ਮੁੱਖ ਮੰਤਰੀ ਤੀਰਥ ਯਾਤਰਾ ਵਾਲੀਆਂ ਬੱਸਾਂ ਦੀ ਨੌਸ਼ਹਿਰਾ ਪੰਨੂਆਂ ਨੇੜੇ ਆਹਮੋ ਸਾਹਮਣੇ ਹੋਈ ਟੱਕਰ ‘ਚ 4 ਮੌਤਾਂ ਹੋਣ ਦੀ ਹੋਈ ਪੁਸ਼ਟੀ-16 ਜ਼ਖ਼ਮੀ

4967914
Total views : 5972290

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਤਰਨਤਾਰਨ/ਗੁਰਪ੍ਰੀਤ ਸਿੰਘ ਕੱਦ ਗਿੱਲ

ਜੰਮੂ-ਕਸ਼ਮੀਰ-ਰਾਜਸਥਾਨ ਕੌਮੀ ਮਾਰਗ ’ਤੇ ਨੌਸ਼ਹਿਰਾ ਪੰਨੂਆਂ ਕਸਬੇ ਨੇੜੇ ਸ਼ਨੀਵਾਰ ਸ਼ਾਮ ਕਰੀਬ 5 ਵਜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਚਾਰ ਯਾਤਰੀਆਂ ਦੀ ਮੌਤ ਹੋ ਗਈ, ਜਦਕਿ 16 ਹੋਰ ਯਾਤਰੀ ਜ਼ਖ਼ਮੀ ਹੋ ਗਏ। ਮ੍ਰਿਤਕਾਂ ਵਿੱਚ ਦੋ ਔਰਤਾਂ ਅਤੇ ਦੋ ਪੁਰਸ਼ ਸ਼ਾਮਲ ਹਨ। ਜ਼ਖ਼ਮੀਆਂ ਵਿੱਚੋਂ ਚਾਰ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਇਹ ਦਰਦਨਾਕ ਹਾਦਸਾ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਮੁੱਖ ਮੰਤਰੀ ਤੀਰਥ ਯਾਤਰਾ ਨਾਲ ਸਬੰਧਤ ਦੋ ਬੱਸਾਂ ਦੀ ਆਹਮੋ-ਸਾਹਮਣੇ ਟੱਕਰ ਹੋਣ ਕਾਰਨ ਵਾਪਰਿਆ।

ਜਾਣਕਾਰੀ ਅਨੁਸਾਰ ਇੱਕ ਬੱਸ ਫਿਰੋਜ਼ਪੁਰ ਤੋਂ ਯਾਤਰੀਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨ ਕਰਵਾਉਣ ਲਈ ਲੈ ਕੇ ਜਾ ਰਹੀ ਸੀ, ਜਦਕਿ ਦੂਜੀ ਬੱਸ ਅੰਮ੍ਰਿਤਸਰ ਤੋਂ ਫਿਰੋਜ਼ਪੁਰ ਵੱਲ ਜਾ ਰਹੀ ਸੀ। ਜਦੋਂ ਦੋਵੇਂ ਬੱਸਾਂ ਨੌਸ਼ਹਿਰਾ ਪੰਨੂਆਂ ਨੇੜੇ ਪਹੁੰਚੀਆਂ ਤਾਂ ਅਚਾਨਕ ਇੱਕ ਮੋਟਰਸਾਈਕਲ ਸਵਾਰ ਡਿਵਾਈਡਰ ਪਾਰ ਕਰਨ ਲੱਗਾ। ਉਸ ਨੂੰ ਬਚਾਉਣ ਲਈ ਇੱਕ ਬੱਸ ਦੇ ਚਾਲਕ ਨੇ ਅਚਾਨਕ ਬ੍ਰੇਕ ਲਗਾ ਦਿੱਤੇ। ਇਸੇ ਦੌਰਾਨ ਸਾਹਮਣੇ ਤੋਂ ਆ ਰਹੀ ਦੂਜੀ ਬੱਸ ਨਾਲ ਉਸ ਦੀ ਜ਼ੋਰਦਾਰ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਧਮਾਕੇ ਵਰਗੀ ਆਵਾਜ਼ ਸੁਣਾਈ ਦਿੱਤੀ ਅਤੇ ਬੱਸਾਂ ਵਿੱਚ ਸਵਾਰ ਯਾਤਰੀਆਂ ਵਿੱਚ ਚੀਕ-ਚਿਹਾੜਾ ਮੱਚ ਗਿਆ।

