





Total views : 5839759







Total views : 5839759ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਖੇਮਕਰਨ/ਬੀ.ਐਨ.ਈ ਬਿਊਰੋ , ਨੀਟੂ ਅਰੋੜਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਵਿੱਚ ਔਰਤਾਂ ਨੂੰ ਛੇਤੀ ਹੀ ਹਰ ਮਹੀਨੇ 1,000 ਰੁਪਏ ਮਿਲਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਬਜਟ ਵਿੱਚ ਔਰਤਾਂ ਨੂੰ ਵਿੱਤੀ ਆਜ਼ਾਦੀ ਦੇਣ ਲਈ ਇਹ ਵਿਵਸਥਾ ਕੀਤੀ ਗਈ ਹੈ ਤਾਂ ਜੋ ਉਨ੍ਹਾਂ ਨੂੰ ਰੋਜ਼ਾਨਾ ਦੀਆਂ ਜ਼ਰੂਰਤਾਂ ਲਈ ਘਰ ਦੇ ਮੁਖੀ ਤੋਂ ਪੈਸੇ ਨਾ ਮੰਗਣੇ ਪੈਣ। ਖੇਮਕਰਨ ਵਿੱਚ 137 ਕਰੋੜ ਰੁਪਏ ਦੇ ਪੇਂਡੂ ਲਿੰਕ ਸੜਕ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਦਰਪੇਸ਼ ਅਸਲ ਮੁੱਦਿਆਂ ਜਿਵੇਂ ਕਿ ਨਸ਼ੇ, ਗਰੀਬੀ, ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਹੱਲ ਕਰ ਰਹੀ ਹੈ, ਨਾਲ ਹੀ ਸਰਹੱਦੀ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਅਤੇ ਜਨਤਕ ਸੇਵਾਵਾਂ ਨੂੰ ਮਜ਼ਬੂਤ ਕਰ ਰਹੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਹੱਦੀ ਹਲਕੇ ਖੇਮਕਰਨ ਵਿੱਚ 137 ਕਰੋੜ ਰੁਪਏ ਦੇ ਪੇਂਡੂ ਲਿੰਕ ਸੜਕੀ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਅਤੇ ਕਿਹਾ ਕਿ ‘ਆਪ’ ਸਰਕਾਰ ਸਰਹੱਦੀ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਰੁਜ਼ਗਾਰ ਦੇ ਮੌਕੇ ਸਿਰਜਣ ਅਤੇ ਬਿਹਤਰ ਢੰਗ ਨਾਲ ਜਨਤਕ ਸੇਵਾਵਾਂ ਪ੍ਰਦਾਨ ਕਰਨ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਨੇ ਨਹਿਰੀ ਸਿੰਚਾਈ, ਰੋਜ਼ਗਾਰ ਉਤਪਤੀ ਅਤੇ ਸਿੱਖਿਆ ਸੁਧਾਰਾਂ ਵਿੱਚ ਹੋਈ ਪ੍ਰਗਤੀ ‘ਤੇ ਵੀ ਚਾਨਣਾ ਪਾਇਆ।
ਸਿੱਖਿਆ ਖੇਤਰ ‘ਚ ਹੋਈ ਪ੍ਰਗਤੀ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਰਾਜ ਭਰ ਵਿੱਚ ਸਮਾਰਟ ਕਲਾਸਰੂਮ, ਆਧੁਨਿਕ ਲੈਬਾਟਰੀਆਂ ਅਤੇ ਖੇਡ ਦੇ ਮੈਦਾਨਾਂ ਨਾਲ ਲੈਸ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਗਏ ਹਨ। ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਵਿਸ਼ੇਸ਼ ਸਿਖਲਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ‘ਤੇ ਮੁਕਾਬਲੇ ਦੇ ਯੋਗ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਨੇ ਭਾਰਤ ਸਰਕਾਰ ਦੁਆਰਾ ਕਰਵਾਏ ਗਏ ਰਾਸ਼ਟਰੀ ਪ੍ਰਾਪਤੀ ਸਰਵੇਖਣ ਵਿੱਚ ਕੇਰਲਾ ਨੂੰ ਵੀ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਵਿਦਿਆਰਥੀਆਂ ਨੂੰ ਹਥਿਆਰਬੰਦ ਬਲਾਂ ਦੀ ਪ੍ਰੀਖਿਆ ਦੀ ਤਿਆਰੀ ਕਰਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਨੀਟ, ਜੇਈਈ, ਕਲੈਟ ਅਤੇ ਐਨਆਈਐਫਟੀ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਸ਼ੇਸ਼ ਕੋਚਿੰਗ ਵੀ ਦਿੱਤੀ ਜਾ ਰਹੀ ਹੈ ਅਤੇ ਕਿਹਾ ਕਿ ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਪਹਿਲਾਂ ਹੀ ਜੇਈਈ ਮੇਨਜ਼, ਜੇਈਈ ਐਡਵਾਂਸਡ ਅਤੇ ਨੀਟ ਵਰਗੀਆਂ ਪ੍ਰੀਖਿਆਵਾਂ ਪਾਸ ਕਰ ਚੁੱਕੇ ਹਨ।
ਪੰਜਾਬ ਦੇ ਮੁੱਖ ਮੰਤਰੀ ਨੇ ਸੂਬਾ ਸਰਕਾਰ ਦੀਆਂ ਭਲਾਈ ਪਹਿਲਕਦਮੀਆਂ ‘ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਾਰੇ ਨਾਗਰਿਕਾਂ ਨੂੰ ਮੁਫ਼ਤ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ, ਜਦੋਂ ਕਿ 881 ਆਮ ਆਦਮੀ ਕਲੀਨਿਕ ਰੋਜ਼ਾਨਾ ਆਧਾਰ ‘ਤੇ ਲੋਕਾਂ ਨੂੰ ਮੁਫ਼ਤ ਇਲਾਜ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲਗਭਗ 90 ਫੀਸਦ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ।
ਉਨ੍ਹਾਂ ਅੱਗੇ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਹਰ ਮਹਿਲਾ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਯੋਜਨਾ ਜਲਦ ਲਾਗੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਬਜਟ ਵਿੱਚ ਜ਼ਰੂਰੀ ਉਪਬੰਧ ਕੀਤੇ ਜਾਣਗੇ ਅਤੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੁਗਾਇਆ ਜਾਵੇਗਾ।
ਕਾਂਗਰਸ ਪਾਰਟੀ ’ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ ਇੱਕ ਵੰਡਿਆ ਹੋਇਆ ਘਰ ਹੈ , ਜੋ ਆਪਸੀ ਫੁੱਟ ਅਤੇ ਅੰਦਰੂਨੀ ਕਾਟੋ-ਕਲੇਸ਼ ਕਾਰਨ ਜਲਦ ਦੀ ਪੂਰੀ ਤਰ੍ਹਾਂ ਢਹਿ-ਢੇਰੀ ਹੋ ਜਾਵੇਗਾ। ਕਾਂਗਰਸ ਦੇ ਆਗੂ ਸੱਤਾ ਵਿੱਚ ਵਾਪਸੀ ਦਾ ਸੁਪਨਾ ਤਾਂ ਦੇਖ ਰਹੇ ਹਨ ਪਰ ਉਨ੍ਹਾਂ ਕੋਲ ਨਾ ਤਾਂ ਕੋਈ ਵਿਜ਼ਨ ਹੈ ਅਤੇ ਨਾ ਹੀ ਉਨ੍ਹਾਂ ਵਿੱਚ ਕੋਈ ਇੱਕਜੁੱਟਤਾ। ਉਹ ਭੁੱਲ ਜਾਂਦੇ ਹਨ ਕਿ ਪੰਜਾਬ ਵਿੱਚ ਸਰਕਾਰ ਬਣਾਉਣ ਲਈ 60 ਸੀਟਾਂ ਦੀ ਲੋੜ ਹੈ, ਜੋ ਕਿ ਉਨ੍ਹਾਂ ਲਈ ਦੂਰ ਦਾ ਖੁਆਬ ਹੈ। ਇਥੋਂ ਤੱਕ ਕਿ ਉਨ੍ਹਾਂ ਦੇ ਆਗੂ ਤਾਂ ਮੁੱਢਲਾ ਗਣਿਤ ਵੀ ਨਹੀਂ ਜਾਣਦੇ।’
ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ’ਤੇ ਤੰਜ ਕੱਸਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ, ਕਿ ਅਕਾਲੀ ਆਗੂਆਂ ਕੋਲ ਆਮ ਆਦਮੀ ਨੂੰ ਲੁੱਟਣ ਅਤੇ ਪ੍ਰੇਸ਼ਾਨ ਕਰਨ ਦੇ ਰੋਡਮੈਪ ਤੋਂ ਇਲਾਵਾ ਹੋਰ ਕੁਝ ਵੀ ਨਹੀਂ ਹੈ। ਉਨ੍ਹਾਂ ਨੇ ਆਪਣੇ ਰਾਜ ਦੌਰਾਨ ਗੈਂਗਸਟਰਾਂ ਦੀ ਪੁਸ਼ਤਪਨਾਹੀ ਕੀਤੀ ਅਤੇ ਨਸ਼ਾ ਤਸਕਰਾਂ ਨੂੰ ਬਚਾਇਆ। ਉਨ੍ਹਾਂ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਖ਼ਾਤਰ ਵਾਰ-ਵਾਰ ਧਰਮ ਨੂੰ ਦਾਅ ’ਤੇ ਲਾਉਣ ਤੋਂ ਵੀ ਗੁਰੇਜ਼ ਨਹੀ ਕੀਤਾ, ਪਰ ਪੰਜਾਬ ਦੇ ਲੋਕ ਹੁਣ ਮੁੜ ਉਨ੍ਹਾਂ ਦੀਆਂ ਗੱਲਾਂ ਵਿੱਚ ਨਹੀਂ ਆਉਣਗੇ।
ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਖੇਮਕਰਨ ਹਲਕੇ ਵਿੱਚ 137 ਕਰੋੜ 22 ਲੱਖ ਰੁਪਏ ਦੀ ਲਾਗਤ ਨਾਲ 275 ਕਿਲੋਮੀਟਰ ਹਿੱਸੇ ਨੂੰ ਕਵਰ ਕਰਦੇ ਪ੍ਰਾਜੈਕਟ ਤਹਿਤ 209 ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਦਾ ਕਾਰਜ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੇ ਨਵੀਨੀਕਰਨ ’ਤੇ 127 ਕਰੋੜ 84 ਲੱਖ ਰੁਪਏ ਖਰਚ ਕੀਤੇ ਜਾਣਗੇ ਅਤੇ ਅਗਲੇ ਪੰਜ ਸਾਲਾਂ ਦੌਰਾਨ 9 ਕਰੋੜ 38 ਲੱਖ ਰੁਪਏ ਇਨ੍ਹਾਂ ਦੇ ਰੱਖ-ਰਖਾਅ ਲਈ ਵਰਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਖੇਮਕਰਨ ਹਲਕੇ ਵਿੱਚ 35 ਕਰੋੜ 23 ਲੱਖ ਰੁਪਏ ਦੀ ਲਾਗਤ ਨਾਲ ਹੋਰ 249 ਕਿਲੋਮੀਟਰ ਤੋਂ ਵੱਧ ਲਿੰਕ ਸੜਕਾਂ ਦਾ ਕੰਮ ਵੀ ਚੱਲ ਰਿਹਾ ਹੈ।
‘ਆਪ’ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ।ਇਸ ਮੌਕੇ ਹਲਕਾ ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁੰਨ, ਜਸਬੀਰ ਸਿੰਘ ਢਿਲੋ ਸੁਰਸਿੰਘ ,ਚੇਅਰਮੈਨ ਗੁਰਦੇਵ ਸਿੰਘ ਲਾਖਣਾ, ਚੇਅਰਮੈਨ ਗੁਰਵਿੰਦਰ ਸਿੰਘ ਬਹਿੜਵਾਲ, ਚੇਅਰਮੈਨ ਭਾਗਵਤ ਸਿੰਘ ਕੰਬੋਕੇ, ਹੀਰਾ ਸਿੰਘ ਪੀ.ਏ., ਹਰਵਿੰਦਰ ਸਿੰਘ ਬੁਰਜ, ਸਰਪੰਚ ਸੁੱਖਾ ਸਿੰਘ ਨਾਰਲੀ ਆਦਿ ਹਾਜ਼ਰ ਸਨ। ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-


