





Total views : 5946354







Total views : 5946354ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸ਼ਹਿਰ ਵਿੱਚ ਹੜਕੰਪ ਮਚ ਗਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਅੰਮ੍ਰਿਤਸਰ ਪੁਲਿਸ ਤੁਰੰਤ ਹਰਕਤ ਵਿੱਚ ਆ ਗਈ ਅਤੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ। ਇਸ ਸੰਵੇਦਨਸ਼ੀਲ ਮਾਮਲੇ ’ਤੇ ਸਥਿਤੀ ਸਪੱਸ਼ਟ ਕਰਦਿਆਂ ਅੰਮ੍ਰਿਤਸਰ ਦੇ ਡੀਸੀਪੀ ਜੁਗਰਾਜ ਸਿੰਘ ਨੇ ਮੀਡੀਆ ਨਾਲ ਗੱਲਬਾਤ ਕੀਤੀ ਅਤੇ ਮਾਪਿਆਂ ਤੇ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਜਾਂ ਅਫਵਾਹਾਂ ਵਿੱਚ ਨਾ ਆਉਣ ਦੀ ਅਪੀਲ ਕੀਤੀ।
ਮਾਪੇ ਤੇ ਵਿਦਿਆਰਥੀ ਬਿਲਕੁਲ ਨਾ ਘਬਰਾਉਣ ਪੁਲਿਸ ਹਰ ਸਮੇ ਉਨਾਂ ਦੀ ਸਰੁੱਖਿਆ ਲਈ ਮੁਸ਼ਤੈਦ
ਡੀਸੀਪੀ ਜੁਗਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਧਮਕੀ ਭਰੀ ਈਮੇਲ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਅਲਰਟ ਮੋਡ ’ਤੇ ਹੈ। ਉਨ੍ਹਾਂ ਖੁਦ ਕਈ ਪ੍ਰਮੁੱਖ ਸਕੂਲਾਂ ਦਾ ਦੌਰਾ ਕੀਤਾ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ ਦੇ ਵੱਖ-ਵੱਖ ਸੀਨੀਅਰ ਅਧਿਕਾਰੀਆਂ ਨੂੰ ਵੀ ਵੱਖਰੇ ਸਕੂਲਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਅਤੇ ਸਾਰੇ ਅਧਿਕਾਰੀ ਗਰਾਊਂਡ ਪੱਧਰ ’ਤੇ ਜਾ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ।ਸਕੂਲਾਂ ਵਿੱਚ ਛੁੱਟੀ ਕੀਤੇ ਜਾਣ ਅਤੇ ਮਾਪਿਆਂ ਵਿੱਚ ਪੈਦਾ ਹੋਏ ਡਰ ਸਬੰਧੀ ਪੁੱਛੇ ਸਵਾਲ ’ਤੇ ਡੀਸੀਪੀ ਨੇ ਸਪੱਸ਼ਟ ਕੀਤਾ ਕਿ ਕਈ ਸਕੂਲਾਂ ਵਿੱਚ ਸਥਿਤੀ ਆਮ ਹੈ, ਕਲਾਸਾਂ ਸੁਚਾਰੂ ਢੰਗ ਨਾਲ ਚੱਲ ਰਹੀਆਂ ਹਨ ਅਤੇ ਬੱਚੇ ਆਪਣੀ ਪੜ੍ਹਾਈ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਤੱਤਾਂ ਵੱਲੋਂ ਈਮੇਲ ਭੇਜ ਕੇ ਦਹਿਸ਼ਤ ਅਤੇ ਅਫਵਾਹਾਂ ਫੈਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਦੀ ਪੁਲਿਸ ਵੱਲੋਂ ਸਖ਼ਤ ਨਿੰਦਾ ਕੀਤੀ ਜਾਂਦੀ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜਾਂਚ ਅਤੇ ਮੁਆਇਨੇ ਦੌਰਾਨ ਕਿਸੇ ਵੀ ਸਕੂਲ ਤੋਂ ਕੋਈ ਸ਼ੱਕੀ ਵਸਤੂ ਜਾਂ ਖਤਰਾ ਸਾਹਮਣੇ ਨਹੀਂ ਆਇਆ।
ਡੀਸੀਪੀ ਨੇ ਮਾਪਿਆਂ ਅਤੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਪੁਲਿਸ ਅਤੇ ਪੰਜਾਬ ਪੁਲਿਸ ਨਾਗਰਿਕਾਂ ਅਤੇ ਬੱਚਿਆਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਤਾਇਨਾਤ ਹੈ। ਬੱਚਿਆਂ ਦੇ ਭਵਿੱਖ ਅਤੇ ਸਿੱਖਿਆ ਦੇ ਮਾਹੌਲ ਨੂੰ ਸੁਰੱਖਿਅਤ ਰੱਖਣਾ ਪੁਲਿਸ ਦੀ ਮੁੱਖ ਜ਼ਿੰਮੇਵਾਰੀ ਹੈ। ਇਸ ਲਈ ਕਿਸੇ ਨੂੰ ਵੀ ਡਰਨ ਦੀ ਲੋੜ ਨਹੀਂ ਹੈ।
ਮਾਮਲੇ ਦੀ ਜਾਂਚ ਸਬੰਧੀ ਉਨ੍ਹਾਂ ਦੱਸਿਆ ਕਿ ਡੀਸੀਪੀ ਇਨਵੈਸਟੀਗੇਸ਼ਨ ਸ: ਪ੍ਰਭੋਜਤ ਸਿੰਘ ਵਿਰਕ ਅਤੇ ਉਨ੍ਹਾਂ ਦੀਆਂ ਵਿਸ਼ੇਸ਼ ਟੀਮਾਂ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਤਕਨੀਕੀ ਅਤੇ ਸਾਈਬਰ ਪਹਿਲੂਆਂ ’ਤੇ ਵੀ ਬਾਰੀਕੀ ਨਾਲ ਕੰਮ ਚੱਲ ਰਿਹਾ ਹੈ, ਤਾਂ ਜੋ ਧਮਕੀ ਭਰੀਆਂ ਈਮੇਲਾਂ ਭੇਜਣ ਵਾਲੇ ਮੂਲ ਸਰੋਤ ਅਤੇ ਇਸ ਦੇ ਪਿੱਛੇ ਸ਼ਾਮਲ ਸਮਾਜ ਵਿਰੋਧੀ ਤੱਤਾਂ ਦਾ ਪਤਾ ਲਗਾਇਆ ਜਾ ਸਕੇ।
ਪਹਿਲਾਂ ਅਜਿਹੇ ਮਾਮਲਿਆਂ ਵਿੱਚ ਹੋਈਆਂ ਗ੍ਰਿਫ਼ਤਾਰੀਆਂ ਦਾ ਜ਼ਿਕਰ ਕਰਦਿਆਂ ਡੀਸੀਪੀ ਜੁਗਰਾਜ ਸਿੰਘ ਨੇ ਭਰੋਸਾ ਦਿੱਤਾ ਕਿ ਪੁਲਿਸ ਬਹੁਤ ਜਲਦ ਇਸ ਮਾਮਲੇ ਨੂੰ ਸੁਲਝਾ ਲਵੇਗੀ। ਜਾਂਚ ਦੌਰਾਨ ਜਿਸ ਕਿਸੇ ਦਾ ਵੀ ਨਾਮ ਜਾਂ ਭੂਮਿਕਾ ਸਾਹਮਣੇ ਆਵੇਗੀ, ਉਸ ਖ਼ਿਲਾਫ਼ ਕਾਨੂੰਨ ਤਹਿਤ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

