ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਬੰਦੀ ਛੋੜ ਦਿਵਸ ਮੌਕੇ ਕੌਮ ਦੇ ਨਾਂ ਸੰਦੇਸ਼ ‘ਚ ਖ਼ਾਲਸਾ ਪੰਥ ਨੂੰ ਇਕਜੁੱਟ ਹੋਣ ਦਾ ਦਿੱਤਾ ਗਿਆ ਆਦੇਸ਼

4965888
Total views : 5969935

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਸ੍ਰੀ ਅੰਮ੍ਰਿਤਸਰ/ ਬਾਰਡਰ ਨਿਊਜ ਸਰਵਿਸ 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀਛੋੜ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਜਿਥੇ ਦੇਸ਼-ਵਿਦੇਸ਼ ਦੀਆਂ ਲੱਖਾਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ, ਉਥੇ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਬਾਬਾ ਨਿਹਾਲ ਸਿੰਘ ਤਰਨਾ ਦਲ ਹਰੀਆਂ ਵੇਲਾਂ, ਦਲ ਪੰਥ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾ ਦਲ ਬਾਬਾ ਬਕਾਲਾ ਦੇ ਮੁਖੀ ਬਾਬਾ ਜੋਗਾ ਸਿੰਘ, ਬਾਬਾ ਮੇਜਰ ਸਿੰਘ ਸੋਢੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਸ਼ਮੂਲੀਅਤ ਕੀਤੀ। ਬੰਦੀ ਛੋੜ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਗੁਰਮਤਿ ਸਮਾਗਮਾਂ ਦੌਰਾਨ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਜਥਿਆਂ, ਪ੍ਰਚਾਰਕਾਂ ਅਤੇ ਕਵੀਆਂ ਨੇ ਗੁਰਬਾਣੀ ਕੀਰਤਨ ਅਤੇ ਇਤਿਹਾਸ ਦੁਆਰਾ ਸੰਗਤ ਨਾਲ ਸਾਂਝ ਪਾਈ।
ਇਸੇ ਦੌਰਾਨ ਪ੍ਰੰਪਰਾ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਸਿੱਖ ਪੰਥ ਦੇ ਨਾਂ ਸੰਦੇਸ਼ ਦਿੰਦਿਆਂ ਪੰਥਕ ਏਕਤਾ, ਬੰਦੀ ਸਿੰਘਾਂ ਦੀ ਰਿਹਾਈ, ਸਿੱਖ ਸੰਸਥਾਵਾਂ ਦੀ ਮਜ਼ਬੂਤੀ ਅਤੇ ਸਿੱਖੀ ਸਿਧਾਂਤਾਂ ’ਤੇ ਪਹਿਰਾ ਦੇਣ ਦਾ ਸੱਦਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਬੰਦੀ ਛੋੜ ਦਿਵਸ ਸਾਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਗਵਾਲੀਅਰ ਦੇ ਕਿਲ੍ਹੇ ਵਿੱਚੋਂ 52 ਰਾਜਿਆਂ ਨੂੰ ਰਿਹਾਅ ਕਰਵਾਉਣ ਦੀ ਇਤਿਹਾਸਕ ਘਟਨਾ ਦੀ ਯਾਦ ਦਿਵਾਉਂਦਾ ਹੈ। ਇਸ ਦਿਹਾੜੇ ’ਤੇ ਸਿੱਖ ਸੰਗਤ ਗੁਰੂ ਸਾਹਿਬ ਨਾਲ ਜੁੜਨ, ਗੁਰਬਾਣੀ ਅਨੁਸਾਰ ਜੀਵਨ ਜਿਊਣ ਅਤੇ ਸਾਰੇ ਬੰਧਨਾਂ ਤੋਂ ਮੁਕਤ ਹੋਣ ਦਾ ਸੰਕਲਪ ਕਰੇ। 

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਲਾਮਬੰਦੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਪ੍ਰੋਗਰਾਮ ਉਲੀਕਣ ਦੀ ਲੋੜ ’ਤੇ ਜ਼ੋਰ


