ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਗੁਰਮਤਿ ਸਮਾਗਮ

4919717
Total views : 5905500

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ /ਬਾਰਡਰ ਨਿਊਜ ਸਰਵਿਸ 
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਆਯੋਜਨ ਕੀਤਾ ਗਿਆ। ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀਆਂ ਵੱਲੋਂ ਵੱਡੀ ਗਿਣਤੀ ਵਿੱਚ ਆਈ ਸੰਗਤ ਨੂੰ ਇਲਾਹੀ ਬਾਣੀ ਦੇ ਕੀਰਤਨ ਨਾਲ ਨਿਹਾਲ ਕੀਤਾ ਗਿਆ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਅਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਇਤਿਹਾਸਕ ਮਹੱਤਤਾ ਉਜਾਗਰ ਕੀਤੀ। ਉਨ੍ਹਾਂ ਸਮੂਹ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤ, ਖਾਲਸਾ ਪੰਥ ਅਤੇ ਵਿਸ਼ਵ ਭਰ ਦੀ ਸੰਗਤ ਨੂੰ ਸਿਰਜਣਾ ਦਿਵਸ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ।

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸੰਨ 1606 ਈਸਵੀ ਵਿੱਚ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਉਸ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਕੀਤੀ, ਜਦੋਂ ਦਿੱਲੀ ਦਾ ਤਖ਼ਤ ਜਬਰ ਅਤੇ ਜ਼ੁਲਮ ਦਾ ਪ੍ਰਤੀਕ ਬਣਿਆ ਹੋਇਆ ਸੀ ਅਤੇ ਲੋਕਾਂ ਦੀ ਦੁਨਿਆਵੀ ਤਖ਼ਤਾਂ ਤੋਂ ਇਨਸਾਫ਼ ਦੀ ਉਮੀਦ ਖ਼ਤਮ ਹੋ ਰਹੀ ਸੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਦਾ ਮਕਸਦ ਸਿੱਖ ਕੌਮ ਨੂੰ ਧਾਰਮਿਕ, ਸਮਾਜਿਕ ਅਤੇ ਰਾਜਸੀ ਪੱਖੋਂ ਸਹੀ ਦਿਸ਼ਾ ਅਤੇ ਅਗਵਾਈ ਪ੍ਰਦਾਨ ਕਰਨਾ ਸੀ।

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿਰਫ਼ ਸਿੱਖ ਕੌਮ ਦਾ ਹੀ ਨਹੀਂ, ਸਗੋਂ ਪੂਰੀ ਮਨੁੱਖਤਾ ਲਈ ਹੱਕ, ਸੱਚ ਅਤੇ ਇਨਸਾਫ਼ ਦਾ ਪ੍ਰਤੀਕ ਹੈ। ਇੱਥੇ ਹਰ ਫ਼ਰਿਆਦੀ ਦੀ ਗੱਲ ਸੁਣੀ ਜਾਂਦੀ ਹੈ ਅਤੇ ਇਨਸਾਫ਼ ਦੇ ਅਸੂਲਾਂ ‘ਤੇ ਫ਼ੈਸਲੇ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਦੇ ਝੂਲਦੇ ਨਿਸ਼ਾਨ ਸਾਹਿਬ ਇਸ ਗੱਲ ਦੀ ਗਵਾਹੀ ਦਿੰਦੇ ਹਨ ਕਿ ਸਿੱਖ ਧਰਮ ਵਿੱਚ ਰੂਹਾਨੀਅਤ ਅਤੇ ਸੰਸਾਰਕ ਜ਼ਿੰਮੇਵਾਰੀਆਂ ਦੋਵੇਂ ਇੱਕਸਾਰ ਮਹੱਤਵ ਰੱਖਦੀਆਂ ਹਨ।

ਗਿਆਨੀ ਗੜਗੱਜ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਸਿੱਖ ਕੌਮ ਨੂੰ ਵੰਡਣ ਦੀਆਂ ਕੋਸ਼ਿਸ਼ਾਂ ਕਰਨ ਵਾਲੀਆਂ ਤਾਕਤਾਂ ਤੋਂ ਸੁਚੇਤ ਰਹਿੰਦਿਆਂ ਸਾਰੇ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਇਕਜੁੱਟ ਹੋਣ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਸਾਂਝੇ ਪਰਿਵਾਰ ਨੂੰ ਮਜ਼ਬੂਤ ਕਰਨਾ ਅਤੇ ਆਉਣ ਵਾਲੀਆਂ ਚੁਣੌਤੀਆਂ ਦਾ ਸਾਹਮਣਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵੋਚਤਾ ਨੂੰ ਮੰਨਦਿਆਂ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ।

ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਕਈ ਵਾਰ ਦੁਨਿਆਵੀ ਅਦਾਲਤਾਂ ਅਤੇ ਪ੍ਰਣਾਲੀਆਂ ਇਨਸਾਫ਼ ਦੇਣ ਵਿੱਚ ਦੇਰੀ ਕਰਦੀਆਂ ਹਨ ਜਾਂ ਨਾਕਾਮ ਰਹਿੰਦੀਆਂ ਹਨ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਹਮੇਸ਼ਾ ਹੱਕ ਅਤੇ ਸੱਚ ਦੀ ਆਵਾਜ਼ ਬੁਲੰਦ ਕਰਦਾ ਆਇਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਨਿਰਦੋਸ਼ ਨਾਲ ਜ਼ੁਲਮ ਕਰਨਾ ਜਾਂ ਫ਼ਰਜ਼ੀ ਮੁਕਾਬਲਿਆਂ ਰਾਹੀਂ ਜਾਨ ਲੈਣਾ ਮਨੁੱਖਤਾ ਦੇ ਖ਼ਿਲਾਫ਼ ਹੈ ਅਤੇ ਹਰ ਹਾਲਤ ਵਿੱਚ ਨਿਆਂ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।

ਅੰਤ ਵਿੱਚ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਮੁੱਚੀ ਮਨੁੱਖਤਾ ਨੂੰ ਭਾਈਚਾਰੇ, ਆਪਸੀ ਪਿਆਰ ਅਤੇ “ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ” ਦੇ ਸਿਧਾਂਤ ‘ਤੇ ਚੱਲਣ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਸਾਰਿਆਂ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਸਰਬੱਤ ਦੇ ਭਲੇ ਲਈ ਯਤਨ ਕਰਨ ਦੀ ਅਪੀਲ ਕੀਤੀ।  ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News