





Total views : 5907633







Total views : 5907633ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਪਾਕਿਸਤਾਨ ਨਾਲ ਜੁੜੇ ਇੱਕ ਅੰਤਰਰਾਸ਼ਟਰੀ ਡਰੱਗ ਕਾਰਟਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਹੁਣ ਤੱਕ 8 ਕਿਲੋ 378 ਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕਰਕੇ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਵਿੱਚ ਇੱਕ ਜੁਵੇਨਾਈਲ ਵੀ ਸ਼ਾਮਲ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਬੀ.ਏ. ਪਾਸ ਹੈ ਪਿੰਡ ਖਾਸਾ ਦਾ 28 ਸਾਲਾ ਨੌਜਵਾਨ ਮੁੱਖ ਮੁਲਜ਼ਮ ਲਵਪ੍ਰੀਤ ਸਿੰਘ

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਇਹ ਕਾਰਵਾਈ ਇੰਟੈਲੀਜੈਂਸ ਅਧਾਰਿਤ ਆਪ੍ਰੇਸ਼ਨ ਤਹਿਤ ਕੀਤੀ ਗਈ। ਪਹਿਲੇ ਪੜਾਅ ਵਿੱਚ ਥਾਣਾ ਛਾਟਾ ਦੀ ਪੁਲਿਸ ਨੇ ਲਵਪ੍ਰੀਤ ਸਿੰਘ ਉਰਫ਼ ਲਵ ਅਤੇ ਇੱਕ ਜੁਵੇਨਾਈਲ ਨੂੰ ਗ੍ਰਿਫ਼ਤਾਰ ਕਰਕੇ 2 ਕਿਲੋ ਹੈਰੋਇਨ ਬਰਾਮਦ ਕੀਤੀ। ਪੁੱਛਗਿੱਛ ਦੌਰਾਨ ਮਿਲੀ ਜਾਣਕਾਰੀ ਦੇ ਆਧਾਰ ‘ਤੇ ਪੁਲਿਸ ਨੇ ਹੋਰ 3 ਕਿਲੋ 10 ਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।
ਇਸ ਤਰ੍ਹਾਂ ਪਹਿਲੇ ਆਪ੍ਰੇਸ਼ਨ ਵਿੱਚ ਕੁੱਲ 5 ਕਿਲੋ 10 ਗ੍ਰਾਮ ਹੈਰੋਇਨ ਹੱਥ ਲੱਗੀ। ਇਸ ਤੋਂ ਬਾਅਦ ਜਾਂਚ ਨੂੰ ਅੱਗੇ ਵਧਾਉਂਦਿਆਂ ਪੁਲਿਸ ਨੇ ਇੱਕ ਹੋਰ ਆਪ੍ਰੇਸ਼ਨ ਚਲਾਇਆ, ਜਿਸ ਦੌਰਾਨ 3 ਕਿਲੋ 368 ਗ੍ਰਾਮ ਹੈਰੋਇਨ ਹੋਰ ਬਰਾਮਦ ਕੀਤੀ ਗਈ। ਇਸ ਨਾਲ ਕੁੱਲ ਬਰਾਮਦਗੀ 8 ਕਿਲੋ 378 ਗ੍ਰਾਮ ਹੈਰੋਇਨ ਤੱਕ ਪਹੁੰਚ ਗਈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੁਲਜ਼ਮ ਲਵਪ੍ਰੀਤ ਸਿੰਘ ਖਾਸਾ ਪਿੰਡ ਦਾ 28 ਸਾਲਾ ਬੀ.ਏ. ਪਾਸ ਨੌਜਵਾਨ ਹੈ, ਜਿਸ ਖ਼ਿਲਾਫ਼ ਪਹਿਲਾਂ ਕੋਈ ਅਪਰਾਧਿਕ ਮਾਮਲਾ ਦਰਜ ਨਹੀਂ ਸੀ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਅਤੇ ਰਾਤੋ-ਰਾਤ ਅਮੀਰ ਬਣਨ ਦੀ ਸੋਚ ਕਾਰਨ ਕਈ ਨੌਜਵਾਨ ਨਸ਼ਾ ਤਸਕਰਾਂ ਦੇ ਜਾਲ ਵਿੱਚ ਫਸ ਰਹੇ ਹਨ।
ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਪਾਕਿਸਤਾਨ ਅਧਾਰਿਤ ਸਮੱਗਲਰ ਡਰੋਨਾਂ ਰਾਹੀਂ ਭਾਰਤੀ ਸਰਹੱਦ ਅੰਦਰ ਪਹਿਲਾਂ ਤੋਂ ਤੈਅ ਕੀਤੀਆਂ ਥਾਵਾਂ ‘ਤੇ ਹੈਰੋਇਨ ਸੁੱਟਦੇ ਸਨ, ਜਿੱਥੋਂ ਸਥਾਨਕ ਨੌਜਵਾਨ ਇਸ ਨੂੰ ਚੁੱਕ ਕੇ ਅੱਗੇ ਸਪਲਾਈ ਕਰਦੇ ਸਨ। ਪੁਲਿਸ ਨੇ ਕਿਹਾ ਕਿ ਇਸ ਗਿਰੋਹ ਨਾਲ ਜੁੜੇ ਹੋਰ ਕਈ ਲੋਕਾਂ ਦੀ ਪਛਾਣ ਹੋ ਚੁੱਕੀ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮਾਪਿਆਂ ਅਤੇ ਸਮਾਜ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਸਹੀ ਕਾਊਂਸਲਿੰਗ ਕਰਨ ਤਾਂ ਜੋ ਉਹ ਨਸ਼ਾ ਤਸਕਰਾਂ ਦੇ ਝਾਂਸੇ ਵਿੱਚ ਨਾ ਆਉਣ। ਉਨ੍ਹਾਂ ਕਿਹਾ ਕਿ ਗੁਆਂਢੀ ਮੁਲਕ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਰਾਹੀਂ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਜਿਸ ਦਾ ਮੁਕਾਬਲਾ ਸਮਾਜ ਅਤੇ ਪੁਲਿਸ ਨੂੰ ਮਿਲ ਕੇ ਕਰਨਾ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮਾਮਲੇ ਦੀ ਜਾਂਚ ਅਜੇ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੱਡੇ ਖੁਲਾਸੇ ਅਤੇ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-