ਜਥੇਦਾਰ ਗੜਗੱਜ ਨੇ ਕਿਹਾ ਕਿ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਲਈ ਪੰਥ ਨੂੰ ਇਕਜੁੱਟ ਹੋ ਕੇ ਆਵਾਜ਼ ਉਠਾਉਣੀ ਚਾਹੀਦੀ ਹੈ। ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਭਾਈ ਜਗਤਾਰ ਸਿੰਘ ਹਵਾਰਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਪਰਮਜੀਤ ਸਿੰਘ ਭਿਓਰਾ, ਭਾਈ ਗੁਰਦੀਪ ਸਿੰਘ ਖੇੜਾ ਅਤੇ ਪ੍ਰੋ. ਦੇਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਸੁਹਿਰਦਤਾ ਨਾ ਦਿਖਾਉਣ ਦੀ ਸੂਰਤ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਮੁੱਚੇ ਪੰਥ ਦੇ ਸਹਿਯੋਗ ਨਾਲ ਵਿਸ਼ੇਸ਼ ਪ੍ਰੋਗਰਾਮ ਉਲੀਕਣਾ ਚਾਹੀਦਾ ਹੈ।
ਸੰਦੇਸ਼ ਦੇ ਅੰਤ ਵਿੱਚ ਗਿਆਨੀ ਕੁਲਦੀਪ ਸਿੰਘ ਨੇ ਸਿੱਖ ਸੰਗਤ ਨੂੰ ਦੇਹਧਾਰੀ ਡੰਮਾਂ ਅਤੇ ਵਹਿਮਾਂ-ਭਰਮਾਂ ਤੋਂ ਦੂਰ ਰਹਿ ਕੇ ਕੇਵਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਆਪਣਾ ਗੁਰੂ ਮੰਨਣ, ਗੁਰਬਾਣੀ ਨਾਲ ਜੁੜਨ ਅਤੇ ਚੜ੍ਹਦੀ ਕਲਾ ਵਿੱਚ ਰਹਿੰਦਿਆਂ ਸਮੁੱਚੀਆਂ ਚੁਣੌਤੀਆਂ ਦਾ ਇਕ ਪਰਿਵਾਰ ਵਾਂਗ ਸਾਹਮਣਾ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਵੀ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਗੁਰਮਤਿ ਅਨੁਸਾਰੀ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕੀਤੀ।
ਇਸੇ ਦੌਰਾਨ ਚੱਲਦੀ ਪਰੰਪਰਾ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬ ਜਥੇਦਾਰ ਗਿਆਨੀ ਟੇਕ ਸਿੰਘ ਨੇ ਨਿਹੰਗ ਸਿੰਘ ਜਥੇਬੰਦੀਆਂ ਦਾ ਸਨਮਾਨ ਕੀਤਾ।
ਬੰਦੀ ਛੋੜ ਦਿਵਸ ਸਮਾਗਮਾਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਇੰਜੀ ਸੁਖਮਿੰਦਰ ਸਿੰਘ, ਨਿੱਜੀ ਸਕੱਤਰ ਸ. ਸਾਹਬਾਜ਼ ਸਿੰਘ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਸ. ਜਸਵਿੰਦਰ ਸਿੰਘ ਜੱਸੀ, ਸ. ਬਿਜੈ ਸਿੰਘ, ਸ. ਤਜਿੰਦਰ ਸਿੰਘ ਪੱਡਾ, ਸ. ਪ੍ਰੀਤਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਗੁਰਦਿਆਲ ਸਿੰਘ, ਸ. ਸੁਖਬੀਰ ਸਿੰਘ, ਸ. ਮਨਜੀਤ ਸਿੰਘ ਤਲਵੰਡੀ, ਸ. ਅਜਾਦ ਦੀਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜ਼ਰ ਸਿੰਘ, ਮੈਨੇਜਰ ਸ. ਜਤਿੰਦਰਪਾਲ ਸਿੰਘ, ਸ. ਰਜਿੰਦਰ ਸਿੰਘ ਰੂਬੀ, ਸ. ਨਰਿੰਦਰ ਸਿੰਘ, ਸ. ਸਤਿੰਦਰ ਸਿੰਘ, ਇੰਚਾਰਜ ਸ. ਬਗੀਚਾ ਸਿੰਘ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਗੁਰਿੰਦਰ ਸਿੰਘ ਦੇਵੀਦਾਸ ਪੁਰਾ, ਸ. ਜਸਬੀਰ ਸਿੰਘ, ਸ. ਯੁਵਰਾਜ ਸਿੰਘ, ਸ. ਗੁਰਵਿੰਦਰ ਸਿੰਘ ਭੋਮਾ, ਸ. ਹਰਵਿੰਦਰ ਸਿੰਘ, ਗਿਆਨੀ ਹਰਮਿੱਤਰ ਸਿੰਘ, ਗਿਆਨੀ ਪ੍ਰੇਮ ਸਿੰਘ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਆਦਿ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News