ਮੋਟਰਸਾਈਕਲ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਵਾਪਰਿਆ ਦਰਦਨਾਕ ਹਾਦਸਾ; ਚਾਰ ਗੰਭੀਰ ਜ਼ਖ਼ਮੀਆਂ ਨੂੰ ਅੰਮ੍ਰਿਤਸਰ ਕੀਤਾ ਰੈਫਰ

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਦੀਆਂ ਟੀਮਾਂ ਤੁਰੰਤ ਮੌਕੇ ’ਤੇ ਪਹੁੰਚ ਗਈਆਂ ਅਤੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਜ਼ਖ਼ਮੀਆਂ ਨੂੰ ਐਂਬੂਲੈਂਸਾਂ ਰਾਹੀਂ ਸਿਵਲ ਹਸਪਤਾਲ ਤਰਨਤਾਰਨ ਪਹੁੰਚਾਇਆ ਗਿਆ। ਹਾਦਸੇ ਦੀ ਗੰਭੀਰਤਾ ਨੂੰ ਦੇਖਦਿਆਂ ਸਿਵਲ ਸਰਜਨ ਡਾ. ਸੰਦੀਪ ਧਵਨ ਨੇ ਹਸਪਤਾਲ ਵਿੱਚ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਅਤੇ ਸਾਰੀਆਂ ਐਂਬੂਲੈਂਸਾਂ ਨੂੰ ਘਟਨਾ ਸਥਾਨ ’ਤੇ ਭੇਜਣ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਐਮਰਜੈਂਸੀ ਵਾਰਡ ਵਿੱਚ ਵਾਧੂ ਡਾਕਟਰਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਤਾਂ ਜੋ ਜ਼ਖ਼ਮੀਆਂ ਨੂੰ ਤੁਰੰਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।

ਹਸਪਤਾਲ ਵਿੱਚ ਚਾਰ ਯਾਤਰੀਆਂ ਦੀਆਂ ਲਾਸ਼ਾਂ ਪਹੁੰਚਾਈਆਂ ਗਈਆਂ, ਜਦਕਿ ਜ਼ਖ਼ਮੀਆਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ। ਦੂਜੇ ਪਾਸੇ, ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ ਦੌਰਾਨ ਤਿੰਨ ਐਂਬੂਲੈਂਸਾਂ ਟ੍ਰੈਫਿਕ ਜਾਮ ਵਿੱਚ ਫਸ ਗਈਆਂ, ਜਿਸ ਕਾਰਨ ਰਾਹਤ ਕਾਰਜਾਂ ਵਿੱਚ ਕੁਝ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪਿਆ।

ਮੌਕੇ ’ਤੇ ਪਹੁੰਚੇ ਐੱਸਐੱਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਪੁਲਿਸ ਅਧਿਕਾਰੀਆਂ ਦੀ ਟੀਮ ਨੂੰ ਘਟਨਾ ਸਥਾਨ ’ਤੇ ਭੇਜਿਆ ਗਿਆ ਹੈ ਅਤੇ ਪੁਲਿਸ ਤੇ ਹੋਰ ਸਬੰਧਤ ਟੀਮਾਂ ਰਾਹਤ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਨਿਰਮਲ ਓਸੇਪਚਨ ਨੇ ਦੱਸਿਆ ਕਿ ਹਾਦਸੇ ਵਿੱਚ ਹੁਣ ਤੱਕ ਦੋ ਔਰਤਾਂ ਅਤੇ ਦੋ ਪੁਰਸ਼ਾਂ ਸਮੇਤ ਚਾਰ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ, ਜਦਕਿ 16 ਯਾਤਰੀ ਜ਼ਖ਼ਮੀ ਹੋਏ ਹਨ। ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਤਰਨਤਾਰਨ ਭੇਜਿਆ ਗਿਆ ਹੈ। ਇਨ੍ਹਾਂ ਵਿੱਚੋਂ ਚਾਰ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਅੰਮ੍ਰਿਤਸਰ ਰੈਫਰ ਕੀਤਾ ਗਿਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੁਰੂ ਕਰੋ-

Share this News