





Total views : 5916180







Total views : 5916180ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਛੇਹਰਟਾ ਫਾਟਕ ’ਤੇ ਲੰਬੇ ਸਮੇਂ ਤੋਂ ਚੱਲ ਰਹੀ ਟ੍ਰੈਫਿਕ ਸਮੱਸਿਆ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਛੇਹਰਟਾ ਫਾਟਕ ’ਤੇ ਫਲਾਈਓਵਰ ਬਣਾਇਆ ਜਾਵੇ ਜਾਂ ਟ੍ਰੈਫਿਕ ਦੀ ਸਮੱਸਿਆ ਦੇ ਸਥਾਈ ਹੱਲ ਲਈ ਕੋਈ ਹੋਰ ਢੁਕਵਾਂ ਬਦਲਵਾਂ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਇਹ ਵੀ ਸੁਝਾਅ ਦਿੱਤਾ ਕਿ ਜੇਕਰ ਛੇਹਰਟਾ ਫਾਟਕ ’ਤੇ ਫਲਾਈਓਵਰ ਤਕਨੀਕੀ ਕਾਰਨਾਂ ਕਰਕੇ ਸੰਭਵ ਨਾ ਹੋਵੇ ਤਾਂ ਨੇੜਲੇ ਗੁਮਾਨਪੁਰਾ ਫਾਟਕ ਨੂੰ ਵੀ ਇਸ ਯੋਜਨਾ ਲਈ ਵਿਚਾਰਿਆ ਜਾਵੇ।
ਵਿਧਾਨ ਸਭਾ ਵਿੱਚ ਪ੍ਰਸ਼ਨ ਦੇ ਜਵਾਬ ਦੌਰਾਨ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੀਤਾ ਐਲਾਨ
ਵਿਧਾਨ ਸਭਾ ਵਿੱਚ ਆਪਣਾ ਪੱਖ ਰੱਖਦਿਆਂ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਇਹ ਸੜਕ ਧਾਰਮਿਕ ਅਤੇ ਇਤਿਹਾਸਕ ਪੱਖੋਂ ਬਹੁਤ ਮਹੱਤਵਪੂਰਨ ਹੈ। ਇਹ ਮਾਰਗ ਗੁਰਦੁਆਰਾ ਛੇਹਰਟਾ ਸਾਹਿਬ ਤੋਂ ਸ਼ੁਰੂ ਹੋ ਕੇ ਗੁਰੂ ਕੀ ਵਡਾਲੀ (ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜਨਮ ਅਸਥਾਨ), ਬਾਸਰਕੇ ਗਿੱਲਾਂ (ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦਾ ਜਨਮ ਅਸਥਾਨ) ਅਤੇ ਅੱਗੇ ਬੀੜ ਬਾਬਾ ਬੁੱਢਾ ਸਾਹਿਬ ਤੱਕ ਜਾਂਦਾ ਹੈ। ਇਸ ਕਾਰਨ ਇਸ ਰੂਟ ’ਤੇ ਹਰ ਰੋਜ਼ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਅਤੇ ਆਮ ਲੋਕਾਂ ਦੀ ਆਵਾਜਾਈ ਰਹਿੰਦੀ ਹੈ।
ਉਨ੍ਹਾਂ ਕਿਹਾ ਕਿ ਛੇਹਰਟਾ ਰੇਲਵੇ ਫਾਟਕ ਬੰਦ ਹੋਣ ਸਮੇਂ ਲੰਬੇ ਟ੍ਰੈਫਿਕ ਜਾਮ ਲੱਗ ਜਾਂਦੇ ਹਨ, ਜਿਸ ਕਾਰਨ ਕਰੀਬ 25 ਪਿੰਡਾਂ ਦੇ ਲੋਕਾਂ ਨੂੰ ਰੋਜ਼ਾਨਾ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਮੱਸਿਆ ਦੇ ਸਥਾਈ ਹੱਲ ਲਈ ਸਰਕਾਰ ਵੱਲੋਂ ਤੁਰੰਤ ਕਾਰਵਾਈ ਕੀਤੇ ਜਾਣ ਦੀ ਲੋੜ ਹੈ।
ਡਾ. ਜਸਬੀਰ ਸਿੰਘ ਸੰਧੂ ਦੇ ਪ੍ਰਸ਼ਨ ਦਾ ਜਵਾਬ ਦਿੰਦਿਆਂ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਨੇ ਵਿਧਾਨ ਸਭਾ ਵਿੱਚ ਐਲਾਨ ਕੀਤਾ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਇੱਕ ਹਫ਼ਤੇ ਦੇ ਅੰਦਰ ਲੋਕ ਨਿਰਮਾਣ ਵਿਭਾਗ, ਮੰਡੀ ਬੋਰਡ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੀ ਇੱਕ ਸਾਂਝੀ ਕਮੇਟੀ ਗਠਿਤ ਕੀਤੀ ਜਾਵੇਗੀ। ਇਹ ਕਮੇਟੀ ਡਾ. ਜਸਬੀਰ ਸਿੰਘ ਸੰਧੂ ਦੀ ਅਗਵਾਈ ਹੇਠ ਮੀਟਿੰਗ ਕਰੇਗੀ ਅਤੇ ਫਲਾਈਓਵਰ ਜਾਂ ਹੋਰ ਢੁਕਵੇਂ ਹੱਲ ਨਾਲ ਸਬੰਧਤ ਤਕਨੀਕੀ, ਪ੍ਰਸ਼ਾਸਨਿਕ, ਜ਼ਮੀਨ ਐਕਵਾਇਰ ਕਰਨ ਅਤੇ ਯੂਟਿਲਿਟੀ ਸ਼ਿਫਟਿੰਗ ਸਮੇਤ ਸਾਰੇ ਪਹਿਲੂਆਂ ਦਾ ਵਿਸਥਾਰ ਨਾਲ ਅਧਿਐਨ ਕਰਕੇ ਆਪਣੀ ਰਿਪੋਰਟ ਪੇਸ਼ ਕਰੇਗੀ।
ਡਾ. ਜਸਬੀਰ ਸਿੰਘ ਸੰਧੂ ਨੇ ਸਰਕਾਰ ਦੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਅੰਮ੍ਰਿਤਸਰ ਪੱਛਮੀ ਦੇ ਲੋਕਾਂ ਨਾਲ ਜੁੜੇ ਹਰ ਮੁੱਦੇ ਨੂੰ ਵਿਧਾਨ ਸਭਾ ਅਤੇ ਸਰਕਾਰ ਅੱਗੇ ਪੂਰੀ ਦ੍ਰਿੜਤਾ ਨਾਲ ਉਠਾਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਛੇਹਰਟਾ-ਗੁਮਾਨਪੁਰਾ ਫਾਟਕ ਦੀ ਟ੍ਰੈਫਿਕ ਸਮੱਸਿਆ ਦਾ ਜਲਦ ਤੋਂ ਜਲਦ ਸਥਾਈ ਹੱਲ ਯਕੀਨੀ ਬਣਾਉਣ ਲਈ ਉਹ ਲਗਾਤਾਰ ਯਤਨਸ਼ੀਲ ਰਹਿਣਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
==-
