ਹੈ ਅਤੇ ਸੱਤ ਲੱਖ ਲੋਕ ਬੇਘਰ ਹੋ ਗਏ ਹਨ। ਇਸ ਤੋਂ ਇਲਾਵਾ 3,200 ਸਰਕਾਰੀ ਸਕੂਲ ਨੁਕਸਾਨੇ ਗਏ ਹਨ, 19 ਕਾਲਜ ਮਲਬੇ ਵਿੱਚ ਬਦਲ ਗਏ ਹਨ, 1,400 ਕਲੀਨਿਕ ਅਤੇ ਹਸਪਤਾਲ ਬਰਬਾਦ ਹੋ ਗਏ ਹਨ, 8,500 ਕਿਲੋਮੀਟਰ ਸੜਕਾਂ ਤਬਾਹ ਹੋ ਗਈਆਂ ਹਨ ਅਤੇ 2,500 ਪੁਲ ਤੇ ਪੁਲੀਆਂ ਢਹਿ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ੁਰੂਆਤੀ ਅਨੁਮਾਨਾਂ ਅਨੁਸਾਰ, ਕੁੱਲ ਨੁਕਸਾਨ ਲਗਭਗ 13,800 ਕਰੋੜ ਰੁਪਏ ਹੈ, ਹਾਲਾਂਕਿ ਅਸਲ ਅੰਕੜਾ ਇਸ ਤੋਂ ਵੀ ਵੱਧ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਹੋਏ ਇਕ-ਇਕ ਪੈਸੇ ਦੇ ਨੁਕਸਾਨ ਦੀ ਭਰਪਾਈ ਕਰੇਗੀ ਅਤੇ ਕਿਸਾਨਾਂ ਨੂੰ ਫਸਲ ਦੇ ਨੁਕਸਾਨ ਲਈ 20,000 ਰੁਪਏ ਪ੍ਰਤੀ ਏਕੜ ਦਿੱਤੇ ਜਾਣਗੇ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਹੋਵੇਗਾ।
ਬੇਬੁਨਿਆਦ ਬਿਆਨ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਲੋਕ ਸਾਬਕਾ ਉਪ ਮੁੱਖ ਮੰਤਰੀ ਦੀ ਅਸਥਿਰ ਪਹੁੰਚ ਲਈ ਉਸ ’ਤੇ ਪੱਥਰ ਸੁੱਟਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੇ ਸਰਹੱਦੀ ਖੇਤਰਾਂ ਦੀਆਂ ਜ਼ਰੂਰਤਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ, ਜਿੱਥੇ ਧਰਤੀ ਦੇ ਬਹਾਦਰ ਅਤੇ ਦੇਸ਼ ਭਗਤ ਪੁੱਤਰ ਵੱਸਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਰਾਸ਼ਟਰੀ ਸੁਰੱਖਿਆ ਨਾਲ ਸਮਝੌਤਾ ਕੀਤੇ ਬਿਨਾਂ ਜਿੱਥੇ ਵੀ ਸੰਭਵ ਹੋਵੇ, ਸਰਹੱਦੀ ਵਾੜ ਨੂੰ ਅੰਤਰਰਾਸ਼ਟਰੀ ਸਰਹੱਦ ਵੱਲ ਤਬਦੀਲ ਕਰਨ ਦਾ ਮੁੱਦਾ ਉਠਾਇਆ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਜ਼ਿਲ੍ਹੇ ਵਿੱਚ ਕਈ ਹੋਰ ਵਿਕਾਸ ਪ੍ਰੋਜੈਕਟ ਸ਼ੁਰੂ ਕਰਨ ਦੀਆਂ ਸੰਭਾਵਨਾਵਾਂ ਤਲਾਸ਼ੇਗੀ।
ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਹਰਭਜਨ ਸਿੰਘ ਈ.ਟੀ.ਓ., ਵਿਧਾਇਕ ਸਰਵਣ ਸਿੰਘ ਧੁੰਨ ਤੇ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਆਪ ਦੇ ਉਮੀਦਵਾਰ ਹਰਮੀਤ ਸਿੰੰਘ ਸ਼ੰਧੂ, ਵਿੱਕੀ ਪੰਜਵੜ੍ਹ, ਪ੍ਰਤਾਪ ਸਿੰਘ ਰਸੂਲਪੁਰ,ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਸਕੱਤਰ ਮੰਡੀ ਬੋਰਡ ਰਾਮਵੀਰ ਤੇ ਹੋਰ ਵੀ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-